ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇੱਕ ਅਹਿਮ ਮਾਮਲੇ ਦੀ ਸੁਣਵਾਈ ਕਰਦਿਆਂ ਟਿੱਪਣੀ ਕੀਤੀ ਹੈ ਕਿ ਆਪਸੀ ਸਹਿਮਤੀ ਵਾਲੇ ਰਿਸ਼ਤੇ ਤੋਂ ਬਾਅਦ ਬ੍ਰੇਕਅੱਪ ਹੋਣਾ ਜਾਂ ਵਿਆਹ ਤੋਂ ਇਨਕਾਰ ਕਰਨਾ ਹਰ ਮਾਮਲੇ ਵਿੱਚ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨਿਆ ਜਾ ਸਕਦਾ। ਇਸੇ ਆਧਾਰ 'ਤੇ ਅਦਾਲਤ ਨੇ ਇੱਕ ਔਰਤ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਛੇ ਵਿਅਕਤੀਆਂ ਖ਼ਿਲਾਫ਼ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ।
ਕੀ ਸੀ ਪੂਰਾ ਮਾਮਲਾ?
ਇਹ ਮਾਮਲਾ ਤੇਲੰਗਾਨਾ ਦੇ ਮੇਦਚਲ-ਮਲਕਾਜਗਿਰੀ ਜ਼ਿਲ੍ਹੇ ਦਾ ਹੈ, ਜਿੱਥੇ ਮ੍ਰਿਤਕਾ ਲਗਭਗ ਤਿੰਨ ਮਹੀਨਿਆਂ ਤੱਕ ਆਪਣੇ ਪ੍ਰੇਮੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹੀ ਸੀ। ਪ੍ਰੇਮੀ ਵੱਲੋਂ ਵਿਆਹ ਤੋਂ ਇਨਕਾਰ ਕਰਨ ਤੋਂ ਬਾਅਦ ਔਰਤ ਨੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਔਰਤ ਦੀ ਭੈਣ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ।
ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਖੁਦਕੁਸ਼ੀ ਤੋਂ ਠੀਕ ਪਹਿਲਾਂ ਔਰਤ ਨੇ ਆਪਣੀ ਵੱਡੀ ਭੈਣ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦੇ ਪ੍ਰੇਮੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਸਿਰਫ਼ ਵਿਆਹ ਤੋਂ ਇਨਕਾਰ ਕਰਨਾ ਦੋਸ਼ੀਆਂ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ੀ ਸਾਬਤ ਕਰਨ ਲਈ ਕਾਫ਼ੀ ਨਹੀਂ ਹੈ, ਕਿਉਂਕਿ ਰਿਕਾਰਡ ਵਿੱਚ ਅਜਿਹਾ ਕੋਈ ਠੋਸ ਸਬੂਤ ਨਹੀਂ ਮਿਲਿਆ ਜਿਸ ਤੋਂ ਇਹ ਸਾਬਤ ਹੋਵੇ ਕਿ ਦੋਸ਼ੀਆਂ ਦਾ ਇਰਾਦਾ ਉਸ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਸੀ।
ਅਦਾਲਤ ਨੇ ਅੱਗੇ ਕਿਹਾ ਕਿ ਹਰ ਵਿਅਕਤੀ ਮੁਸ਼ਕਲ ਸਥਿਤੀਆਂ ਵਿੱਚ ਵੱਖ-ਵੱਖ ਤਰੀਕੇ ਨਾਲ ਪ੍ਰਤੀਕਿਰਿਆ ਦਿੰਦਾ ਹੈ, ਇਸ ਲਈ ਰਿਸ਼ਤਾ ਖਤਮ ਹੋਣ ਤੋਂ ਬਾਅਦ ਚੁੱਕੇ ਗਏ ਅਜਿਹੇ ਕਦਮ ਲਈ ਆਪਣੇ ਆਪ ਦੂਜੇ ਪੱਖ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
NEXT STORY