ਨਵੀਂ ਦਿੱਲੀ — ਦਿੱਲੀ ਹਾਈ ਕੋਰਟ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਸਿੰਗਲ ਬੈਂਚ ਮੰਗਲਵਾਰ ਨੂੰ ਦੁਪਹਿਰ 2.30 ਵਜੇ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਏਗੀ। ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਨੂੰ ਵਿਸਥਾਰ ਨਾਲ ਸੁਣਨ ਤੋਂ ਬਾਅਦ 3 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ- ਏਲੀਅਨਸ਼ਿਪ ਵਰਗਾ ਦਿਖਾਈ ਦਿੰਦੈ ਇਹ ਫਾਈਟਰ ਜੈਟ, ਅਮਰੀਕਾ ਨੇ 40 ਸਾਲ ਪਹਿਲਾਂ ਹੀ ਕਰ ਲਿਆ ਸੀ ਤਿਆਰ
ਕੇਜਰੀਵਾਲ ਨੇ ਕੇਂਦਰੀ ਏਜੰਸੀ ਵੱਲੋਂ ਆਪਣੀ ਗ੍ਰਿਫ਼ਤਾਰੀ ਦੇ ਸਮੇਂ 'ਤੇ ਸਵਾਲ ਚੁੱਕੇ ਹਨ। ਉਸ ਨੇ ਦੋਸ਼ ਲਾਇਆ ਹੈ ਕਿ ਇਹ (ਉਸ ਦੀ ਗ੍ਰਿਫਤਾਰੀ) ਲੋਕਤੰਤਰ, ਆਜ਼ਾਦ ਅਤੇ ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੀ 'ਉਲੰਘਣਾ' ਹੈ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। 1 ਅਪ੍ਰੈਲ ਨੂੰ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਈਡੀ ਨੇ ਕੇਜਰੀਵਾਲ 'ਤੇ ਦਿੱਲੀ ਸ਼ਰਾਬ ਨੀਤੀ 2021-2022 (ਜਿਸ ਨੂੰ ਵਿਵਾਦ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ) ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਕਰੋੜਾਂ ਰੁਪਏ ਕਮਾਉਣ ਦਾ ਮੁੱਖ ਸਾਜ਼ਿਸ਼ਕਰਤਾ ਹੋਣ ਦਾ ਦੋਸ਼ ਲਗਾਇਆ ਹੈ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 17 ਅਗਸਤ, 2022 ਨੂੰ ਸਾਲ 2021-22 ਲਈ ਆਬਕਾਰੀ ਨੀਤੀ (ਸ਼ਰਾਬ ਨੀਤੀ) ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਇਸ ਆਧਾਰ 'ਤੇ ਈਡੀ ਨੇ 22 ਅਗਸਤ 2022 ਨੂੰ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਈਡੀ ਦਾ ਦਾਅਵਾ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਨੇਤਾਵਾਂ, ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਅਤੇ ਹੋਰਾਂ ਨੇ ਗੈਰ-ਕਾਨੂੰਨੀ ਪੈਸਾ ਕਮਾਉਣ ਲਈ 'ਸਾਜ਼ਿਸ਼' ਰਚੀ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਨੇ 2 ਅਪ੍ਰੈਲ ਨੂੰ 'ਆਪ' ਸੰਸਦ ਮੈਂਬਰ ਸ਼੍ਰੀ ਸਿੰਘ ਨੂੰ ਰਾਹਤ ਦਿੱਤੀ ਸੀ। ਸੁਪਰੀਮ ਕੋਰਟ ਨੇ ਉਸ ਨੂੰ ਜ਼ਮਾਨਤ ਦੀ ਇਜਾਜ਼ਤ ਦੇ ਦਿੱਤੀ ਸੀ ਅਤੇ ਸਬੰਧਤ ਵਿਸ਼ੇਸ਼ ਅਦਾਲਤ ਨੂੰ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਹੁਕਮ ਦੇ ਮੱਦੇਨਜ਼ਰ ਰੌਜ਼ ਐਵੇਨਿਊ ਸਥਿਤ ਕਾਬੇਰੀ ਬਵੇਜਾ ਦੀ ਵਿਸ਼ੇਸ਼ ਅਦਾਲਤ ਨੇ 3 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਸ਼ਰਤੀਆ ਰਿਹਾਈ ਦਾ ਹੁਕਮ ਸੁਣਾਇਆ ਸੀ। ਇਸ ਤੋਂ ਬਾਅਦ ਵੀਰਵਾਰ ਰਾਤ ਨੂੰ ਹੀ ਉਸ ਨੂੰ ਰਿਹਾਅ ਕਰ ਦਿੱਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਦੇ ਦਫਤਰ ਦੇ ਬਾਹਰ ਧਰਨੇ ’ਤੇ ਬੈਠੇ ਟੀ. ਐੱਮ. ਸੀ. ਆਗੂ ਪੁਲਸ ਨੇ ਲਏ ਹਿਰਾਸਤ ’ਚ
NEXT STORY