ਨਵੀਂ ਦਿੱਲੀ (ਵਾਰਤਾ)- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਮਸ਼ੀਨਰੀ ਦੀ ਨਿਰਪੱਖਤਾ ਯਕੀਨੀ ਕਰਨ ਦੀ ਦਿਸ਼ਾ 'ਚ ਚੁੱਕੇ ਗਏ ਇਕ ਮਹੱਤਵਪੂਰਨ ਕਦਮ ਦੇ ਅਧੀਨ 6 ਸੂਬਿਆਂ ਦੇ ਗ੍ਰਹਿ ਸਕੱਤਰ ਬਦਲਣ ਦਾ ਆਦੇਸ਼ ਦਿੱਤਾ ਹੈ। ਸੂਤਰਾਂ ਅਨੁਸਾਰ ਕਮਿਸ਼ਨ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਪੁਲਸ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਵੀ ਚੋਣ ਕੰਮ ਤੋਂ ਦੂਰ ਰੱਖਣ ਦਾ ਆਦੇਸ਼ ਦਿੱਤਾ ਹੈ ਅਤੇ ਸੂਬਾ ਸਰਕਾਰ ਨੂੰ ਉਨ੍ਹਾਂ ਦੀ ਜਗ੍ਹਾ ਨਿਯੁਕਤੀ ਲਈ ਤਿੰਨ ਪੁਲਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਹੈ। ਸੂਤਰਾਂ ਨੇ ਦੱਸਿਆ ਕਿ ਕਮਿਸ਼ਨ ਨੇ ਬ੍ਰਹਿਨਮੁੰਬਈ ਮਹਾਨਗਰ ਨਿਗਮ ਦੇ ਕਮਿਸ਼ਨਰ ਅਤੇ ਪ੍ਰਸ਼ਾਸਕ ਇਕਬਾਲ ਸਿੰਘ ਚਹਿਲ ਨੂੰ ਵੀ ਚੋਣ ਕੰਮ ਤੋਂ ਮੁਕਤ ਕਰਨ ਦਾ ਆਦੇਸ਼ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਉੱਤਰ ਪ੍ਰਦੇਸ਼, ਬਿਹਾਰ, ਗੁਜਰਾਤ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਝਾਰਖੰਡ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੇ ਮੌਜੂਦਾ ਗ੍ਰਹਿ ਸਕੱਤਰਾਂ ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ ਦੀ ਜਗ੍ਹਾ ਕਮਿਸ਼ਨ ਦੀ ਨਿਗਰਾਨੀ 'ਚ ਦੂਜੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਕਮਿਸ਼ਨ ਨੇ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਨੂੰ ਉਨ੍ਹਾਂ ਦੇ ਆਮ ਪ੍ਰਸ਼ਾਸਨਿਕ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਬਦਲਣ ਦੇ ਸੰਬੰਧ 'ਚ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਪੱਛਮੀ ਬੰਗਾਲ ਸਰਕਾਰ ਨੂੰ ਪੁਲਸ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਚਾਰਜ ਤੋਂ ਹਟਾ ਕੇ ਗੈਰ-ਚੋਣ ਕੰਮ 'ਚ ਨਿਯੁਕਤ ਕਰਨ ਦਾ ਆਦੇਸ਼ ਦਿੱਤਾ ਹੈ। ਕਮਿਸ਼ਨ ਨੇ ਸੂਬਾ ਸਰਕਾਰ ਨੂੰ ਉਨ੍ਹਾਂ ਦੀ ਜਗ੍ਹਾ ਤਾਇਨਾਤ ਕੀਤੇ ਜਾਣ ਵਾਲੇ ਅਧਿਕਾਰੀ ਦੀ ਚੋਣ ਲਈ ਤਿੰਨ ਪੁਲਸ ਅਧਿਕਾਰੀਆਂ ਦੇ ਨਾਂ ਦੀ ਸੂਚੀ ਭੇਜਣ ਲਈ ਕਿਹਾ ਹੈ। ਸੂਬਾ ਸਰਕਾਰ ਨੂੰ ਇਸ ਸੰਬੰਧ 'ਚ ਕਾਰਵਾਈ ਪੂਰੀ ਕਰਨ ਲਈ ਅੱਜ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਕਾਂਗਰਸ ਦੇ 6 ਬਾਗ਼ੀ ਵਿਧਾਇਕਾਂ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਅਯੋਗਤਾ ਰੱਖੀ ਬਰਕਰਾਰ
NEXT STORY