ਨੈਸ਼ਨਲ ਡੈਸਕ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਦਿੱਤੇ ਗਏ ਆਪਣੇ ਇੱਕ ਵਿਵਾਦਤ ਬਿਆਨ ਕਾਰਨ ਮੁਸੀਬਤ 'ਚ ਫਸ ਗਏ ਹਨ। ਚੋਣ ਕਮਿਸ਼ਨ ਨੇ ਖੜਗੇ ਵੱਲੋਂ ਪ੍ਰਧਾਨ ਮੰਤਰੀ ਨੂੰ 'ਅੱਤਵਾਦੀ' ਕਹਿਣ ਦੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਸਖ਼ਤ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਖੜਗੇ ਨੂੰ ਇਸ ਮਾਮਲੇ 'ਚ 24 ਘੰਟਿਆਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਅਨੁਸਾਰ ਤਾਮਿਲਨਾਡੂ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਖੜਗੇ ਨੇ AIADMK ਦੇ NDA 'ਚ ਸ਼ਾਮਲ ਹੋਣ 'ਤੇ ਸਵਾਲ ਚੁੱਕੇ ਸਨ।
ਉਨ੍ਹਾਂ ਕਿਹਾ ਕਿ ਜੋ ਲੋਕ ਅੰਨਾਦੁਰਈ ਦੀ ਤਸਵੀਰ ਲਗਾਉਂਦੇ ਹਨ, ਉਹ ਮੋਦੀ ਨਾਲ ਗਠਜੋੜ ਕਿਵੇਂ ਕਰ ਸਕਦੇ ਹਨ, ਉਹ ਇੱਕ ਅੱਤਵਾਦੀ ਹਨ। ਖੜਗੇ ਨੇ ਅੱਗੇ ਦੋਸ਼ ਲਾਇਆ ਕਿ ਪੀ. ਐੱਮ. ਮੋਦੀ ਅਤੇ ਉਨ੍ਹਾਂ ਦੀ ਪਾਰਟੀ ਬਰਾਬਰੀ ਅਤੇ ਨਿਆਂ ਦੇ ਸਿਧਾਂਤ ਵਿੱਚ ਵਿਸ਼ਵਾਸ ਨਹੀਂ ਰੱਖਦੀ। ਖੜਗੇ ਦੇ ਇਸ ਬਿਆਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਹਮਲਾਵਰ ਹੋ ਗਈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਕਿਰੇਨ ਰਿਜੀਜੂ, ਅਰਜੁਨ ਰਾਮ ਮੇਘਵਾਲ ਅਤੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਸਮੇਤ ਕਈ ਸੀਨੀਅਰ ਆਗੂਆਂ ਨੇ ਚੋਣ ਕਮਿਸ਼ਨ ਦੇ ਦਫ਼ਤਰ ਪਹੁੰਚ ਕੇ ਲਿਖਤੀ ਸ਼ਿਕਾਇਤ ਦਰਜ ਕਰਵਾਈ।
ਭਾਜਪਾ ਨੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲਾ ਗਰਮਾਉਂਦਾ ਦੇਖ ਮਲਿਕਾਰਜੁਨ ਖੜਗੇ ਨੇ ਆਪਣੇ ਬਿਆਨ 'ਤੇ ਸਫ਼ਾਈ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਦੇ ਵੀ ਅਸਲ ਅਰਥਾਂ 'ਚ 'ਅੱਤਵਾਦੀ' ਨਹੀਂ ਕਿਹਾ। ਉਨ੍ਹਾਂ ਦਾ ਕਹਿਣ ਦਾ ਮਤਲਬ ਸਿਰਫ਼ ਇਹ ਸੀ ਕਿ ਮੋਦੀ ਲੋਕਾਂ ਨੂੰ ਡਰਾ-ਧਮਕਾ ਰਹੇ ਹਨ। ਹਾਲਾਂਕਿ ਚੋਣ ਕਮਿਸ਼ਨ ਨੇ ਇਸ ਸਪੱਸ਼ਟੀਕਰਨ ਦੇ ਬਾਵਜੂਦ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
2006 ਮਾਲੇਗਾਓਂ ਧਮਾਕਾ ਮਾਮਲਾ 'ਚ ਵੱਡਾ ਫੈਸਲਾ, ਬੰਬੇ ਹਾਈ ਕੋਰਟ ਨੇ 4 ਮੁਲਜ਼ਮਾਂ ਨੂੰ ਕੀਤਾ ਬਰੀ
NEXT STORY