ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ ਹੋ ਗਏ ਹਨ। 100 ਦਿਨ ਪੂਰੇ ਹੋਣ ’ਤੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ਨੂੰ ਜਾਮ ਕਰ ਦਿੱਤਾ ਹੈ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਦੇ ਦਿਨ ਨੂੰ ‘ਕਾਲਾ ਦਿਵਸ’ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ’ਤੇ ਚੱਕਾ ਜਾਮ ਸਵੇਰੇ 11 ਵਜੇ ਤੋਂ ਦੁਪਹਿਰ 4 ਵਜੇ ਤੱਕ ਜਾਰੀ ਰਹੇਗਾ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਚੱਕਾ ਜਾਮ ਸ਼ਾਂਤੀਪੂਰਨ ਹੋਵੇਗਾ।

ਓਧਰ ਗਾਜ਼ੀਪੁਰ ਕਿਸਾਨ ਅੰਦੋਲਨ ਦੇ ਬੁਲਾਰੇ ਨੇ ਕਿਹਾ ਕਿ ਸਾਡਾ ਸੰਘਰਸ਼ 100ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। 100 ਦਿਨ ਤੋਂ ਕੋਈ ਹੱਲ ਨਹੀਂ ਨਿਕਲਿਆ ਹੈ। ਅਜਿਹੇ ਵਿਚ ਸਰਕਾਰ ਹੀ ਦੱਸੇ ਕਿ ਅਸੀਂ ਕੀ ਕਰੀਏ, ਜਿਸ ਨਾਲ ਕੋਈ ਹੱਲ ਨਿਕਲੇ। ਕਿਸਾਨ ਜਥੇਬੰਦੀਆਂ ਨੇ ਆਪਣੇ 100ਵੇਂ ਦਿਨ ਦੇ ਵਿਰੋਧ ਪ੍ਰਦਰਸ਼ਨ ਨੂੰ ਦਰਜ ਕਰਾਉਣ ਲਈ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ.ਪੀ.) ਐਕਸਪ੍ਰੈੱਸ ਵੇਅ ਨੂੰ ਜਾਮ ਕਰਨ ਦੀ ਯੋਜਨਾ ਬਣਾਈ ਹੈ। ਇਹ ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਦਾ ਪ੍ਰਤੀਕ ਹੈ, ਜੋ ਰੱਦ ਹੋਣੇ ਚਾਹੀਦੇ ਹਨ।

ਕਿਸਾਨਾਂ ਵਲੋਂ ਅੱਜ ਕੀਤੇ ਜਾ ਰਹੇ ਜਾਮ ’ਚ ਵੱਡੀ ਗਿਣਤੀ ’ਚ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ ਹੈ। ਵੱਡੀ ਗਿਣਤੀ ’ਚ ਕਿਸਾਨਾਂ ਵਲੋਂ ਕੁੰਡਲੀ-ਮਾਨੇਸਰ-ਪਲਵਲ (ਕੇ. ਐੱਮ. ਪੀ.) ਐਕਸਪ੍ਰੈੱਸ ਵੇਅ ਜਾਮ ਕਰ ਦਿੱਤਾ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਇਹ ਚੱਕਾ ਜਾਮ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹੈ, ਅਸੀਂ ਚਾਹੁੰਦੇ ਹਾਂ ਕਿ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ। ਹੁਣ ਤੱਕ ਸਰਕਾਰ ਨਾਲ ਹੋਈਆਂ 11 ਦੌਰ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ।

ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੀਆਂ ਹਨ। ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਲੰਬੇ ਅੰਦੋਲਨ ਨੇ ਏਕਤਾ ਦਾ ਸੰਦੇਸ਼ ਦਿੱਤਾ ਹੈ। ਹੱਥਾਂ ’ਚ ਕਿਸਾਨੀ ਝੰਡੇ ਫ਼ੜੇ ਕਿਸਾਨਾਂ ਸੜਕਾਂ ’ਤੇ ਉਤਰੇ ਹਨ, ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ।

ਦੱਸਣਯੋਗ ਹੈ ਕਿ ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਵੱਡੀ ਗਿਣਤੀ ’ਚ ਡਟੇ ਹੋਏ ਹਨ। ਇਨ੍ਹਾਂ ਕਿਸਾਨਾਂ ਵਿਚ ਮੁੱਖ ਰੂਪ ਨਾਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਸ਼ਾਮਲ ਹਨ। ਓਧਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਖਤਮ ਨਹੀਂ ਹੋਣ ਜਾ ਰਿਹਾ, ਸਗੋਂ ਉਹ ਹੋਰ ਮਜ਼ਬੂਤੀ ਨਾਲ ਵਧ ਰਹੇ ਹਨ।

ਰਾਹੁਲ ਨੇ ਟਵੀਟ ਕਰ ਘੇਰੀ ਮੋਦੀ ਸਰਕਾਰ, ਕਿਹਾ- ‘ਅੰਨਦਾਤਾ ਮੰਗੇ ਅਧਿਕਾਰ, ਸਰਕਾਰ ਕਰੇ ਅੱਤਿਆਚਾਰ’
NEXT STORY