ਨਵੀਂ ਦਿੱਲੀ— ਕੜਾਕੇ ਦੀ ਠੰਡ ’ਚ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ, ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵਲੋਂ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ। ਅੱਜ ਤੋਂ ਕਿਸਾਨ ਜਥੇਬੰਦੀਆਂ ਦੇ 11 ਆਗੂ ਭੁੱਖ-ਹੜਤਾਲ ’ਤੇ ਬੈਠੇ ਹਨ। ਕਿਸਾਨ ਆਗੂਆਂ ਮੁਤਾਬਕ ਪ੍ਰਦਰਸ਼ਨ ਕਰ ਰਹੇ ਕਿਸਾਨ ਵੱਖ-ਵੱਖ ਸਮੂਹਾਂ ’ਚ ਭੁੱਖ-ਹੜਤਾਲ ਕਰਨਗੇ ਅਤੇ ਪਹਿਲੇ ਸਮੂਹ ਵਿਚ 11 ਲੋਕ ਹੋਣਗੇ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਬੀਤੇ ਕਰੀਬ 4 ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਕਿਸਾਨ ਦਿੱਲੀ ਦੀ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦ ’ਤੇ ਡਟੇ ਹੋਏ ਹਨ। ਸਿੰਘੂ ਅਤੇ ਟਿਕਰੀ ਸਰਹੱਦ ’ਤੇ ਵੱਡੀ ਗਿਣਤੀ ’ਚ ਕਿਸਾਨ ਡਟੇ ਹੋਏ ਹਨ। ਕੁਝ ਕਿਸਾਨ ਦਿੱਲੀ ਦੇ ਬੁਰਾੜੀ ਦੇ ਸੰਤ ਨਿਰੰਕਾਰੀ ਸਮਾਗਮ ਗਰਾਊਂਡ ’ਚ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਸੰਯੁਕਤ ਮੋਰਚਾ ਦੇ ਰਾਮਪਾਲ ਸਿੰਘ ਨੇ ਦੱਸਿਆ ਕਿ ਇਸ ਸੰਘਰਸ਼ ਨੂੰ 3-4 ਮਹੀਨੇ ਹੋ ਚੁੱਕੇ ਹਨ। ਪਹਿਲਾਂ ਅਸੀਂ ਇਹ ਸੰਘਰਸ਼ ਪੰਜਾਬ ਵਿਚ ਲੜਿਆ ਅਤੇ ਹੁਣ ਦਿੱਲੀ ’ਚ ਲੜ ਰਹੇ ਹਾਂ। ਜਦੋਂ ਤੱਕ ਇਹ ਖੇਤੀ ਕਾਨੂੰਨ ਸਰਕਾਰ ਵਾਪਸ ਨਹੀਂ ਲੈ ਲੈਂਦੀ, ਅਸੀਂ ਇੱਥੋਂ ਨਹੀਂ ਜਾਵਾਂਗੇ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਜਿੱਥੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖੇਤੀ ਖੇਤਰ ’ਚ ਵੱਡੇ ਸੁਧਾਰ ਦੇ ਤੌਰ ’ਤੇ ਪੇਸ਼ ਕਰ ਰਹੀ ਹੈ, ਉੱਥੇ ਹੀ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਨਵੇਂ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਅਤੇ ਮੰਡੀ ਵਿਵਸਥਾ ਖਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ’ਤੇ ਨਿਰਭਰ ਹੋ ਜਾਣਗੇ।
ਨੋਟ: ਕੀ ਕਿਸਾਨ ਦੀਆਂ ਮੰਗਾਂ ਨੂੰ ਮੰਨੇਗੀ ਸਰਕਾਰ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਦੇਸ਼ 'ਚ ਰਿਕਵਰੀ ਰੇਟ 95 ਫੀਸਦੀ, ਇੰਨੇ ਲੋਕਾਂ ਦਾ ਹੋਵੇਗਾ ਟੀਕਾਕਰਣ : ਹਰਸ਼ਵਰਧਨ
NEXT STORY