ਨੈਸ਼ਨਲ ਡੈਸਕ : ਉੱਤਰੀ ਭਾਰਤ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਲੂ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਇੱਕ ਵੱਡੀ ਰਾਹਤ ਭਰੀ ਖ਼ਬਰ ਦਿੱਤੀ ਹੈ। ਅਗਲੇ 24 ਤੋਂ 36 ਘੰਟਿਆਂ ਦੌਰਾਨ ਇੱਕ ਨਵੇਂ 'ਪੱਛਮੀ ਗੜਬੜੀ' ਦੇ ਸਰਗਰਮ ਹੋਣ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ 'ਚ ਮੌਸਮ ਦਾ ਮਿਜ਼ਾਜ ਬਦਲਣ ਦੀ ਪੂਰੀ ਉਮੀਦ ਹੈ।
ਪਹਾੜਾਂ 'ਚ ਬਰਫ਼ਬਾਰੀ ਅਤੇ ਮੈਦਾਨਾਂ 'ਚ ਗੜੇਮਾਰੀ
ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਬਰਫ਼ਬਾਰੀ ਅਤੇ ਗੜੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਹੈ। 26 ਅਪ੍ਰੈਲ ਤੋਂ 1 ਮਈ ਦੇ ਵਿਚਕਾਰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਸਮੇਤ ਸਮੁੱਚੇ ਉੱਤਰੀ ਸੂਬਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਹਨੇਰੀ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਅਤੇ ਮੀਂਹ ਪੈਣ ਦੀਆਂ ਗਤੀਵਿਧੀਆਂ ਹੋ ਸਕਦੀਆਂ ਹਨ।
ਪੰਜਾਬ ਤੇ ਹਰਿਆਣਾ 'ਚ ਬੂੰਦਾਬਾਂਦੀ ਦੇ ਅਸਾਰ
ਸੂਤਰਾਂ ਅਨੁਸਾਰ 25 ਤੇ 26 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਹੋ ਸਕਦੀ ਹੈ। ਇਸ ਦੌਰਾਨ ਧੂੜ ਭਰੀ ਹਨੇਰੀ ਚੱਲਣ ਅਤੇ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮੌਸਮੀ ਬਦਲਾਅ ਨਾਲ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਤਪਸ਼ ਤੋਂ ਕੁਝ ਰਾਹਤ ਮਿਲੇਗੀ। ਦੱਸਣਯੋਗ ਹੈ ਕਿ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਪਾਰਾ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਸੀ।
ਦੱਖਣੀ ਅਤੇ ਪੂਰਬੀ ਭਾਰਤ ਵਿੱਚ ਵੀ ਬਦਲੇਗਾ ਮੌਸਮ
ਉੱਤਰੀ ਭਾਰਤ ਤੋਂ ਇਲਾਵਾ ਦੱਖਣੀ ਭਾਰਤ ਦੇ ਕੇਰਲ, ਕਰਨਾਟਕ ਤੇ ਤੇਲੰਗਾਨਾ ਵਿੱਚ ਵੀ ਤੇਜ਼ ਹਨੇਰੀ ਅਤੇ ਮੀਂਹ ਦਾ ਅਲਰਟ ਹੈ, ਜਿਸ ਨੂੰ 'ਪ੍ਰੀ-ਮਾਨਸੂਨ' ਦਾ ਸੰਕੇਤ ਮੰਨਿਆ ਜਾ ਰਿਹਾ ਹੈ। ਪੂਰਬੀ ਭਾਰਤ ਦੇ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿੱਚ ਵੀ ਤੂਫ਼ਾਨੀ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਖਰਾਬ ਮੌਸਮ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸੂਬੇ ਦੀ ਬਿਹਤਰੀ ਲਈ ਭਾਜਪਾ ਨਾਲ ਮਿਲ ਕੇ ਕਰਾਂਗੇ ਕੰਮ : ਵਿਕਰਮਜੀਤ ਸਿੰਘ ਸਾਹਨੀ
NEXT STORY