ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਅਤੇ ਉਨ੍ਹਾਂ ਦੇ ਖਿਲਾਫ ਚਾਰਜਸ਼ੀਟ 'ਤੇ ਨੋਟਿਸ ਲੈਣ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਜੈਨ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਤੈਅ ਕੀਤੀ ਹੈ।
ਜੈਨ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਹੇਠਲੀ ਅਦਾਲਤ ਦੇ 29 ਜੁਲਾਈ, 2022 ਦੇ ਹੁਕਮ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਇਸ ਕੇਸ ਵਿਚ ਉਨ੍ਹਾਂ ਨੂੰ ਜਾਰੀ ਕੀਤੇ ਸੰਮਨਾਂ ਅਤੇ ਇਸ ਤੋਂ ਬਾਅਦ ਨਿਆਂਇਕ ਹਿਰਾਸਤ 'ਚ ਭੇਜਣ ਦੇ ਬਾਅਦ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ ਅਤੇ ਜੇਲ੍ਹ ਵਿਚੋਂ ਰਿਹਾਅ ਕਰਨ ਦੀ ਬੇਨਤੀ ਕੀਤੀ ਹੈ। ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈਡੀ ਨੇ ਕਿਹਾ ਕਿ ਹੇਠਲੀ ਅਦਾਲਤ ਦਾ ਨੋਟਿਸ ਆਦੇਸ਼ ਜੁਲਾਈ 2022 ਵਿਚ ਆਇਆ ਸੀ ਪਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੇ ਹੁਣ ਇਸ ਨੂੰ ਚੁਣੌਤੀ ਦਿੱਤੀ ਹੈ।
ਈਡੀ ਨੇ ਸਤੇਂਦਰ ਜੈਨ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਪੂਨਮ ਜੈਨ, ਵੈਭਵ ਜੈਨ, ਅੰਕੁਸ਼ ਜੈਨ, ਅਜੀਤ ਪ੍ਰਸਾਦ ਜੈਨ ਅਤੇ ਸੁਨੀਲ ਜੈਨ ਖ਼ਿਲਾਫ਼ ਵੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਚਾਰ ਕੰਪਨੀਆਂ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪ੍ਰਯਾਸ ਇਨਫੋਸੋਲਿਊਸ਼ਨ ਪ੍ਰਾਈਵੇਟ ਲਿਮਟਿਡ, ਮੰਗਲਯਤਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ ਅਤੇ ਜੇ.ਜੇ. ਆਈਡੀਅਲ ਅਸਟੇਟ ਪ੍ਰਾਈਵੇਟ ਲਿਮਟਿਡ ਦੇ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਈਡੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ 24 ਅਗਸਤ, 2017 ਨੂੰ CBI ਵਲੋਂ ਦਰਜ ਕੀਤੀ ਗਈ FIR ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। CBI ਨੇ ਦੋਸ਼ ਲਾਇਆ ਹੈ ਕਿ ਸਤੇਂਦਰ ਜੈਨ ਨੇ ਦਿੱਲੀ ਸਰਕਾਰ ਵਿਚ ਮੰਤਰੀ ਦੇ ਅਹੁਦੇ ’ਤੇ ਰਹਿੰਦਿਆਂ 14 ਫਰਵਰੀ 2015 ਤੋਂ 31 ਮਈ 2017 ਦਰਮਿਆਨ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ।
ਚਿਦਾਂਬਰਮ-ਜੈਰਾਮ ਅਲਾਪ ਰਹੇ ਹਨ ਵੱਖ-ਵੱਖ ਰਾਗ
NEXT STORY