ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਵਿੱਚ ਰਸੋਈ ਗੈਸ (LPG) ਸਿਲੰਡਰ ਜਾਂ ਬਾਲਣ (Fuel) ਦੀ ਕੋਈ ਕਮੀ ਨਹੀਂ ਹੈ। 'ਟਾਈਮਜ਼ ਨਾਓ ਸਮਿਟ' ਵਿੱਚ ਦਿੱਤੇ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਭਾਵੇਂ ਭੂ-ਰਾਜਨੀਤਿਕ ਤਣਾਅ ਕਾਰਨ ਦੁਨੀਆ ਭਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ, ਪਰ ਭਾਰਤ ਆਪਣੀ ਸਪਲਾਈ ਅਤੇ ਕੀਮਤਾਂ ਨੂੰ ਸਥਿਰ ਰੱਖਣ ਵਿੱਚ ਸਫਲ ਰਿਹਾ ਹੈ।
ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਜਦੋਂ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ, ਤਾਂ ਭਾਰਤ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ 'ਤੇ ਭਰੋਸਾ ਰੱਖਣ ਕਿਉਂਕਿ ਸਰਕਾਰ ਦੇਸ਼ ਵਿੱਚ ਆਮ ਕੰਮਕਾਜ ਜਾਰੀ ਰੱਖਦਿਆਂ ਬਿਨਾਂ ਕਿਸੇ ਰੁਕਾਵਟ ਦੇ ਸਪਲਾਈ ਯਕੀਨੀ ਬਣਾ ਰਹੀ ਹੈ।
ਗ੍ਰਹਿ ਮੰਤਰੀ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਨੇ ਆਪਣੀ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤੇਲ ਦਰਾਮਦ ਕਰਨ ਵਾਲੇ ਦੇਸ਼ਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਕੀਤਾ ਹੈ। ਪਹਿਲਾਂ ਭਾਰਤ ਸਿਰਫ਼ 27 ਦੇਸ਼ਾਂ ਤੋਂ ਬਾਲਣ ਮੰਗਵਾਉਂਦਾ ਸੀ, ਪਰ ਹੁਣ ਇਹ 42 ਦੇਸ਼ਾਂ ਤੋਂ ਆਯਾਤ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੌਕਡਾਊਨ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਦੇਸ਼ ਵਿੱਚ ਕੋਈ ਲੌਕਡਾਊਨ ਨਹੀਂ ਲੱਗੇਗਾ।
ਇੰਟਰਵਿਊ ਦੌਰਾਨ ਉਨ੍ਹਾਂ ਪੱਛਮੀ ਬੰਗਾਲ ਸਰਕਾਰ 'ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਬੰਗਾਲ ਸਰਕਾਰ ਨੇ ਖੁੱਲ੍ਹੇਆਮ ਘੁਸਪੈਠ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਦੌਰਾਨ ਉਨ੍ਹਾਂ ਰਾਜਾਂ ਤੋਂ ਸਭ ਤੋਂ ਵੱਧ ਵੋਟਰਾਂ ਦੇ ਨਾਂ ਹਟਾਏ ਜਾਣਗੇ, ਜਿੱਥੇ ਅਜਿਹੇ ਲੋਕਾਂ ਨੂੰ ਸਭ ਤੋਂ ਵੱਧ ਨਾਗਰਿਕਤਾ ਦਿੱਤੀ ਗਈ ਹੈ।
ਹਾਈ ਕੋਰਟ ਦਾ ਵੱਡਾ ਫੈਸਲਾ, ਵਿਆਹੇ ਮਰਦ ਦਾ ਬਾਲਗ ਔਰਤ ਨਾਲ ਲਿਵ-ਇਨ ਸਬੰਧ ਅਪਰਾਧ ਨਹੀਂ
NEXT STORY