ਅੰਮ੍ਰਿਤਸਰ (ਦੀਪਕ ਸ਼ਰਮਾ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਗੁਰਦੁਆਰਾ ਧਮਧਾਨ ਸਾਹਿਬ (ਹਰਿਆਣਾ) ਰਵਾਨਾ ਹੋ ਗਿਆ। ਸੰਗਤ ਵੱਲੋਂ ਨਗਰ ਕੀਰਤਨ ਲਈ ਦਿਖਾਏ ਜਾ ਰਹੇ ਭਰਵੇਂ ਉਤਸ਼ਾਹ ਦੇ ਮੱਦੇਨਜ਼ਰ ਬੀਤੀ ਰਾਤ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪਹੁੰਚਣ 'ਤੇ ਸਥਾਨਕ ਸੰਗਤਾਂ ਨੇ ਜਾਹੋ-ਜਲਾਲ ਨਾਲ ਸਵਾਗਤ ਕੀਤਾ।

ਨਗਰ ਕੀਰਤਨ ਨਾਲ ਚੱਲ ਰਹੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਹਰਿਆਣਾ ਸੂਬੇ ਵਿਚ ਸੰਗਤਾਂ ਨਗਰ ਕੀਰਤਨ 'ਚ ਹੁੰਮ-ਹੁਮਾ ਕੇ ਪੁੱਜ ਰਹੀਆਂ ਹਨ, ਦੁਕਾਨਦਾਰ, ਸਕੂਲਾਂ -ਕਾਲਜਾਂ ਦੇ ਵਿਦਿਆਰਥੀ ਅਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਵੱਲੋਂ ਹਰ ਪੜਾਅ 'ਤੇ ਸ਼ਰਧਾ ਭਾਵਨਾ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ ਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਤੇਜਿੰਦਰਪਾਲ ਸਿੰਘ ਲਾਡਵਾ ਨੇ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਪਰਮਜੀਤ ਸਿੰਘ ਇੰਚਾਰਜ ਉਪ ਦਫ਼ਤਰ ਹਰਿਆਣਾ, ਭਾਈ ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਸ. ਜਰਨੈਲ ਸਿੰਘ, ਭਾਈ ਗਜਿੰਦਰ ਸਿੰਘ ਆਦਿ ਮੌਜੂਦ ਸਨ।
ਹਰਿਆਣਾ 'ਚ ਕਾਂਗਰਸ ਨੂੰ ਇੱਕ ਹੋਰ ਝਟਕਾ, ਸਾਬਕਾ ਮੰਤਰੀ ਜਸਵੰਤ ਸਿੰਘ ਨੇ ਦਿੱਤਾ ਅਸਤੀਫਾ
NEXT STORY