ਅੰਮ੍ਰਿਤਸਰ (ਦੀਪਕ ਸ਼ਰਮਾ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਦੀ ਅੱਜ ਹਰਿਆਣਾ ਦੇ ਭੂਨਾ ਤੋਂ ਸਿਰਸਾ ਲਈ ਰਵਾਨਗੀ ਹੋਈ। ਇਥੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਅਤੇ ਰਵਾਨਗੀ ਸਮੇਂ ਆਤਿਸ਼ਬਾਜ਼ੀ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਭੂਨਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ 'ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਲਈ ਇਤਿਹਾਸਕ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਮੁਬਾਰਕ ਮੌਕੇ 'ਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਵੱਧ ਤੋਂ ਵੱਧ ਪ੍ਰਚਾਰੀਏ।
ਉਨ੍ਹਾਂ ਸੰਗਤ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ। ਇਸ ਮੌਕੇ ਭਾਈ ਰਣਜੀਤ ਸਿੰਘ ਕਥਾਵਾਚਕ ਨੇ ਗੁਰਮਤਿ ਵਿਚਾਰ ਦੀ ਸਾਂਝ ਕੀਤੀ ਅਤੇ ਭਾਈ ਗੁਰਮੀਤ ਸਿੰਘ ਕਵੀਸ਼ਰੀ ਜਥੇ ਨੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਕੌਰ ਬਾੜਾ ਤੇ ਸ. ਤੇਜਾ ਸਿੰਘ, ਸ. ਭਰਪੂਰ ਸਿੰਘ ਖ਼ਾਲਸਾ ਸਾਬਕਾ ਮੈਂਬਰ, ਸ. ਰਣਜੀਤ ਸਿੰਘ ਭਾਨੀਖੇੜਾ ਪ੍ਰਧਾਨ ਲੋਕਲ ਕਮੇਟੀ, ਸ. ਬਲਦੇਵ ਸਿੰਘ ਮੀਤ ਪ੍ਰਧਾਨ ਆਦਿ ਮੌਜੂਦ ਸਨ।
ਇਸੇ ਦੌਰਾਨ ਭੂਨਾ ਤੋਂ ਅਗਲੇ ਪੜਾਅ ਬਰਸੀਨ, ਫਤਿਹਾਬਾਦ, ਡਿੰਗ ਮੰਡੀ ਆਦਿ ਵਿਖੇ ਨਗਰ ਕੀਰਤਨ ਦਾ ਸੰਗਤ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਵੱਖ-ਵੱਖ ਥਾਵਾਂ 'ਤੇ ਸੰਗਤ ਵੱਲੋਂ ਸਵਾਗਤੀ ਗੇਟ ਬਣਾਏ ਗਏ ਸਨ। ਇਸ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।
EPFO ਨੇ ਸਰਕਾਰ ਤੋਂ ਮੰਗਿਆ ਆਪਣਾ ਦਹਾਕਿਆਂ ਪੁਰਾਣਾ ਬਕਾਇਆ
NEXT STORY