ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਦਿੱਲੀ ਅਤੇ ਉੱਤਰੀ ਭਾਰਤ ਵਿੱਚ ਵਧਦੇ ਪ੍ਰਦੂਸ਼ਣ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਰਾਜ ਸਭਾ ਵਿੱਚ ਸਰਕਾਰ ਵੱਲੋਂ ਦਿੱਤੇ ਗਏ ਇੱਕ ਅਹਿਮ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਦਾ ਸਿਲਸਿਲਾ ਹੁਣ ਬੰਦ ਹੋਣਾ ਚਾਹੀਦਾ ਹੈ।
ਜੈਰਾਮ ਰਮੇਸ਼ ਨੇ ਦੱਸਿਆ ਕਿ ਅੱਜ ਰਾਜ ਸਭਾ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਸਪੱਸ਼ਟ ਤੌਰ 'ਤੇ ਸਵੀਕਾਰ ਕੀਤਾ ਹੈ ਕਿ ਕੁੱਲ ਪ੍ਰਦੂਸ਼ਣ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਹਿੱਸਾ ਸਿਰਫ਼ 5 ਫੀਸਦੀ ਦੇ ਕਰੀਬ ਹੈ। ਇਹ ਅੰਕੜਾ ਉਸ ਪ੍ਰਚਾਰ ਦੇ ਬਿਲਕੁਲ ਉਲਟ ਹੈ, ਜਿਸ ਵਿੱਚ ਪਿਛਲੇ ਕਈ ਸਾਲਾਂ ਤੋਂ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ ਪ੍ਰਦੂਸ਼ਣ ਲਈ ਮੁੱਖ ਤੌਰ 'ਤੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦਾ ਆ ਰਿਹਾ ਹੈ।
ਜੈਰਾਮ ਰਮੇਸ਼ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੇ ਹਵਾਈ ਪ੍ਰਦੂਸ਼ਣ ਲਈ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਸਰਕਾਰ ਦੇ ਆਪਣੇ ਅੰਕੜੇ ਦੱਸ ਰਹੇ ਹਨ ਕਿ ਪਰਾਲੀ ਦਾ ਯੋਗਦਾਨ ਬਹੁਤ ਘੱਟ ਹੈ, ਤਾਂ ਪ੍ਰਦੂਸ਼ਣ ਦੇ ਨਾਮ 'ਤੇ ਕਿਸਾਨਾਂ ਦੀ ਬਦਨਾਮੀ ਤੁਰੰਤ ਬੰਦ ਹੋਣੀ ਚਾਹੀਦੀ ਹੈ।
ਇਸ ਖੁਲਾਸੇ ਤੋਂ ਬਾਅਦ ਹੁਣ ਇਹ ਸਵਾਲ ਖੜ੍ਹਾ ਹੋ ਗਿਆ ਹੈ ਕਿ ਜੇਕਰ ਪਰਾਲੀ ਦਾ ਹਿੱਸਾ ਮਹਿਜ਼ 5 ਫੀਸਦੀ ਹੈ, ਤਾਂ ਬਾਕੀ 95 ਫੀਸਦੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੋਰਨਾਂ ਕਾਰਕਾਂ 'ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਜੈਰਾਮ ਰਮੇਸ਼ ਦੇ ਇਸ ਟਵੀਟ ਨੇ ਵਾਤਾਵਰਣ ਦੇ ਮੁੱਦੇ 'ਤੇ ਕਿਸਾਨਾਂ ਵਿਰੁੱਧ ਬਣਾਏ ਗਏ ਬਿਰਤਾਂਤ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
ਅਮਰੀਕਾ 'ਚ ਪੁਲਸ ਵਲੋਂ ਮਾਰੀ ਧੀ ਦਾ ਇਨਸਾਫ਼ ਮਿਲਣ ਤੋਂ ਪਹਿਲਾਂ ਹੀ ਪਿਓ ਦਾ ਦਿਹਾਂਤ
NEXT STORY