ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਬੜਗਾਓਂ ਜ਼ਿਲ੍ਹੇ ਦੇ ਚਦੂਰਾ ਇਲਾਕੇ 'ਚ ਵੀਰਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਿਤ ਇਕ ਸਰਕਾਰੀ ਕਰਮਚਾਰੀ ਦੀ ਉਸ ਦੇ ਦਫ਼ਤਰ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਇੱਥੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਦੀ ਵੱਖ-ਵੱਖ ਸਿਆਸੀ ਪਾਰਟੀਆਂ ਨੇ ਨਿੰਦਾ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ 2 ਬੰਦੂਕਧਾਰੀ ਚਦੂਰਾ ਖੇਤਰ ਵਿੱਚ ਸਥਿਤ ਤਹਿਸੀਲ ਦਫ਼ਤਰ 'ਚ ਦਾਖਲ ਹੋਏ ਅਤੇ ਕਲਰਕ ਰਾਹੁਲ ਭੱਟ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਭੱਟ ਨੂੰ ਪ੍ਰਵਾਸੀਆਂ ਲਈ ਸ਼ੁਰੂ ਕੀਤੇ ਵਿਸ਼ੇਸ਼ ਰੁਜ਼ਗਾਰ ਪੈਕੇਜ ਤਹਿਤ ਤਾਇਨਾਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਛੱਤੀਸਗੜ੍ਹ ਦੇ ਰਾਏਪੁਰ 'ਚ ਹੈਲੀਕਾਪਟਰ ਹਾਦਸਾਗ੍ਰਸਤ, 2 ਪਾਇਲਟਾਂ ਦੀ ਮੌਤ
ਅਧਿਕਾਰੀਆਂ ਨੇ ਦੱਸਿਆ ਕਿ ਭੱਟ ਬੜਗਾਓ ਦੇ ਸ਼ੇਖਪੁਰਾ ਸਥਿਤ ਇਕ ਪ੍ਰਵਾਸੀ ਕਾਲੋਨੀ ਵਿੱਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਕਸ਼ਮੀਰ ਜ਼ੋਨ ਦੀ ਪੁਲਸ ਨੇ ਟਵੀਟ ਕੀਤਾ, ''ਜ਼ਖਮੀ ਨੂੰ ਤੁਰੰਤ ਸ਼੍ਰੀਨਗਰ ਦੇ SMHS ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਮੁੱਢਲੀ ਜਾਂਚ ਮੁਤਾਬਕ ਇਸ ਘਿਨੌਣੇ ਅਪਰਾਧ ਵਿੱਚ 2 ਅੱਤਵਾਦੀ ਸ਼ਾਮਲ ਹਨ ਅਤੇ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਪਿਸਤੌਲ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਕ ਘੱਟ ਜਾਣੀ ਜਾਂਦੀ ਜਥੇਬੰਦੀ "ਕਸ਼ਮੀਰ ਟਾਈਗਰਜ਼" ਨੇ ਭੱਟ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਫਰਜ਼ੀ ਛਾਪੇਮਾਰੀ ਦੇ ਦੋਸ਼ 'ਚ CBI ਦੇ 4 ਅਧਿਕਾਰੀ ਗ੍ਰਿਫ਼ਤਾਰ, ਬਰਖਾਸਤ
ਜ਼ਿਕਰਯੋਗ ਹੈ ਕਿ ਅਗਸਤ 2019 'ਚ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਕਸ਼ਮੀਰ 'ਚ ਗੈਰ-ਮੁਸਲਮਾਨਾਂ ਅਤੇ ਬਾਹਰੋਂ ਆਏ ਲੋਕਾਂ 'ਤੇ ਹਮਲੇ ਵਧ ਗਏ ਹਨ। ਅਗਸਤ 2019 ਤੋਂ ਮਾਰਚ 2022 ਦਰਮਿਆਨ ਜੰਮੂ-ਕਸ਼ਮੀਰ ਵਿੱਚ ਕਸ਼ਮੀਰੀ ਪੰਡਿਤਾਂ ਸਮੇਤ ਕੁੱਲ 14 ਘੱਟ ਗਿਣਤੀ ਹਿੰਦੂਆਂ ਨੂੰ ਅੱਤਵਾਦੀਆਂ ਨੇ ਮਾਰ ਦਿੱਤਾ ਹੈ। ਅੱਤਵਾਦੀਆਂ ਦੁਆਰਾ ਨਿਸ਼ਾਨਾ ਬਣਾਏ ਗਏ ਲੋਕਾਂ ਵਿੱਚ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਦੇ ਪ੍ਰਮੁੱਖ ਵਪਾਰੀ, ਸਰਪੰਚ ਅਤੇ ਬਲਾਕ ਵਿਕਾਸ ਕੌਂਸਲ ਦੇ ਮੈਂਬਰ ਸ਼ਾਮਲ ਹਨ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਕਸ਼ਮੀਰ ਦੀਆਂ ਹੋਰ ਪਾਰਟੀਆਂ ਨੇ ਭੱਟ ਦੇ ਕਤਲ ਦੀ ਨਿੰਦਾ ਕੀਤੀ ਹੈ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਸਿਨਹਾ ਨੇ ਟਵੀਟ ਕੀਤਾ, ''ਮੈਂ ਬੜਗਾਓਂ 'ਚ ਅੱਤਵਾਦੀਆਂ ਦੁਆਰਾ ਰਾਹੁਲ ਭੱਟ ਦੀ ਬੇਰਹਿਮੀ ਨਾਲ ਹੱਤਿਆ ਦੀ ਸਖਤ ਨਿੰਦਾ ਕਰਦਾ ਹਾਂ। ਇਸ ਘਿਨੌਣੇ ਅੱਤਵਾਦੀ ਹਮਲੇ ਦੇ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਸਜ਼ਾ ਤੋਂ ਬਿਨਾਂ ਨਹੀਂ ਛੱਡਿਆ ਜਾਵੇਗਾ। ਜੰਮੂ-ਕਸ਼ਮੀਰ ਸਰਕਾਰ ਦੁੱਖ ਦੀ ਘੜੀ ਵਿੱਚ ਮ੍ਰਿਤਕ ਦੇ ਪਰਿਵਾਰ ਨਾਲ ਖੜ੍ਹੀ ਹੈ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਨੇ ਟਵੀਟ ਕੀਤਾ, "ਅਸੀਂ ਬੜਗਾਓਂ 'ਚ ਮਾਲ ਵਿਭਾਗ ਦੇ ਕਰਮਚਾਰੀ ਰਾਹੁਲ ਭੱਟ ਦੇ ਕਤਲ ਦੀ ਸਖ਼ਤ ਨਿੰਦਾ ਕਰਦੇ ਹਾਂ। ਘਾਟੀ ਦੇ ਹਰ ਕੋਨੇ 'ਚ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਸਰਕਾਰੀ ਕਰਮਚਾਰੀ ਵੀ ਸੁਰੱਖਿਅਤ ਨਹੀਂ ਹਨ। ਦੁੱਖ ਦੀ ਇਸ ਘੜੀ ਵਿੱਚ ਸਾਡੀ ਸੰਵੇਦਨਾ ਅਤੇ ਪ੍ਰਾਰਥਨਾ ਪੀੜਤ ਪਰਿਵਾਰ ਦੇ ਨਾਲ ਹੈ।”
ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਸ਼ਡਿਊਲ ਦਾ ਐਲਾਨ
ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਕਿਹਾ, ''ਅਸੀਂ ਰਾਹੁਲ ਭੱਟ 'ਤੇ ਹੋਏ ਘਾਤਕ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦੇ ਹਾਂ। ਰਾਹੁਲ ਚਦੂਰਾ ਦੇ ਤਹਿਸੀਲ ਦਫ਼ਤਰ ਵਿੱਚ ਕੰਮ ਕਰਦਾ ਸਰਕਾਰੀ ਮੁਲਾਜ਼ਮ ਸੀ, ਜਿੱਥੇ ਹਮਲਾ ਹੋਇਆ। ਨਿਸ਼ਾਨਾ ਬਣਾ ਕੇ ਹਮਲੇ ਹੋ ਰਹੇ ਹਨ ਅਤੇ ਡਰ ਦਾ ਮਾਹੌਲ ਕਾਇਮ ਹੈ। ਮੈਂ ਰਾਹੁਲ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਭਾਜਪਾ ਦੇ ਬੁਲਾਰੇ ਅਲਤਾਫ ਠਾਕੁਰ ਨੇ ਅੱਤਵਾਦੀਆਂ ਦੀ ਇਸ ਕਾਇਰਤਾ ਭਰੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਘਟਨਾ ਦੀ ਨਿੰਦਾ ਕਰਦਿਆਂ ਕਾਂਗਰਸ ਨੇ ਕਿਹਾ ਕਿ ਅਜਿਹੇ ਘਿਨੌਣੇ ਅਪਰਾਧਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਹ ਅਣਮਨੁੱਖੀ ਕਾਰੇ ਕਰਕੇ ਕੁਝ ਹਾਸਲ ਨਹੀਂ ਕਰ ਸਕਦੇ। ਸੱਜਾਦ ਲੋਨ ਦੀ ਅਗਵਾਈ ਵਾਲੀ ਪੀਪਲਜ਼ ਕਾਨਫਰੰਸ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ : 'ਆਪ' MLA 'ਤੇ ਟਰੱਕਾਂ ਵਾਲਿਆਂ ਨੇ ਲਾਏ 60 ਲੱਖ ਮੰਗਣ ਦੇ ਇਲਜ਼ਾਮ, ਵਿਧਾਇਕ ਨੇ ਦਿੱਤਾ ਸਪੱਸ਼ਟੀਕਰਨ (ਵੀਡੀਓ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਉਡਾਣ ਭਰਦਿਆਂ ਹੀ ਜਹਾਜ਼ ਦੇ ਦੋਵੇਂ ਇੰਜਣ ਹੋਏ ਫੇਲ੍ਹ, ਮਚੀ ਹਫੜਾ-ਦਫੜੀ
NEXT STORY