ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ 'ਚੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਰਿਸੀਵ ਕਰਨ ਤਿਹਾੜ ਜੇਲ੍ਹ ਦੇ ਬਾਹਰ ਉਨ੍ਹਾਂ ਦੀ ਪਤਨੀ, ਸਾਬਕਾ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ। 'ਆਪ' ਨੇਤਾਵਾਂ ਅਤੇ ਵਰਕਰਾਂ 'ਚ ਜਸ਼ਨ ਦਾ ਮਾਹੌਲ ਹੈ। ਵਰ੍ਹਦੇ ਮੀਂਹ ਦੇ ਵਿਚਾਲੇ ਵੱਡੀ ਗਿਣਤੀ 'ਚ ਵਰਕਰ ਜੇਲ੍ਹ ਦੇ ਬਾਹਰ ਕੇਜਰੀਵਾਲ ਦੇ ਬਾਹਰ ਆਉਣ ਤਕ ਡਟੇ ਰਹੇ।
ਦੱਸ ਦੇਈਏ ਕਿ ਸ਼ਰਾਬ ਨੀਤੀ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ 'ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।
ਇਹ ਵੀ ਪੜ੍ਹੋ- ਜੇਲ੍ਹ 'ਚੋਂ ਬਾਹਰ ਨਿਕਲਦੇ ਹੀ CM ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਮੈਂ ਲੜਦਾ ਰਹਾਂਗਾ
ਕੇਜਰੀਵਾਲ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀਆਂ ਸਨ ਪਟੀਸ਼ਨਾਂ
ਦੱਸ ਦੇਈਏ ਕਿ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਦੋ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਸਨ। ਇਕ ਪਟੀਸ਼ਨ 'ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ, ਜਦਕਿ ਦੂਜੀ ਪਟੀਸ਼ਨ ਉਨ੍ਹਾਂ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਰਅਸਲ ਸੁਪਰੀਮ ਕੋਰਟ ਨੇ 12 ਜੁਲਾਈ ਨੂੰ ਈਡੀ ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ। ਹਾਲਾਂਕਿ ਕਿ ਉਨ੍ਹਾਂ ਦੀ ਰਿਹਾਈ ਤੋਂ ਪਹਿਲਾਂ ਹੀ ਸੀ. ਬੀ. ਆਈ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ। 10 ਦਿਨ ਦੀ ਪੁੱਛਗਿੱਛ ਮਗਰੋਂ ਇਕ ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੂੰ 10 ਮਈ ਨੂੰ 21 ਦਿਨ ਲਈ ਆਮ ਚੋਣਾਂ ਵਿਚ ਪ੍ਰਚਾਰ ਕਰਨ ਲਈ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ 51 ਦਿਨ ਜੇਲ੍ਹ ਵਿਚ ਰਹਿਣ ਮਗਰੋਂ ਮਿਲੀ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਇਕ ਜੂਨ ਤੱਕ ਰਿਹਾਈ ਮਨਜ਼ੂਰ ਕੀਤੀ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿਚ ਸਰੰਡਰ ਕਰ ਦਿੱਤਾ ਸੀ।
ਡਾਕਟਰਾਂ ਦੀ ਹੜਤਾਲ ਦੌਰਾਨ ਮਰਨ ਵਾਲੇ 29 ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 2-2 ਲੱਖ ਰੁਪਏ: ਮਮਤਾ
NEXT STORY