ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਖੇਤਰ ਵਿਚ ਰਹਿਣ ਵਾਲੇ ਲੋਕਾਂ ਨੇ ਐਤਵਾਰ ਗਾਜ਼ੀਪੁਰ ਸਰਹੱਦ ’ਤੇ ਜਾ ਕੇ ਕਿਸਾਨ ਅੰਦੋਲਨ ਪ੍ਰਤੀ ਇਕਜੁੱਟਤਾ ਜ਼ਾਹਰ ਕੀਤੀ। ਸੰਯੁਕਤ ਕਿਸਾਨ ਮੋਰਚਾ ਦੀ ਕੇਰਲ ਇਕਾਈ ਨੇ ਰਾਸ਼ਟਰੀ ਰਾਜਧਾਨੀ ਖੇਤਰ ’ਚ ਰਹਿਣ ਵਾਲੇ ਕੇਰਲ ਦੇ ਲੋਕਾਂ ਤੋਂ ਗਾਜ਼ੀਪੁਰ ਆ ਕੇ ਇਕਜੁੱਟਤਾ ਜ਼ਾਹਰ ਕਰਨ ਦੀ ਅਪੀਲ ਕੀਤੀ ਸੀ। ਇਸ ਮੌਕੇ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ਵੀ ਹਾਜ਼ਰ ਸਨ। ਇਨ੍ਹਾਂ ਦੋਹਾਂ ਆਗੂਆਂ ਨੇ ਕੇਰਲ ਦੇ ਲੋਕਾਂ ਪ੍ਰਤੀ ਧੰਨਵਾਦ ਜ਼ਾਹਰ ਕੀਤਾ।
ਕੇਰਲ ਦੇ ਲੋਕ ਢੋਲ-ਵਾਜਿਆਂ ਨਾਲ ਉੱਥੇ ਪਹੁੰਚੇ ਸਨ ਅਤੇ ਕਾਫੀ ਸਮੇਂ ਤੱਕ ਅੰਦੋਲਨਕਾਰੀਆਂ ਦੇ ਖਿੱਚ ਦਾ ਕੇਂਦਰ ਬਿੰਦੂ ਰਹੇ। ਇਸ ਦੌਰਾਨ ਕੇਰਲ ਦੇ ਕਿਸਾਨ ਆਗੂ ਵੀ ਹਾਜ਼ਰ ਸਨ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਪਿਛਲੇ 100 ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ।
ਦੱਸਣਯੋਗ ਹੈ ਕਿ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ, ਜਿਨ੍ਹਾਂ ਦੇ ਵਿਰੋਧ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਇਹ ਤਿੰਨ ਖੇਤੀ ਕਾਨੂੰਨ ਹਨ— ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ 2020, ਭਰੋਸੇਮੰਦ ਕੀਮਤ ਅਤੇ ਖੇਤੀਬਾੜੀ ਸੇਵਾਵਾਂ ਬਿੱਲ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020। ਇਨ੍ਹਾਂ ਖੇਤੀ ਕਾਨੂੰਨਾਂ ਦਾ ਕਿਸਾਨ ਇਸ ਲਈ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਇਸ ਨਾਲ ਮੰਡੀਆਂ ਖ਼ਤਮ ਹੋ ਜਾਣਗੀਆਂ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੇ ਰਹਿਮ ’ਤੇ ਨਿਰਭਰ ਹੋ ਜਾਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿਚ ਸਰਕਾਰ ਨੂੰ ਰੱਦ ਹੀ ਕਰਨੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ।
ਅੰਬਾਨੀ ਦੇ ਘਰ ਦੇ ਬਾਹਰ ਮਿਲੀ ਕਾਰ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ
NEXT STORY