ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨੀਵਾਰ ਸਵੇਰੇ ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ। ਜਿੱਥੇ ਪਾਰਟੀ ਆਗੂ, ਵਰਕਰਾਂ ਅਤੇ ਹੋਰ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਰਹੇ ਹਨ। ਕਾਂਗਰਸ ਹੈੱਡਕੁਆਰਟਰ 24 ਅਕਬਰ ਰੋਡ ਤੋਂ ਹੀ ਕੁਝ ਦੇਰ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ ਨਿਗਮਬੋਧ ਘਾਟ 'ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦਰਅਸਲ ਕਾਂਗਰਸ ਨੇ ਨਿਗਮਬੋਧ 'ਤੇ ਸਸਕਾਰ ਨੂੰ ਲੈ ਕੇ ਸਰਕਾਰ ਦੇ ਫ਼ੈਸਲੇ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਸੀ ਕਿ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅਜਿਹੀ ਥਾਂ 'ਤੇ ਹੋਣਾ ਚਾਹੀਦਾ ਹੈ, ਜਿੱਥੇ ਉਨ੍ਹਾਂ ਦਾ ਸਮਾਰਕ ਵੀ ਬਣ ਸਕੇ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਸੀ ਕਿ ਸਿੰਘ ਦੇ ਸਸਕਾਰ ਅਤੇ ਸਮਾਰਕ ਲਈ ਥਾਂ ਦੀ ਭਾਲ ਨਾ ਕਰ ਸਕਣਾ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਜਾਣਬੁੱਝ ਕੇ ਕੀਤਾ ਗਿਆ ਅਪਮਾਨ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਸ਼ੁੱਕਰਵਾਰ ਰਾਤ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਸਮਾਰਕ ਲਈ ਥਾਂ ਅਲਾਟ ਕਰੇਗੀ।
ਜ਼ਿਕਰਯੋਗ ਹੈ ਕਿ ਭਾਰਤ 'ਚ ਆਰਥਿਕ ਸੁਧਾਰਾਂ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਸਾਬਕਾ ਵਿੱਤ ਮੰਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਸਿੰਘ ਦੀ ਮ੍ਰਿਤਕ ਦੇਹ ਨੂੰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘3 ਮੋਤੀ ਲਾਲ ਨਹਿਰੂ ਮਾਰਗ’ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ, ਜਿੱਥੇ ਪਾਰਟੀ ਆਗੂਆਂ ਨੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਪ੍ਰਧਾਨ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦਿੱਤੀ।
ਵੱਡਾ ਹਾਦਸਾ: ਭਾਰੀ ਮੀਂਹ ਕਾਰਨ 52 ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਮਚਿਆ ਚੀਕ-ਚਿਹਾੜਾ
NEXT STORY