ਨਵੀਂ ਦਿੱਲੀ – ਵਿਰੋਧੀ ਧਿਰ ਦੇ ਮੈਂਬਰਾਂ ਨੇ ਲੋਕ ਸਭਾ ਵਿਚ ਸ਼ੁੱਕਰਵਾਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ, ਜਿਸ ਕਾਰਨ ਪ੍ਰੀਜ਼ਾਇਡਿੰਗ ਅਫਸਰ ਰਾਜਿੰਦਰ ਅਗਰਵਾਲ ਨੂੰ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰਨੀ ਪਈ।
ਇਕ ਵਾਰ ਦੀ ਮੁਅੱਤਲੀ ਤੋਂ ਬਾਅਦ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ, ਤ੍ਰਿਣਮੂਲ ਕਾਂਗਰਸ, ਦ੍ਰਵਿੜ ਮੁਨੇਤਰ ਕੜਗਮ, ਰਾਸ਼ਟਰਵਾਦੀ ਕਾਂਗਰਸ ਪਾਰਟੀ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੇ ਵਿਚਕਾਰ ਆ ਗਏ। ਰੌਲਾ ਪਾ ਰਹੇ ਮੈਂਬਰਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਲਖੀਮਪੁਰ ਪੀੜਤਾਂ ਨੂੰ ਨਿਆਂ ਦਿਓ’ ਅਤੇ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀ ਮਿਸ਼ਰਾ ਨੂੰ ਹਟਾਓ’ ਲਿਖਿਆ ਹੋਇਆ ਸੀ। ਸਦਨ ਵਿਚ ਡੈੱਡਲਾਕ ਵਧਦਾ ਵੇਖ ਕੇ ਅਗਰਵਾਲ ਨੇ ਕਾਰਵਾਈ ਦਿਨ ਭਰ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।
ਇਸ ਤੋਂ ਪਹਿਲਾਂ ਸਵੇਰੇ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ, ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ। ਓਧਰ ਵਿਰੋਧੀ ਧਿਰ ਦੇ ਰੌਲੇ-ਰੱਪੇ ਤੋਂ ਬਿਨਾਂ ਹੀ ਰਾਜ ਸਭਾ ਦੀ ਕਾਰਵਾਈ ਸੋਮਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ। ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਵਿਰੋਧੀ ਧਿਰ ਦੇ 12 ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਉਨ੍ਹਾਂ ਦੀ ਸਦਨ ਦੇ ਨੇਤਾ ਅਤੇ ਵਿਰੋਧੀ ਧਿਰ ਦੇ ਸੀਨੀਅਰ ਨੇਤਾਵਾਂ ਨਾਲ ਚਰਚਾ ਹੋਈ। ਉਨ੍ਹਾਂ ਮੈਂਬਰਾਂ ਨੂੰ ਇਸ ਮੁੱਦੇ ’ਤੇ ਇਕ ਰਾਏ ਬਣਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਜਿਹਾ ਮਾਹੌਲ ਬਣੇ, ਜਿਸ ਨਾਲ ਸਦਨ ਵਿਚ ਆਮ ਢੰਗ ਨਾਲ ਕੰਮਕਾਜ ਹੋ ਸਕੇ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਹਿਬੂਬਾ, ਉਮਰ ਨੇ ਜੰਮੂ-ਕਸ਼ਮੀਰ ਭੂਮੀ ਵਰਤੋਂ ਨੀਤੀ 'ਚ ਬਦਲਾਅ ਦੀ ਨਿੰਦਾ ਕੀਤੀ
NEXT STORY