ਨਵੀਂ ਦਿੱਲੀ, (ਭਾਸ਼ਾ)– ਸੁਪਰੀਮ ਕੋਰਟ ਨੇ ਸ਼ੁੱਕਰਵਾਰ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਇਕ ਉਸ ਅਰਜ਼ੀ ’ਤੇ 2 ਹਫਤਿਆਂ ਅੰਦਰ ਜਵਾਬ ਦਾਖਲ ਕਰਨ ਲਈ ਨਿਰਦੇਸ਼ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ 1988 ਦੇ ‘ਰੋਡ ਰੇਜ’ ਮਾਮਲੇ ਵਿਚ ਉਨ੍ਹਾਂ ਦੀ ਸਜ਼ਾ ਸਿਰਫ ਜਾਣਬੁੱਝ ਕੇ ਸੱਟ ਮਾਰਨ ਦੇ ਅਪਰਾਧ ਲਈ ਘੱਟ ਨਹੀਂ ਕੀਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਉਕਤ ‘ਰੋਡ ਰੇਜ’ ਮਾਮਲੇ ਵਿਚ ਕ੍ਰਿਕਟਰ ਤੋਂ ਨੇਤਾ ਬਣੇ ਸਿੱਧੂ ਨੂੰ ਮਈ 2018 ਵਿਚ ਦਿੱਤੀ ਗਈ ਸਜ਼ਾ ਦੀ ਸਮੀਖਿਆ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਅਦਾਲਤ ਨੇ ਸਿੱਧੂ ਨੂੰ 65 ਸਾਲ ਦੇ ਇਕ ਬਜ਼ੁਰਗ ਨੂੰ ਜਾਣਬੁੱਝ ਕੇ ਸੱਟ ਮਾਰਨ ਦਾ ਦੋਸ਼ੀ ਕਰਾਰ ਦਿੱਤਾ ਸੀ ਪਰ ਉਨ੍ਹਾਂ ਨੂੰ ਜੇਲ ਦੀ ਸਜ਼ਾ ਨਹੀਂ ਸੁਣਾਈ ਸੀ ਅਤੇ ਇਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਸੀ।
ਕੀ ਹੈ ਪੂਰਾ ਮਾਮਲਾ-
ਦੱਸਣਯੋਗ ਹੈ ਕਿ 1988 ’ਚ ਵਾਪਰੀ ਇਸ ਘਟਨਾ ਦੌਰਾਨ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ’ਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮਾਮਲੇ ’ਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣ ਬੁੱਝ ਕੇ ਸੱਟਾਂ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਸਿੱਧੂ ਦੀ ਜੇਲ੍ਹ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ 1000 ਰੁਪਏ ਜੁਰਮਾਨਾ ਲਾਇਆ ਸੀ।
ਸੁਪਰੀਮ ਕੋਰਟ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਭ ਦੋਸ਼ਾਂ ਤੋਂ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ਵਿਚ ਅਪਰਾਧ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਜ਼ਮ ਅਤੇ ਪੀੜਤ ਦਰਮਿਆਨ ਕੋਈ ਪਿਛਲੀ ਦੁਸ਼ਮਣੀ ਨਹੀਂ ਸੀ। ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ਵਿਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।
7 ਦਸੰਬਰ 1988 : ਘਟਨਾ ਵਾਲੇ ਦਿਨ ਸੜਕ ’ਤੇ ਹੋਈ ਸੀ ਝੜਪ
ਇਸਤਗਾਸਾ ਪੱਖ ਮੁਤਾਬਕ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੇ 27 ਦਸੰਬਰ 1988 ਨੂੰ ਪਟਿਆਲਾ ਵਿਚ ਸ਼ੇਰਾਂਵਾਲਾ ਗੇਟ ਕਰਾਸਿੰਗ ਨੇੜੇ ਆਪਣੀ ਜਿਪਸੀ ਸੜਕ ਦੇ ਬਿਲਕੁਲ ਵਿਚਕਾਰ ਖੜ੍ਹੀ ਕੀਤੀ ਹੋਈ ਸੀ। ਉਸ ਸਮੇਂ ਗੁਰਨਾਮ ਸਿੰਘ ਅਤੇ 2 ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਜਾ ਰਹੇ ਸਨ। ਜਦੋਂ ਉਹ ਕਰਾਸਿੰਗ ’ਤੇ ਪੁੱਜੇ ਤਾਂ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਸਿੰਘ ਨੇ ਜਿਪਸੀ ਨੂੰ ਸੜਕ ਦੇ ਵਿਚਕਾਰ ਖੜ੍ਹਾ ਵੇਖਿਆ। ਉਸ ਵਿਚ ਬੈਠੇ ਸਿੱਧੂ ਅਤੇ ਸੰਧੂ ਨੂੰ ਉਨ੍ਹਾਂ ਜਿਪਸੀ ਨੂੰ ਸੜਕ ਤੋਂ ਪਰ੍ਹਾ ਕਰਨ ਲਈ ਕਿਹਾ। ਇਸ ਗੱਲ ਨੂੰ ਲੈ ਕੇ ਤਿੱਖੀ ਝੜਪ ਹੋ ਗਈ ਸੀ। ਝਗੜੇ ਦੌਰਾਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਉਸ ਪਿੱਛੋਂ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸੰਧੂ ’ਤੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ।
ਦੇਸ਼ 'ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ 'ਚ 11,499 ਨਵੇਂ ਮਾਮਲੇ ਆਏ ਸਾਹਮਣੇ
NEXT STORY