ਪਟਨਾ(ਏਜੰਸੀ)— ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਟਨਾ ਸਾਹਿਬ ਤਿਆਰ ਹੈ। ਪ੍ਰਬੰਧਕ ਕਮੇਟੀ ਜੋਰ-ਸ਼ੋਰ ਨਾਲ ਤਿਆਰੀਆਂ ਮੁਕੰਮਲ ਕਰਨ 'ਚ ਲੱਗੀ ਹੋਈ ਹੈ। ਇਸ ਸਬੰਧੀ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਸ਼ਨੀਵਾਰ ਨੂੰ ਪਟਨਾ ਸਾਹਿਬ 'ਚ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਥੋਂ ਦਾ ਦੌਰਾ ਕੀਤਾ। ਮੁੱਖ ਮੰਤਰੀ ਇਸ ਦੌਰਾਨ ਕੰਗਨ ਘਾਟ ਸਥਿਤ ਟੈਂਟ ਸਿਟੀ ਗਏ।

ਦੇਸ਼-ਵਿਦੇਸ਼ ਦੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਨੂੰ ਠਹਿਰਾਉਣ ਲਈ ਕੰਗਨ ਘਾਟ ਸਮੇਤ ਕਈ ਸਥਾਨਾਂ 'ਤੇ ਪ੍ਰਬੰਧ ਕੀਤੇ ਗਏ ਹਨ। 11 ਅਤੇ 14 ਜਨਵਰੀ ਵਿਚਕਾਰ ਪ੍ਰਕਾਸ਼ ਪੁਰਬ ਦੇ ਧਾਰਮਿਕ ਸਮਾਗਮ ਤਖਤ ਸ੍ਰੀ ਹਰਿਮੰਦਰ ਸਾਹਿਬ ਦੇ ਪੰਡਾਲ 'ਚ ਹੋਣਗੇ। ਪ੍ਰਕਾਸ਼ ਪੁਰਬ 'ਤੇ ਆਉਣ ਵਾਲੇ ਸ਼ਰਧਾਲੂਆਂ ਲਈ ਟੈਂਟ ਸਿਟੀ ਦਾ ਨਿਰਮਾਣ ਕਰਵਾਇਆ ਗਿਆ ਹੈ। ਇੱਥੇ 5000 ਸ਼ਰਧਾਲੂਆਂ ਦੇ ਠਹਿਰਣ ਦੀ ਵਿਵਸਥਾ ਕੀਤੀ ਗਈ ਹੈ। ਲੰਗਰ ਅਤੇ ਡਾਕਟਰੀ ਸਹਾਇਤਾ ਦੇ ਵੀ ਪ੍ਰਬੰਧ ਕੀਤੇ ਗਏ ਹਨ।

ਕੰਗਨ ਘਾਟ 'ਚ ਟੈਂਟ ਸਿਟੀ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ 350ਵੇਂ ਪ੍ਰਕਾਸ਼ ਪੁਰਬ ਦਾ ਪ੍ਰਬੰਧ ਵੀ ਸਫਲਤਾਪੂਰਵਕ ਹੋਇਆ ਸੀ ਅਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਇਸ ਦੀ ਪ੍ਰਸ਼ੰਸਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਹ ਕੋਸ਼ਿਸ਼ ਕਰ ਰਹੇ ਹਨ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ, ਜੋ ਕਿ ਚੰਗੀ ਗੱਲ ਹੈ।

ਜਾਇਜ਼ੇ ਮਗਰੋਂ ਮੁੱਖ ਮੰਤਰੀ ਨੇ ਤਖਤ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਸਾਹਿਬ 'ਚ ਜਾ ਕੇ ਮੱਥਾ ਵੀ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ 2019 'ਚ ਕੱਤਕ ਪੁੰਨਿਆ 'ਤੇ ਸਿੱਖ ਪੰਥ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸਰਕਾਰੀ ਛੁੱਟੀ ਦਾ ਫੈਸਲਾ ਵੀ ਲਿਆ ਗਿਆ ਹੈ।
ਪੱ.ਬੰਗਾਲ 'ਚੋਂ ਮਮਤਾ ਬੈਨਰਜੀ ਦੇ PM ਬਣਨ ਦੀ ਸੰਭਾਵਨਾ : ਦਿਲੀਪ ਘੋਸ਼
NEXT STORY