ਮੁੰਬਈ - ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਤੁਰੰਤ ਸੁਰੱਖਿਆ ਵਧਾ ਦਿੱਤੀ। ਪੁਲਸ ਨੇ ਦੱਸਿਆ ਕਿ ਅੱਜ ਸਵੇਰੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਅੱਜ ਸਵੇਰੇ 5 ਵਜੇ ਇਕ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਨੇ ਹਵਾ ਵਿਚ ਤਿੰਨ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਮੁੰਬਈ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫੋਰੈਂਸਿਕ ਟੀਮ ਵੀ ਜਾਂਚ ਲਈ ਪਹੁੰਚ ਗਈ ਹੈ। ਦੋਵੇਂ ਸ਼ੂਟਰ ਬਾਈਕ 'ਤੇ ਆਏ ਅਤੇ ਫਿਰ ਹਵਾ 'ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਦੋਵਾਂ ਨੇ ਹੈਲਮੇਟ ਪਾਇਆ ਹੋਇਆ ਸੀ, ਜਿਸ ਕਾਰਨ ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਆਈਐਮ ਸ਼ਾਖਾ ਅਤੇ ਸਥਾਨਕ ਪੁਲਸ ਦੀਆਂ ਟੀਮਾਂ ਨੇ ਮੌਕੇ ਦਾ ਦੌਰਾ ਕੀਤਾ। ਸਲਮਾਨ ਖਾਨ ਦੇ ਬੰਗਲੇ ਦੇ ਬਾਹਰ ਗੋਲੀ ਕਿਸ ਨੇ ਚਲਾਈ ਇਹ ਅਜੇ ਜਾਂਚ ਦਾ ਵਿਸ਼ਾ ਹੈ ਪਰ ਸਲਮਾਨ ਖਾਨ ਨੂੰ ਖਤਰੇ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਮਿਲ ਚੁੱਕੀਆਂ ਧਮਕੀਆਂ
ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।
ਸਲਮਾਨ ਨੂੰ ਧਮਕੀ ਭਰਿਆ ਈ-ਮੇਲ ਮਿਲਿਆ ਸੀ, ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ।
ਪਿਛਲੇ ਸਾਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਕਿਹਾ ਸੀ ਕਿ ਖਾਨ 10 ਮੁੱਖ ਨਿਸ਼ਾਨਿਆਂ ਦੀ ਸੂਚੀ ਵਿੱਚ ਸਿਖਰ 'ਤੇ ਸੀ, ਜਿਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਖਤਮ ਕਰਨ ਦੀ ਯੋਜਨਾ ਬਣਾਈ ਸੀ।
PM ਮੋਦੀ ਅੱਜ ਜਾਰੀ ਕਰਨਗੇ ਭਾਜਪਾ ਦਾ ਸੰਕਲਪ ਪੱਤਰ
NEXT STORY