ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 62ਵੇਂ ਦਿਨ ਵੀ ਜਾਰੀ ਹੈ। ਅੰਦੋਲਨਕਾਰੀ ਕਿਸਾਨ ਅੱਜ ਯਾਨੀ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਰਹੇ ਹਨ। ਇਸ ਵਿਚ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਟਰੈਕਟਰ ਮਾਰਚ ਸ਼ਾਂਤੀਪੂਰਵਕ ਚੱਲ ਰਿਹਾ ਹੈ। ਜਦੋਂ ਉਨ੍ਹਾਂ ਤੋਂ ਪੁਲਸ ਵਲੋਂ ਹੋ ਰਹੇ ਲਾਠੀਚਾਰਜ ਅਤੇ ਹੰਝੂ ਗੈਸ ਛੱਡੇ ਜਾਣ ਬਾਰੇ ਪੁੱਛਿਆ ਗਿਆ ਤਾਂ ਸੁਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਛੱਡੇ ਜਾਣ ਦੀ ਅਸੀਂ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਰੇਡ ਕਰਨਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ।
ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਪੁਲਸ ਨੇ ਕਿਹਾ ਸੀ ਕਿ ਸਾਰੇ ਬਾਰਡਰਾਂ 'ਤੇ ਨਾਕੇਬੰਦੀ 26 ਜਨਵਰੀ ਤੋਂ ਪਹਿਲਾਂ ਖ਼ਤਮ ਕਰ ਦੇਵਾਂਗੇ ਪਰ ਉਨ੍ਹਾਂ ਨੇ ਜ਼ਿਆਦਾਤਰ ਬਾਰਡਰਾਂ 'ਤੇ ਨਾਕੇਬੰਦੀ ਖ਼ਤਮ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਭੜਕਾਉਣਾ ਚਾਹੁੰਦੀ ਹੈ ਪਰ ਕਿਸਾਨ ਅਨੁਸ਼ਾਸਨ 'ਚ ਰਹਿਣਗੇ।
ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਨੋਇਡਾ ਬਾਰਡਰ 'ਤੇ ਕਿਸਾਨਾਂ ਅਤੇ ਪੁਲਸ ਵਿਚਾਲੇ ਟਕਰਾਅ, ਬੈਰੀਕੇਡਜ਼ ਤੋੜ ਅੱਗੇ ਵਧੇ ਕਿਸਾਨ
NEXT STORY