ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਕਨਾਟ ਪਲੇਸ ਦੇ ਆਊਟਰ ਸਰਕਲ ’ਚ ਐਤਵਾਰ ਨੂੰ ਜਾਤੀ-ਆਧਾਰਿਤ ਰਾਖਵਾਂਕਰਨ ਖ਼ਿਲਾਫ਼ ਅਤੇ ਇਸ ਵਿਵਸਥਾ ’ਚ ਸੁਧਾਰ ਦੀ ਮੰਗ ਨੂੰ ਲੈ ਕੇ ਲੱਗਭਗ 300 ਲੋਕ ਇਕੱਠੇ ਹੋਏ, ਜਿਨ੍ਹਾਂ ’ਚੋਂ 20 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਪ੍ਰਦਰਸ਼ਨਕਾਰੀਆਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਰਾਖਵਾਂਕਰਨ ਅਤੇ ਸਰਕਾਰੀ ਮਦਦ ਲਈ ਯੋਗਤਾ ਤੈਅ ਕਰਦੇ ਸਮੇਂ ਆਰਥਿਕ ਪੈਮਾਨਿਆਂ ਨੂੰ ਮਹੱਤਵ ਦੇਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੀ ਦਲੀਲ ਸੀ ਕਿ ਮਦਦ ਜਾਤ ਤੋਂ ਪਰ੍ਹੇ, ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਤੱਕ ਪਹੁੰਚਣੀ ਚਾਹੀਦੀ ਹੈ।
ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਵੇਲੇ ਮੌਕੇ ’ਤੇ ਪੁਲਸ ਫੋਰਸ ਦੀ ਭਾਰੀ ਮੌਜੂਦਗੀ ਰਹੀ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ‘ਕ੍ਰੀਮੀ-ਲੇਅਰ’ ਦਾ ਨਿਯਮ ਲਾਗੂ ਕਰਨ ਅਤੇ ਮੌਜੂਦਾ ਰਾਖਵਾਂਕਰਨ ਵਿਵਸਥਾ ਦੀ ਸਮੀਖਿਆ ਕਰਨ ਦੀ ਹੈ। ਪ੍ਰਦਰਸ਼ਨਕਾਰੀਆਂ ਨੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪੱਛੜੇ ਵਰਗਾਂ ਨਾਲ ਸਬੰਧਤ ਨੀਤੀਆਂ ’ਚ ਬਦਲਾਅ ਦੀ ਵੀ ਮੰਗ ਕੀਤੀ। ਇਕ ਪ੍ਰਦਰਸ਼ਨਕਾਰੀ ਨੇ ਕਿਹਾ, “ਅਸੀਂ ਰਾਖਵਾਂਕਰਨ ਦੇ ਖ਼ਿਲਾਫ਼ ਨਹੀਂ ਹਾਂ। ਅਸੀਂ ਰਾਖਵਾਂਕਰਨ ’ਚ ਸੁਧਾਰ ਚਾਹੁੰਦੇ ਹਾਂ। ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਰੇ ਭਾਈਚਾਰਿਆਂ ਦੇ ਗਰੀਬ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਜਾਣਾ ਚਾਹੀਦਾ ਹੈ।”
ਇਕ ਹੋਰ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਮੌਜੂਦਾ ਪ੍ਰਣਾਲੀ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੇ ਲਾਭ ਉਨ੍ਹਾਂ ਲੋਕਾਂ ਤੱਕ ਪਹੁੰਚਣ, ਜਿਨ੍ਹਾਂ ਨੂੰ ਅਸਲ ’ਚ ਮਦਦ ਦੀ ਲੋੜ ਹੈ। ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਦੇ ਢਾਂਚੇ ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਉਨ੍ਹਾਂ ਨੀਤੀਆਂ ਦੀ ਵਿਆਪਕ ਸਮੀਖਿਆ ਦੀ ਮੰਗ ਕੀਤੀ, ਜਿਨ੍ਹਾਂ ਦਾ ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ’ਤੇ ਅਸਰ ਪੈਂਦਾ ਹੈ।
ਸਰਕਾਰ ਦਾ ਵੱਡਾ ਕਦਮ : 4 ਸਾਲਾਂ ਬਾਅਦ ਆਟੇ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਹਟਾਈ
NEXT STORY