ਸ਼੍ਰੀਨਗਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਬੁੱਧਵਾਰ ਨੂੰ ਸ਼੍ਰੀਨਗਰ ਪਹੁੰਚੇ। ਇਸ ਦੌਰਾਨ ਇਹ ਦੋਵੇਂ ਕਾਂਗਰਸੀ ਆਗੂ ਨੈਸ਼ਨਲ ਕਾਨਫਰੰਸ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣਗੇ। ਕਾਂਗਰਸ ਦੇ ਇੱਕ ਸੀਨੀਅਰ ਨੇਤਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਖੜਗੇ 18 ਸਤੰਬਰ ਤੋਂ ਤਿੰਨ ਪੜਾਵਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਮਹੱਤਵਪੂਰਨ ਬੈਠਕਾਂ ਲਈ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਦੋਵਾਂ ਨੇਤਾਵਾਂ ਦੀ ਕੋਈ ਅਧਿਕਾਰਤ ਮੀਟਿੰਗ ਤੈਅ ਨਹੀਂ ਹੈ। ਦੋਵੇਂ ਸੀਨੀਅਰ ਕਾਂਗਰਸੀ ਨੇਤਾ ਵੀਰਵਾਰ ਨੂੰ ਕਸ਼ਮੀਰ ਘਾਟੀ ਦੇ 10 ਜ਼ਿਲਿਆਂ ਦੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨਾਲ ਵਿਆਪਕ ਚਰਚਾ ਕਰਨਗੇ। ਇਹ ਬੈਠਕਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਜਿਸ ਤੋਂ ਬਾਅਦ ਦੋਵੇਂ ਨੇਤਾਵਾਂ (ਰਾਹੁਲ ਅਤੇ ਖੜਗੇ) ਦੇ ਇੱਥੇ ਮੀਡੀਆ ਨਾਲ ਗੱਲਬਾਤ ਕਰਨ ਦੀ ਸੰਭਾਵਨਾ ਹੈ।
ਚੋਣਾਂ ਤੋਂ ਪਹਿਲਾਂ ਸੰਭਾਵਿਤ ਗਠਜੋੜ 'ਤੇ ਚਰਚਾ ਕਰਨ ਲਈ ਉਨ੍ਹਾਂ ਦੇ ਨੈਸ਼ਨਲ ਕਾਨਫਰੰਸ (ਐੱਨ.ਸੀ.) ਦੀ ਚੋਟੀ ਦੀ ਲੀਡਰਸ਼ਿਪ ਨੂੰ ਮਿਲਣ ਦੀ ਵੀ ਸੰਭਾਵਨਾ ਹੈ। ਸ਼੍ਰੀਨਗਰ ਵਿੱਚ ਗੱਲਬਾਤ ਕਰਨ ਤੋਂ ਬਾਅਦ ਰਾਹੁਲ ਅਤੇ ਖੜਗੇ ਵੀਰਵਾਰ ਦੁਪਹਿਰ ਨੂੰ ਹੈਲੀਕਾਪਟਰ ਰਾਹੀਂ ਜੰਮੂ ਲਈ ਰਵਾਨਾ ਹੋਣਗੇ ਅਤੇ ਖੇਤਰ ਦੇ 10 ਜ਼ਿਲ੍ਹਿਆਂ ਦੇ ਵਰਕਰਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਦਿੱਲੀ ਲਈ ਰਵਾਨਾ ਹੋਣਗੇ। ਕਾਂਗਰਸ ਨੇਤਾ ਨੇ ਕਿਹਾ ਕਿ ਖੜਗੇ ਅਤੇ ਰਾਹੁਲ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਬਾਰੇ ਵਰਕਰਾਂ ਤੋਂ ਪੂਰੀ ਜਾਣਕਾਰੀ ਲੈਣਗੇ।
ਇਹ ਚੋਣਾਂ 10 ਸਾਲਾਂ ਦੇ ਵਕਫ਼ੇ ਮਗਰੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋ ਰਹੀਆਂ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਹੁਲ ਗਾਂਧੀ ਨੂੰ ਆਪਣੇ ਦੌਰੇ ਦੌਰਾਨ ਧਾਰਾ 370 ਅਤੇ ਧਾਰਾ 35ਏ 'ਤੇ ਆਪਣੀ ਪਾਰਟੀ (ਕਾਂਗਰਸ) ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਦੌਰਾ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਖੇਤਰ ਵਿੱਚ ਲਿਆਂਦੀ 'ਸ਼ਾਂਤੀ ਅਤੇ ਵਿਕਾਸ' ਤੋਂ ਜਾਣੂ ਕਰਵਾਏਗਾ। ਚੁੱਘ ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਦੇ ਇੰਚਾਰਜ ਵੀ ਹਨ।
ਨਹੀਂ ਮਿਲੇਗੀ ਤਨਖਾਹ, ਰੁੱਕ ਸਕਦੀ ਹੈ ਤਰੱਕੀ, ਸਰਕਾਰ ਨੇ ਜਾਰੀ ਕੀਤਾ ਹੁਕਮ
NEXT STORY