ਰਾਏਬਰੇਲੀ, (ਭਾਸ਼ਾ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਡਾਣੀ ਸਮੂਹ ਨਾਲ ਸਬੰਧਤ ਵਿਵਾਦ ’ਤੇ ਅਮਰੀਕੀ ਮੀਡੀਆ ਵਿਚ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਹ ਕੋਈ ‘ਨਿੱਜੀ ਮਾਮਲਾ’ ਨਹੀਂ ਹੈ, ਸਗੋਂ ਦੇਸ਼ ਨਾਲ ਸਬੰਧਤ ਮਾਮਲਾ ਹੈ।
ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਪਣੇ ਸੰਸਦੀ ਹਲਕੇ ਦੇ ਦੌਰੇ ਦੇ ਦੂਜੇ ਦਿਨ ਲਾਲਗੰਜ ਵਿਚ ਇਕ ਸਮਾਗਮ ਵਿਚ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਇਹ ਟਿੱਪਣੀ ਕੀਤੀ। ਕਾਂਗਰਸੀ ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਅਮਰੀਕੀ ਯਾਤਰਾ ਦੌਰਾਨ ਮੀਡੀਆ ਨਾਲ ਉਨ੍ਹਾਂ ਦੀ ਗੱਲਬਾਤ ਦਾ ਜ਼ਿਕਰ ਕਰਦੇ ਹੋਏ ਇਹ ਦੋਸ਼ ਲਗਾਏ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਮੋਦੀ ਨੂੰ ਅਡਾਣੀ ਸਮੂਹ ਬਾਰੇ ਚੱਲ ਰਹੇ ਵਿਵਾਦ ਬਾਰੇ ਪੁੱਛਿਆ ਗਿਆ ਸੀ ਤਾਂ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਇਹ ‘ਇਕ ਨਿੱਜੀ ਮੁੱਦਾ’ ਸੀ ਅਤੇ ਜਦੋਂ 2 ਦੇਸ਼ਾਂ ਦੇ ਨੇਤਾ ਮਿਲਦੇ ਹਨ ਤਾਂ ਅਜਿਹੇ ਮੁੱਦਿਆਂ ’ਤੇ ਚਰਚਾ ਨਹੀਂ ਕੀਤੀ ਜਾਂਦੀ। ਉਨ੍ਹਾਂ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਮੋਦੀ ਜੀ ਇਹ ਕੋਈ ਨਿੱਜੀ ਮਾਮਲਾ ਨਹੀਂ ਹੈ, ਇਹ ਦੇਸ਼ ਦਾ ਮਾਮਲਾ ਹੈ। ਰਾਹੁਲ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਮੀਡੀਆ ਨੂੰ ਕਿਹਾ ਕਿ ਉਦਯੋਗਪਤੀ ਗੌਤਮ ਅਡਾਣੀ ਉਨ੍ਹਾਂ ਦੇ ਦੋਸਤ ਹਨ ਅਤੇ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਉਨ੍ਹਾਂ ਬਾਰੇ ਕੁਝ ਨਹੀਂ ਪੁੱਛਣਗੇ।
ਰਾਹੁਲ ਨੇ ਕਿਹਾ ਕਿ ਅਮਰੀਕਾ ਵਿਚ ਅਡਾਣੀ ਵਿਰੁੱਧ ਭ੍ਰਿਸ਼ਟਾਚਾਰ ਅਤੇ ਚੋਰੀ ਦਾ ਮਾਮਲਾ ਦਰਜ ਹੈ ਅਤੇ ਸਾਡੇ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਇਹ ਇਕ ਨਿੱਜੀ ਮਾਮਲਾ ਹੈ ਅਤੇ ਅਸੀਂ ਇਸ ’ਤੇ ਚਰਚਾ ਨਹੀਂ ਕਰਦੇ ਹਾਂ। ਜੇਕਰ ਉਹ ਸੱਚਮੁੱਚ ਭਾਰਤ ਦੇ ਪ੍ਰਧਾਨ ਮੰਤਰੀ ਹੁੰਦੇ ਤਾਂ ਉਹ ਟਰੰਪ ਨੂੰ ਇਸ ਮਾਮਲੇ ਬਾਰੇ ਪੁੱਛਦੇ ਅਤੇ ਉਨ੍ਹਾਂ ਨੂੰ ਕਹਿੰਦੇ ਕਿ ਉਹ ਇਸ ਦੀ ਜਾਂਚ ਕਰਵਾਉਣਗੇ ਅਤੇ ਜੇ ਲੋੜ ਪਈ ਤਾਂ ਅਡਾਣੀ ਨੂੰ ਜਾਂਚ ਲਈ ਅਮਰੀਕਾ ਭੇਜਣਗੇ ਪਰ ਉਨ੍ਹਾਂ ਕਿਹਾ ਕਿ ਇਹ ਇਕ ਨਿੱਜੀ ਮਾਮਲਾ ਹੈ।
59 ਕਰੋੜ ਪਹੁੰਚੀ ਸੰਗਮ ’ਚ ਡੁਬਕੀ ਲਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ
NEXT STORY