ਨਵੀਂ ਦਿੱਲੀ- ਦਿੱਲੀ ਤੋਂ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਜਪਾ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਸਮਰਥਕਾਂ ’ਤੇ ਅਦਾਲਤ ਵਿਚ ਚੋਣ ਨਾਲ ਸਬੰਧਤ ਕੇਸ ਦੀ ਸੁਣਵਾਈ ਦੇ ਲੈਫਟੀਨੈਂਟ ਗਵਰਨਰ ਦੇ ‘ਫੈਸਲੇ’ ਦਾ ਐਲਾਨ ਕਰਨ ਨੂੰ ਅਦਾਲਤ ਦੀ ਮਾਣਹਾਨੀ ਕਰਾਰ ਦਿੱਤਾ ਹੈ।
ਸਰਨਾ ਨੇ ਕਿਹਾ ਕਿ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਜਿਨ੍ਹਾਂ ਨੇ ਐੱਲ. ਜੀ. ਵੱਲੋਂ ਬੋਲਣ ਦੀ ਕੋਸ਼ਿਸ਼ ਕੀਤੀ, ਨੇ ਇਕ ਫੈਸਲਾ ਜਾਰੀ ਕਰਦਿਆਂ ਅਦਾਲਤੀ ਪ੍ਰਕਿਰਿਆ ਵਿਚ ਦਖਲਅੰਦਾਜ਼ੀ ਕੀਤੀ ਹੈ, ਜਿਸ ਨਾਲ ਅਦਾਲਤੀ ਕਾਰਵਾਈ ਦੀ ਪਵਿੱਤਰਤਾ ਨੂੰ ਢਾਅ ਲੱਗੀ ਹੈ। ਕਾਹਲੋਂ ਦੇ ਇਸ ਦਾਅਵੇ ਕਿ ਸਿਰਸਾ ਸਮਰਥਕਾਂ ਦੀ ਚੋਣ ਨਿਰਪੱਖਤਾ ਨਾਲ ਕੀਤੀ ਗਈ ਸੀ, ਜਦੋਂ ਕਿ ਪੰਥਕ ਧੜਿਆਂ ਨਾਲ ਜੁੜੇ ਲੋਕਾਂ ਨੂੰ ਅਯੋਗ ਸਮਝਿਆ ਗਿਆ ਸੀ, ਦੀ ਪਰਮਜੀਤ ਸਿੰਘ ਸਰਨਾ ਨੇ ਤਿੱਖੀ ਆਲੋਚਨਾ ਕੀਤੀ।
ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਿਹਾ ਕਾਨੂੰਨੀ ਵਿਵਾਦ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇ ਕਾਹਲੋਂ ਦੇ ਦਾਅਵਿਆਂ ’ਤੇ ਵਿਸ਼ਵਾਸ ਕੀਤਾ ਜਾਵੇ ਤਾਂ ਇਹ ਸੁਝਾਅ ਦਿੰਦਾ ਹੈ ਕਿ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੇ ਸਿਰਸਾ/ਕਾਲਕਾ ਦੇ ਵਫਾਦਾਰਾਂ ਨੂੰ ਖੁੱਲ੍ਹੇਆਮ ਸਮਰਥਨ ਦੇ ਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ, ਜੋ ਪੰਥ ਲਈ ਸਵੀਕਾਰਨਯੋਗ ਹੈ। ਉਨ੍ਹਾਂ ਕਾਹਲੋਂ, ਸਿਰਸਾ ਅਤੇ ਕਾਲਕਾ ’ਤੇ ਚੱਲ ਰਹੀਆਂ ਕਾਨੂੰਨੀ ਕਾਰਵਾਈਆਂ ਨੂੰ ਪ੍ਰਭਾਵਿਤ ਕਰਨ ਲਈ ਉਨ੍ਹਾਂ ਦੀ ਕਥਿਤ ਸ਼ਮੂਲੀਅਤ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ ਲਾਇਆ।
ਸਰਨਾ ਨੇ ਕਿਹਾ ਕਿ ਸਿੱਖ ਕਾਲਕਾ ਅਤੇ ਸਿਰਸਾ ਦੀ ਨਿਗਰਾਨੀ ਹੇਠ ਕੀਤੀ ਗਈ ਗੋਲਕ ਦੀ ਲੁੱਟ ਦੀ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਵੱਲੋਂ ਕੀਤੀ ਗਈ ਜਾਂਚ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਐੱਲ. ਜੀ. ਨੂੰ ਬੇਨਤੀ ਕਰਦੇ ਹਾਂ ਕਿ ਜੇਕਰ ਉਹ ਕਰ ਸਕਣ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਬੈਂਕ ਖਾਤਿਆਂ ਦੀ ਸੀ. ਏ. ਜੀ. ਜਾਂਚ ਦਾ ਹੁਕਮ ਦੇਣ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਜੋ ਕੁਝ ਦਿਨ ਪਹਿਲਾਂ ਸਮਾਪਤ ਹੋਈਆਂ ਏਸ਼ੀਆਈ ਖੇਡਾਂ ਵਿਚ ਸੋਨੇ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਸਾਬਤ ਸੂਰਤ ਸਿੱਖ ਨੌਜਵਾਨ ਜਰਮਨਜੀਤ ਸਿੰਘ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ, ਉਹ ਬੇਹੱਦ ਸ਼ਲਾਘਾਯੋਗ ਹੈ। ਇਸ ਨਾਲ ਹੋਰ ਨੌਜਵਾਨਾਂ ਨੂੰ ਵੀ ਉਤਸ਼ਾਹ ਮਿਲੇਗਾ।
ਸਿੱਕਮ: ਜਾਨ ਦੇ ਕੇ ਹਜ਼ਾਰਾਂ ਜ਼ਿੰਦਗੀਆਂ ਨੂੰ ਬਚਾ ਗਿਆ 35 ਸਾਲ ਦਾ ਸ਼ੇਰਿੰਗ ਲੇਪਚਾ
NEXT STORY