ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਜਲਦ ਸੂਚੀੱਧ ਕਰਨ ਦਾ ਫ਼ੈਸਲਾ ਕਰੇਗਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜੱਜ ਪੀ.ਐੱਸ. ਨਰਸਿਮਹਾ ਅਤੇ ਜੱਜ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਇਕ ਪੱਖ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਰਾਜੂ ਰਾਮਚੰਦਰਨ ਦੀਆਂ ਦਲੀਲਾਂ 'ਤੇ ਗੌਰ ਕੀਤਾ ਕਿ ਇਨ੍ਹਾਂ ਪਟੀਸ਼ਨਾਂ 'ਤੇ ਤੁਰੰਤ ਸੁਣਵਾਈ ਜ਼ਰੂਰੀ ਹੈ। ਚੀਫ਼ ਜਸਟਿਸ ਨੇ ਕਿਹਾ,''ਠੀਕ ਹੈ। ਮੈਂ ਇਸ 'ਤੇ ਫ਼ੈਸਲਾ ਕਰਾਂਗਾ।'' ਪਿਛਲੇ ਸਾਲ 14 ਦਸੰਬਰ ਨੂੰ ਪੈਂਡਿੰਗ ਮਾਮਲਿਆਂ 'ਤੇ ਦਖ਼ਲਅੰਦਾਜ਼ੀ ਕਰ ਰਹੀ ਬੈਂਚ ਦੇ ਸਾਹਮਣੇ ਅਕਾਦਮਿਕ ਅਤੇ ਲੇਖਕ ਰਾਧਾ ਕੁਮਾਰ ਨੇ ਪਟੀਸ਼ਨਾਂ ਨੂੰ ਜਲਦ ਸੂਚੀਬੱਧ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ 25 ਅਪ੍ਰੈਲ ਅਤੇ 23 ਸਤੰਬਰ ਨੂੰ ਸਾਬਕਾ ਚੀਫ਼ ਜਸਟਿਸ ਐੱਨ.ਵੀ. ਰਮੰਨ (ਹੁਣ ਸੇਵਾਮੁਕਤ) ਦੀ ਅਗਵਾਈ ਵਾਲੀ ਬੈਂਚ ਨੇ ਧਾਰਾ 370 ਹਟਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਣਵਾਈ ਲਈ ਸੂਚੀਬੱਧ ਕਰਨ 'ਤੇ ਸਹਿਮਤ ਹੋਈ ਸੀ।
ਸੁਪਰੀਮ ਕੋਰਟ ਨੂੰ ਇਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਲਈ 5 ਜੱਜਾਂ ਦੀ ਬੈਂਚ ਦਾ ਮੁੜ ਤੋਂ ਗਠਨ ਕਰਨਾ ਹੋਵੇਗਾ, ਕਿਉਂਕਿ ਇਨ੍ਹਾਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ 5 ਜੱਜਾਂ ਦੀ ਬੈਂਚ ਦਾ ਹਿੱਸਾ ਰਹੇ ਸਾਬਕਾ ਚੀਫ਼ ਜਸਟਿਸ ਰਮੰਨ ਅਤੇ ਜੱਜ ਆਰ. ਸੁਭਾਸ਼ ਰੈੱਡੀ ਸੇਵਾਮੁਕਤ ਹੋ ਚੁੱਕੇ ਹਨ। 2 ਸਾਬਕਾ ਜੱਜਾਂ ਤੋਂ ਇਲਾਵਾ ਜੱਜ ਸੰਜੇ ਕਿਸ਼ਨ ਕੌਲ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਉਸ ਬੈਂਚ ਦਾ ਹਿੱਸਾ ਸਨ, ਜਿਸ ਨੇ 5 ਅਗਸਤ 2019 ਨੂੰ ਧਾਰਾ 370 ਰੱਦ ਕਰਨ ਦੇ ਫ਼ੈਸਲੇ ਦੀ ਸੰਵਿਧਾਨਿਕ ਵੈਧਤਾ ਦੀ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ 2 ਮਾਰਚ 2020 ਨੂੰ 7 ਜੱਜਾਂ ਦੀ ਇਕ ਵੱਡੀ ਬੈਂਚ ਨੂੰ ਭੇਜਣ ਤੋਂ ਮਨ੍ਹਾ ਕਰ ਦਿੱਤਾ ਸੀ। ਧਾਰਾ 370 ਅਤੇ ਜੰਮੂ ਕਸ਼ਮੀਰ ਪੁਨਰਗਠਨ ਐਕਟ 2019 ਦੇ ਪ੍ਰਬੰਧਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 2019 'ਚ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੱਜ ਰਮੰਨ ਦੀ ਪ੍ਰਧਾਨਗੀ ਵਾਲੀ ਇਕ ਸੰਵਿਧਾਨ ਬੈਂਚ ਨੂੰ ਭੇਜੀਆਂ ਸਨ। ਕੇਂਦਰ ਦੇ ਇਸ ਫ਼ੈਸਲੇ ਤੋਂ ਬਾਅਦ ਜੰਮੂ ਕਸ਼ਮੀਰ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ 'ਚ ਵੰਡ ਦਿੱਤਾ ਗਿਆ। ਕੇਂਦਰ ਸਰਕਾਰ ਨੇ ਧਾਰਾ 370 ਰੱਦ ਕਰ ਕੇ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰ ਦਿੱਤਾ ਸੀ।
ਹਿਮਾਚਲ : 14 ਮਾਰਚ ਤੋਂ 6 ਅਪ੍ਰੈਲ ਤਕ ਚੱਲੇਗਾ ਵਿਧਾਨ ਸਭਾ ਦਾ ਬਜਟ ਸੈਸ਼ਨ, ਹੋਣਗੀਆਂ 18 ਬੈਠਕਾਂ
NEXT STORY