ਨਵੀਂ ਦਿੱਲੀ (ਵੈਬ ਡੈਸਕ)- ਦੇਸ਼ ਦੀ ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਅਤੇ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੂੰ ਇੱਕ ਅਹਿਮ ਨਿਰਦੇਸ਼ ਜਾਰੀ ਕਰਦਿਆਂ ਚਾਰ ਮਹੀਨਿਆਂ ਦੇ ਅੰਦਰ ਤਨਖਾਹ ਦੀ ਹੱਦ ਨੂੰ ਸੋਧਣ ਬਾਰੇ ਫੈਸਲਾ ਲੈਣ ਲਈ ਕਿਹਾ ਹੈ। ਅਦਾਲਤ ਵਿੱਚ ਦਾਇਰ ਇੱਕ ਪਟੀਸ਼ਨ ਰਾਹੀਂ ਇਹ ਮੁੱਦਾ ਚੁੱਕਿਆ ਗਿਆ ਸੀ ਕਿ ਤਨਖਾਹ ਦੀ ਹੱਦ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਾ ਹੋਣ ਕਾਰਨ ਬਹੁਤ ਸਾਰੇ ਕਰਮਚਾਰੀ EPFO ਦੇ ਦਾਇਰੇ ਤੋਂ ਬਾਹਰ ਹੋ ਗਏ ਹਨ। ਇਹ ਪਟੀਸ਼ਨ ਡਾ. ਨਵੀਨ ਪ੍ਰਕਾਸ਼ ਨੌਟਿਆਲ ਵੱਲੋਂ ਦਾਇਰ ਕੀਤੀ ਗਈ ਸੀ, ਜਿਸ 'ਤੇ ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਅਤੁਲ ਐਸ. ਚੰਦੂਰਕਰ ਦੇ ਬੈਂਚ ਨੇ ਸੁਣਵਾਈ ਕੀਤੀ। ਅਦਾਲਤ ਨੇ ਪਟੀਸ਼ਨਕਰਤਾ ਨੂੰ ਆਦੇਸ਼ ਦੀ ਕਾਪੀ ਦੇ ਨਾਲ ਦੋ ਹਫ਼ਤਿਆਂ ਦੇ ਅੰਦਰ ਆਪਣੀ ਵਿਸਤ੍ਰਿਤ ਪ੍ਰਤੀਨਿਧਤਾ ਪੇਸ਼ ਕਰਨ ਦਾ ਸਮਾਂ ਦਿੱਤਾ ਹੈ।
10 ਸਾਲਾਂ ਤੋਂ ਨਹੀਂ ਹੋਇਆ ਬਦਲਾਓ
ਸਰੋਤਾਂ ਅਨੁਸਾਰ, ਕੇਂਦਰ ਸਰਕਾਰ ਨੇ ਘੱਟੋ-ਘੱਟ ਤਨਖਾਹ ਦੀ ਸੀਮਾ ₹15,000 ਪ੍ਰਤੀ ਮਹੀਨਾ ਨਿਰਧਾਰਤ ਕੀਤੀ ਹੋਈ ਹੈ, ਜੋ ਕਿ ਸਤੰਬਰ 2014 ਤੋਂ ਬਾਅਦ ਨਹੀਂ ਬਦਲੀ ਗਈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ₹15,000 ਦੀ ਇਹ ਸੀਮਾ ਮੌਜੂਦਾ ਮਹਿੰਗਾਈ, ਘੱਟੋ-ਘੱਟ ਉਜਰਤ ਅਤੇ ਪ੍ਰਤੀ ਵਿਅਕਤੀ ਆਮਦਨ ਵਿੱਚ ਹੋਏ ਵਾਧੇ ਦੇ ਮੁਕਾਬਲੇ ਬਿਲਕੁਲ ਤਰਕਹੀਣ ਹੈ। ਇਸ ਕਾਰਨ 15,000 ਰੁਪਏ ਤੋਂ ਮਾਮੂਲੀ ਜਿਹੀ ਵੱਧ ਤਨਖਾਹ ਲੈਣ ਵਾਲੇ ਕਰਮਚਾਰੀ ਵੀ ਸਮਾਜਿਕ ਸੁਰੱਖਿਆ ਦੇ ਲਾਭਾਂ ਤੋਂ ਵਾਂਝੇ ਰਹਿ ਜਾਂਦੇ ਹਨ।
ਸਿਫ਼ਾਰਸ਼ਾਂ ਦੇ ਬਾਵਜੂਦ ਕੇਂਦਰ ਦੀ ਦੇਰੀ
ਪਬਲਿਕ ਅਕਾਊਂਟਸ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਿਫ਼ਾਰਸ਼ ਕੀਤੀ ਸੀ ਕਿ ਮਹਿੰਗਾਈ ਕਾਰਨ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਹਰ ਤਿੰਨ ਤੋਂ ਪੰਜ ਸਾਲਾਂ ਵਿੱਚ ਤਨਖਾਹ ਸੀਮਾ ਨੂੰ ਸੋਧਿਆ ਜਾਣਾ ਚਾਹੀਦਾ ਹੈ। ਹਾਲਾਂਕਿ ਜੁਲਾਈ 2022 ਵਿੱਚ ਸੈਂਟਰਲ ਬੋਰਡ ਆਫ਼ ਟਰੱਸਟੀਜ਼ ਨੇ ਇਨ੍ਹਾਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ, ਪਰ ਕੇਂਦਰ ਸਰਕਾਰ ਨੇ ਅਜੇ ਤੱਕ ਇਸ 'ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਸੀ। ਹੁਣ ਸੁਪਰੀਮ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ, ਕੇਂਦਰ ਨੂੰ ਅਗਲੇ ਚਾਰ ਮਹੀਨਿਆਂ ਵਿੱਚ ਇਸ 'ਤੇ ਫੈਸਲਾ ਲੈਣਾ ਪਵੇਗਾ।
IMD ਦਾ ਅਲਰਟ! 9 ਤੇ 10 ਜਨਵਰੀ ਨੂੰ ਇਸ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਪੈ ਸਕਦੈ ਤੇਜ਼ ਮੀਂਹ
NEXT STORY