ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਕਿਸਾਨਾਂ ਦੀ ਆਮਦਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ ਅਤੇ ਇਸ ਕੰਮ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੌਹਾਨ ਨੇ ਲੋਕ ਸਭਾ 'ਚ ਸਮਾਜਵਾਦੀ ਪਾਰਟੀ (ਸਪਾ) ਦੇ ਆਨੰਦ ਭਦੌਰੀਆ ਦੇ ਇਕ ਪੂਰਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਐੱਨਐੱਸਐੱਸ ਦੀ ਰਿਪੋਰਟ ਮੁਤਾਬਕ 2002-03 'ਚ ਕਿਸਾਨਾਂ ਦੀ ਆਮਦਨ 2,015 ਰੁਪਏ ਪ੍ਰਤੀ ਮਹੀਨਾ ਸੀ, ਜੋ 2018-19 'ਚ ਵਧ ਕੇ 10,218 ਰੁਪਏ ਹੋ ਗਈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਇਹ ਸਰਵੇਖਣ 2019 ਤੋਂ ਬਾਅਦ ਅਜੇ ਤੱਕ ਨਹੀਂ ਕੀਤਾ ਗਿਆ, ਜੋ ਕਿ ਅਗਲੇ ਸਾਲ ਕੀਤਾ ਜਾਵੇਗਾ ਪਰ 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਾਡਾ ਮੰਨਣਾ ਹੈ ਕਿ 2019 ਤੋਂ ਬਾਅਦ ਕਿਸਾਨਾਂ ਦੀ ਆਮਦਨ ਤੇਜ਼ੀ ਨਾਲ ਵਧ ਰਹੀ ਹੈ।''
ਚੌਹਾਨ ਨੇ ਕਿਹਾ,''ਅਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਕਿਸਾਨਾਂ ਦੀ ਆਮਦਨ ਵਧ ਰਹੀ ਹੈ। ਅਸੀਂ ਇਸ ਦਿਸ਼ਾ 'ਚ ਲਗਾਤਾਰ ਕੰਮ ਕਰ ਰਹੇ ਹਾਂ।'' ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੈਦਾਵਾਰ ਵਧਾਉਣ, ਉਤਪਾਦਨ ਦੀ ਲਾਗਤ ਘਟਾਉਣ, ਉਨ੍ਹਾਂ ਦੀ ਉਪਜ ਦੀ ਉਚਿਤ ਕੀਮਤ ਦੇਣ, ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ, ਖੇਤੀ ਵਿਭਿੰਨਤਾ ਅਤੇ ਜੈਵਿਕ ਖੇਤੀ ਤੇ ਕੁਦਰਤੀ ਖੇਤੀ ਨੂੰ ਉਤਸ਼ਾਹ ਕਰਨ ਲਈ ਛੇ ਸੂਤਰੀ ਪ੍ਰੋਗਰਾਮ ਨਾਲ ਇਹ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ 'ਤੇ ਦਿੱਤੀ ਜਾ ਰਹੀ ਸਬਸਿਡੀ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਘੱਟ ਵਿਆਜ ਦਰ 'ਤੇ ਕਰਜ਼ਾ ਮਿਲੇਗਾ। ਚੌਹਾਨ ਨੇ ਦਾਅਵਾ ਕੀਤਾ ਕਿ ਇਸ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਰਿਕਾਰਡ ਖਰੀਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕੱਲੇ ਦਾਲਾਂ ਦੀ ਫ਼ਸਲ ਦੀ ਗੱਲ ਕਰੀਏ ਤਾਂ ਪਿਛਲੀ ਯੂ.ਪੀ.ਏ ਸਰਕਾਰ ਵੇਲੇ ਸਿਰਫ਼ 6 ਲੱਖ ਮੀਟ੍ਰਿਕ ਟਨ ਹੀ ਖ਼ਰੀਦੀ ਗਈ ਸੀ ਪਰ ਸਾਡੀ ਸਰਕਾਰ ਨੇ ਇਕ ਕਰੋੜ ਮੀਟ੍ਰਿਕ ਟਨ ਤੋਂ ਵੱਧ ਦਾਲਾਂ ਦੀ ਖ਼ਰੀਦ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਦੇਸ਼ 'ਚ ਡੀਏਪੀ ਖਾਦ ਦੀ ਕਿੱਲਤ ਦੇ ਸਵਾਲਾਂ 'ਤੇ ਕਿਹਾ ਕਿ ਲਗਾਤਾਰ ਡੀਏਪੀ ਆ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ! ਭਿਖਾਰੀ ਨੂੰ ਦਿੱਤੀ ਭੀਖ, ਹੋਵੇਗਾ ਪਰਚਾ ਦਰਜ਼
NEXT STORY