ਨਵੀਂ ਦਿੱਲੀ- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ 'ਚ ਕਿਸਾਨਾਂ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਕੇਂਦਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਚੌਹਾਨ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਲਿਖੀ ਚਿੱਠੀ 'ਚ ਦੋਸ਼ ਲਾਇਆ ਹੈ ਕਿ ਦਿੱਲੀ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬਹੁਤ ਉਦਾਸੀਨ ਹੈ ਅਤੇ ਆਮ ਆਦਮੀ ਪਾਰਟੀ ਦਿੱਲੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿਚ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਨੇ ਕਦੇ ਵੀ ਕਿਸਾਨਾਂ ਦੇ ਹਿੱਤ ਵਿਚ ਯੋਗ ਫੈਸਲੇ ਨਹੀਂ ਲਏ। ਇਹ ਚਿੱਠੀ ਬੁੱਧਵਾਰ ਨੂੰ ਲਿਖੀ ਗਈ ਸੀ ਅਤੇ ਵੀਰਵਾਰ ਨੂੰ ਇਸ ਦੀ ਕਾਪੀ ਇੱਥੇ ਜਾਰੀ ਕੀਤੀ ਗਈ। ਚੌਹਾਨ ਨੇ ਕਿਹਾ ਕਿ ਦਿੱਲੀ 'ਚ ‘ਆਪ’ ਦੀ ਸਰਕਾਰ 10 ਸਾਲਾਂ ਤੋਂ ਸੱਤਾ 'ਚ ਰਹੀ ਹੈ ਪਰ ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ ਹੈ। ਕੇਂਦਰ ਸਰਕਾਰ ਦੀ ਕਿਸਾਨ ਹਿਤੈਸ਼ੀ ਸਕੀਮਾਂ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਾਗੂ ਨਹੀਂ ਕੀਤਾ। ਇਸ ਕਾਰਨ ਦਿੱਲੀ ਦੇ ਕਿਸਾਨ ਕੇਂਦਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ 'ਆਪ' ਸਰਕਾਰ ਦਾ ਕਿਸਾਨਾਂ ਪ੍ਰਤੀ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ। ਕਿਸਾਨ ਸੰਗਠਿਤ ਬਾਗਬਾਨੀ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਬੀਜ ਗ੍ਰਾਮ ਪ੍ਰੋਗਰਾਮ ਸਮੇਤ ਕਈ ਸਕੀਮਾਂ ਦਾ ਲਾਭ ਨਹੀਂ ਲੈ ਪਾ ਰਹੇ ਹਨ।
ਸ਼ਿਵਰਾਜ ਨੇ ਚਿੱਠੀ ਵਿਚ ਲਿਖਿਆ ਕਿ ਕੇਂਦਰ ਦੀਆਂ ਖੇਤੀ ਸਕੀਮਾਂ ਨੂੰ ਲਾਗੂ ਨਾ ਕਰਨ ਕਾਰਨ ਕਿਸਾਨ ਨਰਸਰੀ ਅਤੇ ਟਿਸ਼ੂ ਕਲਚਰ ਦੀ ਸਥਾਪਨਾ, ਪੌਦੇ ਲਗਾਉਣ ਲਈ ਸਮੱਗਰੀ ਦੀ ਸਪਲਾਈ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚੇ ਦੀ ਉਸਾਰੀ, ਨਵੇਂ ਬਾਗਾਂ ਦੀ ਸਬਸਿਡੀ ਸਮੇਤ ਕਈ ਸਕੀਮਾਂ ਦਾ ਲਾਭ ਨਹੀਂ ਲੈ ਸਕੇ। ਖੇਤੀ ਵਿਕਾਸ ਸਕੀਮ ਲਾਗੂ ਨਾ ਹੋਣ ਕਾਰਨ ਕਿਸਾਨਾਂ ਨੂੰ ਖੇਤੀ ਮਸ਼ੀਨੀਕਰਨ, ਸੂਖਮ ਸਿੰਚਾਈ, ਮਿੱਟੀ ਦੀ ਸਿਹਤ, ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਰਵਾਇਤੀ ਖੇਤੀ ਵਿਕਾਸ ਸਕੀਮ, ਖੇਤੀ ਜੰਗਲਾਤ ਅਤੇ ਫ਼ਸਲੀ ਵਿਭਿੰਨਤਾ ਲਈ ਸਬਸਿਡੀ ਵਰਗੀਆਂ ਸਕੀਮਾਂ ਦਾ ਲਾਭ ਨਹੀਂ ਮਿਲਿਆ। ਦਿੱਲੀ 'ਚ ਕਿਸਾਨਾਂ ਲਈ ਬਿਜਲੀ ਦੀਆਂ ਉੱਚ ਦਰਾਂ ਤੈਅ ਕੀਤੀਆਂ ਗਈਆਂ ਹਨ। ਯਮੁਨਾ ਦੇ ਨਾਲ ਲੱਗਦੇ ਪਿੰਡਾਂ 'ਚ ਸਿੰਚਾਈ ਉਪਕਰਨਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ, ਜਿਸ ਕਾਰਨ ਕਿਸਾਨਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਹੈ। ‘ਆਪ’ ਸਰਕਾਰ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਿਸਾਨਾਂ ਦੇ ਹਿੱਤ ਵਿਚ ਫੈਸਲੇ ਲੈਣੇ ਚਾਹੀਦੇ ਹਨ।
ਛੋਟੇ ਪ੍ਰਚੂਨ ਵਪਾਰੀਆਂ ਨੂੰ ਲੱਗੇਗਾ ਝਟਕਾ, Super Rich ਵਿਅਕਤੀਆਂ ਦੇ ਬਾਜ਼ਾਰ 'ਚ ਆਉਣ ਨਾਲ ਵਧੇਗਾ ਮੁਕਾਬਲਾ
NEXT STORY