ਨਵੀਂ ਦਿੱਲੀ— ਕੇਂਦਰ ਸਰਕਾਰ ਦੇ ਨਵੇਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਦਾ ਅੰਦੋਲਨ 31ਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ’ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਯਾਨੀ ਕਿ ਸ਼ਨੀਵਾਰ ਨੂੰ ਸਿੰਘੂ ਸਰਹੱਦ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਅਹਿਮ ਬੈਠਕ ਕਰ ਰਹੇ ਹਨ, ਜਿਸ ’ਚ ਸਰਕਾਰ ਵਲੋਂ ਆਏ ਗੱਲਬਾਤ ਦੇ ਪ੍ਰਸਤਾਵ ਅਤੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਨੇ ਕਿਸਾਨਾਂ ਨੂੰ ਦੂਜੀ ਵਾਰ ਗੱਲਬਾਤ ਲਈ ਚਿੱਠੀ ਭੇਜੀ ਹੈ, ਜਿਸ ’ਤੇ ਕਿਸਾਨ ਜਥੇਬੰਦੀਆਂ ਦੇ ਆਗੂ ‘ਮੰਥਨ’ ਕਰ ਰਹੇ ਹਨ। ਇਸ ਤੋਂ ਬਾਅਦ ਇਹ ਫ਼ੈਸਲਾ ਹੋਵੇਗਾ ਕਿ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਜਾਂ ਨਾ। ਦੱਸ ਦੇਈਏ ਕਿ ਕੇਂਦਰ ਸਰਕਾਰ ਨਾਲ ਹੁਣ ਤੱਕ ਕਿਸਾਨਾਂ ਨਾਲ 5 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਕਿ ਬੇਸਿੱਟਾ ਰਹੀ।
ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਅਗਲੇ ਦੌਰ ਦੀ ਬੈਠਕ ਦੋ-ਤਿੰਨ ਦਿਨਾਂ ਵਿਚ ਹੋ ਸਕਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਚਿੱਠੀਆਂ ਵਿਚ ਕੋਈ ਤਜਵੀਜ਼ ਨਹੀਂ ਹੈ ਅਤੇ ਇਹ ਹੀ ਵਜ੍ਹਾ ਹੈ ਕਿ ਕਿਸਾਨ ਜਥੇਬੰਦੀਆਂ ਨਵੇਂ ਸਿਰਿਓਂ ਗੱਲਬਾਤ ਕਰਨ ਅਤੇ ਆਪਣੀਆਂ ਮੰਗਾਂ ਨੂੰ ਸਮਝਾਉਣ ਦਾ ਫ਼ੈਸਲਾ ਲੈਣਗੇ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਰਾਜਧਾਨੀ ’ਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਲੋਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਕਈ ਹੋਰ ਸੂਬਿਆਂ ਤੋਂ ਆ ਰਹੇ ਹਨ। ਦਿੱਲੀ ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਨੇ ਰਾਹ ਰੋਕਿਆ ਹੋਇਆ ਹੈ।
ਕਿਸਾਨਾਂ ਨੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਵੀ ਡਟੇ ਹੋਏ ਹਨ।
‘ਸਾਨੂੰ ਕੋਈ ਕਾਹਲੀ ਨਹੀਂ, ਕਾਨੂੰਨ ਵਾਪਸ ਹੋਣ ਤੱਕ ਸਰਹੱਦਾਂ ’ਤੇ ਰਹਾਂਗੇ ਡਟੇ’
NEXT STORY