ਨਵੀਂ ਦਿੱਲੀ — ਲੱਦਾਖ ਦੇ ਸਮਾਜਿਕ ਕਾਰਜਕਰਤਾ ਸੋਨਮ ਵਾਂਗਚੁਕ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਇੱਕ ਵੀਡੀਓ ਜਾਰੀ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਵਰਗੀ ਸਥਿਤੀ ਬਣੀ ਹੋਈ ਹੈ।
ਸੋਨਮ ਵਾਂਗਚੁਕ ਨੇ ਦੱਸਿਆ ਕਿ ਦਿੱਲੀ ਵਿੱਚ ਵਿਦਿਆਰਥੀ ਆਗੂਆਂ, ਯੂਥ ਲੀਡਰਾਂ, ਵਕੀਲਾਂ, ਪੱਤਰਕਾਰਾਂ ਅਤੇ ਸੰਸਦ ਮੈਂਬਰਾਂ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਅੱਜ ਸ਼ਾਮ ਤੱਕ ਇਨ੍ਹਾਂ ਗ੍ਰਿਫ਼ਤਾਰੀਆਂ ਨੂੰ ਖ਼ਤਮ ਕੀਤਾ ਜਾਵੇ ਅਤੇ ਮਸਲਿਆਂ ਨੂੰ ਹੱਲ ਕੀਤਾ ਜਾਵੇ। ਵਾਂਗਚੁਕ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ 24 ਘੰਟਿਆਂ ਵਿੱਚ ਗ੍ਰਿਫ਼ਤਾਰੀਆਂ ਨਹੀਂ ਹਟਾਈਆਂ ਜਾਂਦੀਆਂ, ਤਾਂ ਉਹ ਲੇਹ ਜਾਂ ਦਿੱਲੀ ਵਿੱਚ ਧਰਨਾ, ਅਨਸ਼ਨ ਜਾਂ ਪੈਦਲ ਯਾਤਰਾ ਵਰਗੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਇਸ ਤੋਂ ਪਹਿਲਾਂ ਹੀ ਗੱਲਬਾਤ ਰਾਹੀਂ ਮਾਮਲੇ ਨੂੰ ਸੁਲਝਾ ਲਵੇਗੀ।
ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਖ਼ਿਲਾਫ਼ ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋਇਆ ਹੈ। ਇਸ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ 7,000 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ 'ਕੌਕਰੋਚ ਜਨਤਾ ਪਾਰਟੀ' (CJP) ਦੇ ਆਗੂਆਂ ਅਭਿਜੀਤ ਦਿਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਨੂੰ ਦਿੱਲੀ ਏਅਰਪੋਰਟ 'ਤੇ ਫਲਾਈਟ ਵਿੱਚੋਂ ਹੀ ਹਿਰਾਸਤ ਵਿੱਚ ਲੈ ਲਿਆ ਸੀ।
ਮਣੀਪੁਰ 'ਚ ਮੁੜ ਭੜਕੀ ਹਿੰਸਾ: 24 ਘੰਟਿਆਂ 'ਚ 9 ਲੋਕਾਂ ਦੀ ਮੌਤ, 14 ਘਰਾਂ ਨੂੰ ਲਗਾਈ ਅੱਗ
NEXT STORY