ਨੈਸ਼ਨਲ ਡੈਸਕ- ਹਰਿਆਣਾ ਦੇ ਜੀਂਦ ਅਤੇ ਭਿਵਾਨੀ ਜ਼ਿਲ੍ਹਿਆਂ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਥੋਂ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲੀ। ਇਸ ਧਮਕੀ ਭਰੀ ਸੂਚਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਅਦਾਲਤ ਕੰਪਲੈਕਸ ਨੂੰ ਖਾਲੀ ਕਰਵਾ ਕੇ ਵੱਡੇ ਪੱਧਰ 'ਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ।
ਜਾਣਕਾਰੀ ਅਨੁਸਾਰ, ਵੀਰਵਾਰ ਸਵੇਰੇ ਕਰੀਬ 11:30 ਵਜੇ ਭਿਵਾਨੀ ਦੇ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ (CJM) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਇਸ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਅਨੂਪ ਕੁਮਾਰ ਦੀ ਅਗਵਾਈ ਹੇਠ ਸੀ.ਆਈ.ਏ. ਦੀਆਂ ਦੋਵੇਂ ਟੀਮਾਂ, ਸਿਵਲ ਲਾਈਨ ਪੁਲਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਨੇ ਅਦਾਲਤ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ। ਵਕੀਲਾਂ ਦੇ ਚੈਂਬਰਾਂ ਅਤੇ ਬਾਰ ਐਸੋਸੀਏਸ਼ਨ ਦੇ ਹਾਲ ਨੂੰ ਵੀ ਬਾਰੀਕੀ ਨਾਲ ਚੈੱਕ ਕੀਤਾ ਗਿਆ।
ਇਸੇ ਤਰ੍ਹਾਂ ਜੀਂਦ ਦੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਕਾਰਨ ਲੋਕਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਗਈ। ਪੁਲਸ ਅਤੇ ਫੋਰੈਂਸਿਕ ਟੀਮਾਂ ਨੇ ਕਈ ਘੰਟਿਆਂ ਤੱਕ ਸਰਚ ਅਪ੍ਰੇਸ਼ਨ ਚਲਾਇਆ। ਅਦਾਲਤ ਵਿੱਚ ਮੌਜੂਦ ਵਕੀਲਾਂ, ਕਰਮਚਾਰੀਆਂ ਅਤੇ ਫਰਿਆਦੀਆਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਕੁਝ ਸਮੇਂ ਲਈ ਨਿਆਂਇਕ ਕੰਮਕਾਜ ਵੀ ਪ੍ਰਭਾਵਿਤ ਰਿਹਾ।
ਰਾਹਤ ਦੀ ਗੱਲ ਇਹ ਰਹੀ ਕਿ ਕਈ ਘੰਟਿਆਂ ਦੀ ਸਖ਼ਤ ਜਾਂਚ ਤੋਂ ਬਾਅਦ ਦੋਵਾਂ ਥਾਵਾਂ ਤੋਂ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਬਰਾਮਦ ਨਹੀਂ ਹੋਇਆ। ਪੁਲਸ ਅਧਿਕਾਰੀਆਂ ਅਨੁਸਾਰ ਇਹ ਧਮਕੀ ਕਾਲ ਰਾਹੀਂ ਮਿਲੀ ਸੀ ਜਾਂ ਈ-ਮੇਲ ਰਾਹੀਂ, ਇਸ ਦੇ ਤਕਨੀਕੀ ਸਬੂਤ ਜੁਟਾਏ ਜਾ ਰਹੇ ਹਨ। ਸਾਈਬਰ ਸੈੱਲ ਨੂੰ ਈ-ਮੇਲ ਟ੍ਰੇਸ ਕਰਨ ਲਈ ਲਗਾਇਆ ਗਿਆ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਦੀ ਜਲਦ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਫਿਲਹਾਲ ਅਦਾਲਤ ਕੰਪਲੈਕਸਾਂ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।
ਪੱਛਮੀ ਬੰਗਾਲ ਦੀ ਨਦੀ 'ਚ ਡੁੱਬ ਰਹੇ ਬੰਗਲਾਦੇਸ਼ੀ ਜਹਾਜ਼ 'ਚੋਂ ਬਚਾਏ ਗਏ 12 ਮਲਾਹ
NEXT STORY