ਨਵੀਂ ਦਿੱਲੀ— 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨਾਂ ਨੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢਣ ਨੂੰ ਲੈ ਕੇ ਦਿੱਲੀ ਪੁਲਸ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੀ 7 ਮੈਂਬਰੀ ਕਮੇਟੀ ਵਿਚਾਲੇ ਅੱਜ ਯਾਨੀ ਕਿ ਵੀਰਵਾਰ ਨੂੰ ਤੀਜੀ ਬੈਠਕ ਸਿੰਘ ਸਰਹੱਦ ’ਤੇ ਹੋ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਲਗਾਤਾਰ ਦੋਹਾਂ ਪੱਖਾਂ ਵਿਚਾਲੇ ਚਰਚਾ ਚੱਲ ਰਹੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ।
ਕਿਸਾਨਾਂ ਵਲੋਂ ਦਿੱਲੀ ’ਚ ਆਊਟਰ ਰਿੰਗ ਰੋਡ ’ਤੇ ਪਰੇਡ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਬਤ ਕਿਸਾਨ ਦਿੱਲੀ ਪੁਲਸ ਨੂੰ ਆਪਣਾ ਰੋਡਮੈਪ ਵੀ ਸੌਂਪ ਚੁੱਕੇ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦਾ 26 ਜਨਵਰੀ ਦਾ ਪ੍ਰੋਗਰਾਮ ਤੈਅ ਹੈ ਅਤੇ ਉਹ ਸ਼ਾਂਤੀਪੂਰਨ ਢੰਗ ਨਾਲ ਟਰੈਕਟਰ ਪਰੇਡ ਕੱਢਣਗੇ। ਇਸ ਟਰੈਕਟਰ ਪਰੇਡ ’ਚ ਵੱਡੀ ਗਿਣਤੀ ’ਚ ਕਿਸਾਨ ਹਿੱਸਾ ਲੈਣਗੇ। ਇਸ ਮਸਲੇ ’ਤੇ ਚਰਚਾ ਹੋ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਦਿੱਲੀ ਪੁਲਸ ਕਿਸਾਨਾਂ ਨੂੰ ਟਰੈਕਟਰ ਪਰੇਡ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ। ਓਧਰ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਵਲੋਂ ਪੂਰੀ ਤਿਆਰੀ ਕੱਸ ਲਈ ਗਈ ਹੈ। ਪੰਜਾਬ ਤੋਂ ਵੱਡੀ ਗਿਣਤੀ ’ਚ ਕਿਸਾਨ ਆਪਣੇ ਟਰੈਕਟਰਾਂ ਨਾਲ ਦਿੱਲੀ ਕੂਚ ਕਰ ਰਹੇ ਹਨ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਵਲੋਂ ਸਾਫ਼ ਕਿਹਾ ਗਿਆ ਹੈ ਕਿ ਇਹ ਮਾਮਲਾ ਪੁਲਸ ਦੇ ਹੱਥ ਵਿਚ ਹੈ ਅਤੇ ਦਿੱਲੀ ਪੁਲਸ ਹੀ ਇਸ ’ਤੇ ਖ਼ੁਦ ਫ਼ੈਸਲਾ ਲਵੇ। ਅਦਾਲਤ ਇਸ ’ਤੇ ਕੋਈ ਹੁਕਮ ਜਾਰੀ ਨਹੀਂ ਕਰੇਗੀ। ਇਹ ਮਸਲਾ ਕਾਨੂੰਨ ਵਿਵਸਥਾ ਨਾਲ ਜੁੜਿਆ ਮਸਲਾ ਹੈ ਅਤੇ ਅਸੀਂ ਇਸ ’ਚ ਦਖ਼ਲ ਨਹੀਂ ਦੇਵਾਂਗੇ। ਦਰਅਸਲ ਦਿੱਲੀ ਪੁਲਸ ਨੇ ਕਿਸਾਨਾਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਵਿਰੁੱਧ ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕੀਤੀ ਸੀ ਅਤੇ ਕਿਸਾਨਾਂ ਨੂੰ ਪਰੇਡ ਨਾ ਕੱਢਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬੀਤੇ ਕੱਲ੍ਹ ਇਸ ਮਸਲੇ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ।
ਪਟਨਾ ਸਾਹਿਬ ਦੀ ਪਵਿੱਤਰ ਧਰਤੀ ’ਤੇ 10ਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਸੰਪੰਨ
NEXT STORY