ਨਵੀਂ ਦਿੱਲੀ, (ਏਜੰਸੀ)- ਭਾਰਤ ਨੇ ਪੱਛਮੀ ਬੰਗਾਲ ’ਚ ਹੋਈ ਹਿੰਸਾ ਸਬੰਧੀ ਬੰਗਲਾਦੇਸ਼ੀ ਅਧਿਕਾਰੀਆਂ ਦੇ ਬਿਆਨਾਂ ਨੂੰ ਸ਼ੁੱਕਰਵਾਰ ਰੱਦ ਕਰ ਦਿੱਤਾ ਅਤੇ ਬੰਗਲਾਦੇਸ਼ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਦੇਸ਼ ’ਚ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਖਵਾਲੀ ਤੇ ਧਿਆਨ ਕੇਂਦਰਿਤ ਕਰੇ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਪੱਛਮੀ ਬੰਗਾਲ ’ਚ ਵਾਪਰੀਆਂ ਘਟਨਾਵਾਂ ਬਾਰੇ ਬੰਗਲਾਦੇਸ਼ ਵੱਲੋਂ ਦਿੱਤੇ ਗਏ ਬਿਆਨਾਂ ਨੂੰ ਰੱਦ ਕਰਦੇ ਹਾਂ। ਇਹ ਬੰਗਲਾਦੇਸ਼ ’ਚ ਘੱਟ ਗਿਣਤੀਆਂ 'ਤੇ ਹੋ ਰਹੇ ਅਤਿਆਚਾਰਾਂ ਬਾਰੇ ਭਾਰਤ ਦੀਆਂ ਚਿੰਤਾਵਾਂ ਨਾਲ ਤੁਲਨਾ ਕਰਨ ਦੀ ਇੱਕ ਧੋਖੇਬਾਜ਼ ਕੋਸ਼ਿਸ਼ ਹੈ, ਜਿੱਥੇ ਅਜਿਹੇ ਕਾਰਿਆਂ ਦੇ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ।
ਜੈਸਵਾਲ ਪੱਛਮੀ ਬੰਗਾਲ ਦੇ ਵਿਕਾਸ ਬਾਰੇ ਬੰਗਲਾਦੇਸ਼ ਦੇ ਅਧਿਕਾਰੀਆਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਅਣਉਚਿਤ ਟਿੱਪਣੀਆਂ ਕਰਨ ਅਤੇ ਆਪਣੇ ਆਪ ਨੂੰ ਸਾਫ਼ ਦਰਸਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ ਬੰਗਲਾਦੇਸ਼ ਨੂੰ ਆਪਣੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੇ ਪ੍ਰੈਸ ਸਕੱਤਰ ਸ਼ਫੀਕੁਲ ਆਲਮ ਨੇ ਵੀਰਵਾਰ ਨੂੰ ਭਾਰਤ ਅਤੇ ਪੱਛਮੀ ਬੰਗਾਲ ਸਰਕਾਰਾਂ ਨੂੰ ਘੱਟ ਗਿਣਤੀ ਮੁਸਲਿਮ ਆਬਾਦੀ ਦੀ ਪੂਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਸੀ ਕਿ ਅਸੀਂ ਮੁਸਲਮਾਨਾਂ ’ਤੇ ਹੋਏ ਹਮਲਿਆਂ ਦੀ ਨਿੰਦਾ ਕਰਦੇ ਹਾਂ। ਵਕਫ਼ ਸੋਧ ਐਕਟ ਵਿਰੁੱਧ ਮੁਸਲਿਮ ਭਾਈਚਾਰੇ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪਿਛਲੇ ਕੁਝ ਦਿਨਾਂ ’ਚ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ’ਚ ਫਿਰਕੂ ਹਿੰਸਾ ਦੀਆਂ ਰਿਪੋਰਟਾਂ ਆਈਆਂ ਹਨ।
ਚਾਰਧਾਮ ਯਾਤਰਾ ਲਈ 28 ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
NEXT STORY