ਅੰਮ੍ਰਿਤਸਰ (ਬਿਊਰੋ )-ਜੱਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜਿੰਨੀ ਦੇਰ ਦਿੱਲੀ ਵਿਚ ਸਿੱਖ ਨਸਲਕੁਸ਼ੀ ਪੀੜਤ ਲੋਕਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ ਸ਼੍ਰੋਮਣੀ ਕਮੇਟੀ ਹਰ ਸਾਲ ਨਵੰਬਰ ਦੇ ਮਹੀਨੇ 1984 ਦੇ ਦੰਗਿਆਂ ਵਿਚ ਸਿੱਖ ਨਸਲਕੁਸ਼ੀ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਦਿੱਲੀ ਅਤੇ ਵੱਖ-ਵੱਖ ਸੂਬਿਆਂ ਵਿਚ ਸਿੱਖ ਨਸਲਕੁਸ਼ੀ ਤਹਿਤ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਓਨੀ ਦੇਰ ਸ਼੍ਰੋਮਣੀ ਕਮੇਟੀ ਹਰ ਸਾਲ ਨਵੰਬਰ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਵੰਬਰ ਮਹੀਨੇ ’ਚ ਅਰਦਾਸ ਸਮਾਗਮ ਕਰਵਾਇਆ ਕਰੇਗੀ।
ਉਨ੍ਹਾਂ ਕਿਹਾ ਕਿ ਭਾਵੇਂ ਮੋਦੀ ਸਰਕਾਰ ਨੇ ਦੰਗਾਂ ਪੀੜਤਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਪਰ ਪੀੜਤਾਂ ਨਾਲ ਅਸਲ ਇਨਸਾਫ ਉਦੋਂ ਹੀ ਹੋਵੇਗਾ, ਜਦੋਂ ਦੰਗਾਕਾਰੀਆਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ। ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਆਪਣਿਆਂ ਦੇ ਵਿਛੜਨ ਦਾ ਦਰਦ ਝੱਲ ਰਹੇ ਸਿੱਖ ਨਸਲਕੁਸ਼ੀ ਦੇ ਪੀੜਤ ਲੋਕ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਅਜੇ ਤੱਕ ਕਿਸੇ ਸਰਕਾਰ ਵੱਲੋਂ ਕੋਈ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕੇਂਦਰ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੰਗਾ ਪੀੜ੍ਹਤ ਪਰਿਵਾਰਾਂ ਦੇ ਜ਼ਖਮ ਤਾਂ ਹੀ ਭਰਨਗੇ ਜੇ ਉਨ੍ਹਾਂ ਤੇ ਹਮਲਾ ਕਰਨ ਅਤੇ ਕਰਵਾਉਣ ਵਾਲੇ ਸਾਜਿਸ਼ਕਾਰੀਆਂ ਅਤੇ ਦੰਗਾਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਨਵੰਬਰ 1984 ਦੀ ਨਸਲਕੁਸ਼ੀ ਦਾ ਕਾਂਡ ਬਹੁਤ ਹੀ ਵੱਡਾ ਅਤੇ ਸ਼ਰਮਨਾਕ ਕਾਰਾ ਸੀ, ਜਿਸ ਨੂੰ ਭੁਲਾਉਣਾ ਸਿੱਖਾਂ ਦੇ ਵੱਸ ਨਹੀਂ ਪਰ ਅਫ਼ਸੋਸ ਹੈ ਕਿ ਜਿਨ੍ਹਾਂ ਲੋਕਾਂ ਨੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਉਨ੍ਹਾਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਵੱਡੇ-ਵੱਡੇ ਅਹੁਦਿਆਂ ’ਤੇ ਬਿਰਾਜਮਾਨ ਕੀਤਾ ਗਿਆ।
ਤਸਵੀਰਾਂ 'ਚ ਦੇਖੋ ਵਾਹਗਾ ਸਰਹੱਦ 'ਤੇ ਹੋਏ ਹਾਦਸੇ ਦਾ ਦਿਲ ਕੰਬਾਊ ਮੰਜ਼ਰ
NEXT STORY