ਖਹਿਰਾ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ : ਬਾਜਵਾ
ਚੰਡੀਗੜ੍ਹ, (ਭੁੱਲਰ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸੀਨੀਅਰ ਪਾਰਟੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਖਿਲਾਫ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਤੇ ਕਿਹਾ ਹੈ ਕਿ ਅਜਿਹੀਆਂ ਗਲਤ ਹਰਕਤਾਂ ਦਾ ਹਰ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ। ਬਾਜਵਾ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ, ਪਾਰਟੀ ਦੇ ਹਰੇਕ ਆਗੂ ਪਿੱਛੇ ਚੱਟਾਨ ਵਾਂਗ ਖੜ੍ਹੀ ਹੈ ਤੇ ਬਾਦਲ ਸਰਕਾਰ ਦੀਆਂ ਉਨ੍ਹਾਂ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਹਿਣ ਨਹੀਂ ਕਰੇਗੀ। ਕਾਂਗਰਸ ਸੱਤਾਧਾਰੀਆਂ ਦੇ ਕਾਲੇ ਕਾਰਨਾਮਿਆਂ ਖਿਲਾਫ ਆਵਾਜ਼ ਚੁੱਕਦੀ ਰਹੇਗੀ, ਭਾਵੇਂ ਉਹ ਕੋਈ ਵੀ ਹੋਵੇ। ਇਕ ਬਿਆਨ ਰਾਹੀਂ ਬਾਜਵਾ ਨੇ ਇੰਸਪੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਵਲੋਂ ਖਹਿਰਾ ਖਿਲਾਫ ਲਗਾਏ ਗਏ ਦੋਸ਼ਾਂ ਨੂੰ ਨਕਾਰਿਆ ਹੈ, ਜੋ ਨਸ਼ਾ ਸਮੱਗਲਿੰਗ ਦੇ ਮਾਮਲੇ 'ਚ ਉਨ੍ਹਾਂ ਦੀ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਬਾਜਵਾ ਨੇ ਦੋਸ਼ ਲਗਾਇਆ ਕਿ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੁਲਸ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਖਹਿਰਾ ਨੂੰ ਸੁਖਬੀਰ ਬਾਦਲ ਦੇ ਕਾਲੇ ਕਾਰਨਾਮਿਆਂ ਨੂੰ ਬਾਹਰ ਲਿਆਉਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਹਿਰਾ ਨੇ ਸੂਬਾ ਸਰਕਾਰ ਨੂੰ ਆਪਣੀ ਤੇ ਮਜੀਠੀਆ ਦੀ ਭੂਮਿਕਾ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਚੁਣੌਤੀ ਦਿੱਤੀ ਹੈ, ਜੋ ਵਰਤਮਾਨ ਹਾਲਾਤ 'ਚ ਸਭ ਤੋਂ ਵਧੀਆ ਹੱਲ ਹੈ। ਉਨ੍ਹਾਂ ਕਿਹਾ ਕਿ ਇਹ ਸਾਫ ਤੌਰ 'ਤੇ ਦੁਸ਼ਮਣੀ ਦੀ ਸਿਆਸਤ ਹੈ, ਕਿਉਂਕਿ ਖਹਿਰਾ ਹੀ ਸਨ, ਜਿਨ੍ਹਾਂ ਨੇ 2008 'ਚ ਬਾਦਲਾਂ ਦੇ ਟ੍ਰਾਇਲ ਪੰਜਾਬ ਤੋਂ ਬਾਹਰ ਸ਼ਿਫਟ ਕਰਨ ਲਈ ਸੁਪਰੀਮ ਕੋਰਟ 'ਚ ਅਪੀਲ ਦਾਇਰ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਖਬੀਰ ਬਾਦਲ ਵਲੋਂ ਸਨਾਵਰ ਦੇ ਲਾਰੈਂਸ ਸਕੂਲ ਨੂੰ ਦਿੱਤੀ ਗ੍ਰਾਂਟ ਨੂੰ ਚੁਣੌਤੀ ਦਿੰਦਿਆਂ ਇਕ ਹੋਰ ਅਪੀਲ ਦਾਇਰ ਕੀਤੀ ਸੀ।
ਪੁਲਸ ਵਲੋਂ ਖਹਿਰਾ ਨੂੰ ਤੰਗ ਕਰਨ ਦਾ ਯਤਨ ਨਿੰਦਣਯੋਗ : ਮਨਪ੍ਰੀਤ
NEXT STORY