ਅੰਮ੍ਰਿਤਸਰ, (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਰਹੱਦੀ ਜ਼ਿਲਿਆਂ ਦੇ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ। ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸਰਹੱਦੀ ਇਲਾਕਿਆਂ ਵਿਚ ਬਿਜਲੀ ਦੀ 24 ਘੰਟੇ ਸਪਲਾਈ ਯਕੀਨੀ ਬਣਾਉਣ ਲਈ ਉਹ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ਸਤਿਕਾਰ ਦੇ ਤੌਰ 'ਤੇ ਸ਼ਹਿਰੀ ਤਰਜ਼ 'ਤੇ ਘਰੇਲੂ ਬਿਜਲੀ ਸਪਲਾਈ ਸਕੀਮ ਤਹਿਤ ਡੇਰਿਆਂ ਤੇ ਢਾਣੀਆਂ ਵਿਚ ਵੀ ਇਹ ਸਹੂਲਤ ਦਿੱਤੀ ਜਾਵੇਗੀ ਕਿਉਂਕਿ ਜੋ ਸਰਹੱਦੀ ਇਲਾਕਿਆਂ ਦੇ ਬਾਸ਼ਿੰਦੇ ਸੱਚੇ ਦੇਸ਼ ਭਗਤ ਹੁੰਦੇ ਹਨ, ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਰ ਮੁਸੀਬਤ ਦਾ ਦਲੇਰੀ ਨਾਲ ਟਾਕਰਾ ਕਰਦੇ ਹਨ। ਇਸ ਤੋਂ ਪਹਿਲਾਂ ਪਿੰਡ ਰਾਜਾਤਾਲ ਵਿਖੇ ਮੁੱਖ ਮੰਤਰੀ ਨੇ ਪੁਲਸ ਵਿਭਾਗ ਨੂੰ ਆਖਿਆ ਕਿ ਬੀਤੇ ਸਮੇਂ ਵਿਚ ਸਮਗਲਿੰਗ ਦੀਆਂ ਸਰਗਰਮੀਆਂ ਵਿਚ ਸ਼ਾਮਲ ਸ਼ੱਕੀ ਲੋਕਾਂ ਦੀ ਸੂਚੀ ਦੀ ਸਮੀਖਿਆ ਕੀਤੀ ਜਾਵੇ ਤਾਂ ਕਿ ਇਨ੍ਹਾਂ ਲੋਕਾਂ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜਿਹੜੇ ਅਜਿਹੀਆਂ ਅਨੈਤਿਕ ਤੇ ਸਮਾਜ ਵਿਰੋਧੀ ਗਤੀਵਿਧੀਆਂ ਛੱਡ ਕੇ ਹੁਣ ਚੰਗੇ ਨਾਗਰਿਕਾਂ ਵਜੋਂ ਅਮਨ ਨਾਲ ਆਪਣੀ ਜ਼ਿੰਦਗੀ ਬਸਰ ਕਰ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਖਿਆ ਕਿ ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਠੋਸ ਵਿਧੀ ਵਿਧਾਨ ਤਿਆਰ ਕੀਤਾ ਜਾਵੇ ਤਾਂ ਕਿ ਸੂਬੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਖਤਮ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਆਖਿਆ ਕਿ ਅਜਿਹੇ ਕਿਸੇ ਵੀ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ, ਜਿਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ। ਅਟਾਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਫਿਰਕੂ ਸਦਭਾਵਨਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦਾ ਸੱਦਾ ਦਿੰਦਿਆਂ ਆਖਿਆ ਕਿ ਸਾਨੂੰ ਸਾਰਿਆਂ ਨੂੰ ਮਹਾਨ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਚਾਹੀਦਾ ਹੈ ਜਿਨ੍ਹਾਂ ਨੇ ਬਰਾਬਰਤਾ ਅਤੇ ਪ੍ਰੇਮ ਦਾ ਮਾਰਗ ਦਿਖਾਇਆ। ਇਸ ਮੌਕੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ, ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਆਈ. ਜੀ. ਈਸ਼ਵਰ ਚੰਦਰ ਤੇ ਡਿਪਟੀ ਕਮਿਸ਼ਨਰ ਰਵੀ ਭਗਤ ਹਾਜ਼ਰ ਸਨ।
ਮੈਂ ਇਥੇ ਟਿਕਟਾਂ ਵੰਡਣ ਨਹੀਂ ਆਇਆ : ਚੌਧਰੀ
NEXT STORY