ਸ੍ਰੀ ਮੁਕਤਸਰ ਸਾਹਿਬ, (ਪਵਨ)-ਮੌਜੂਦਾ ਸਥਿਤੀਆਂ ਤੋਂ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਬਹੁਤੀ ਦੇਰ ਨਹੀਂ ਚੱਲੇਗਾ ਅਤੇ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਹੀ ਹੋ ਜਾਣਗੀਆਂ। ਇਹ ਪ੍ਰਗਟਾਵਾ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਫੱਤਣਵਾਲਾ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਇਕ-ਦੂਜੇ ਪ੍ਰਤੀ ਬਿਆਨਾਂ 'ਚ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਜਾ ਰਹੀ ਹੈ, ਉਸ ਤੋਂ ਇਹ ਸੰਕੇਤ ਸਾਹਮਣੇ ਆ ਰਹੇ ਹਨ ਕਿ ਦੋਵਾਂ ਪਾਰਟੀਆਂ ਦਾ ਜਲਦ ਹੀ ਤੋੜ-ਵਿਛੋੜਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ 'ਚ ਆਪਣਾ ਆਧਾਰ ਬਣਾਉਣਾ ਚਾਹੁੰਦੀ ਹੈ ਅਤੇ ਜੇਕਰ ਉਹ 10 ਸਾਲ ਸੱਤਾ ਸੁੱਖ ਭੋਗ ਕੇ ਅਕਾਲੀ ਦਲ ਤੋਂ ਅਲੱਗ ਹੁੰਦੀ ਹੈ ਤਾਂ ਪੰਜਾਬ ਦੇ ਲੋਕ ਭਾਜਪਾ ਨੂੰ ਸਮਰਥਨ ਨਹੀਂ ਦੇਣਗੇ।
ਮਨਪ੍ਰੀਤ ਬਾਦਲ ਨੇ ਆਉਂਦੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਜ਼ਿਲਾ ਪੱਧਰ ਦੇ ਆਗੂਆਂ ਨਾਲ ਵਿਚਾਰ-ਵਟਾਂਦਰੇ ਉਪਰੰਤ ਹੀ ਕੋਈ ਠੋਸ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਇਹ ਚੋਣਾਂ ਕਾਂਗਰਸ ਨਾਲ ਗਠਜੋੜ ਕਰਕੇ ਹੀ ਲੜ ਸਕਦੀ ਹੈ, ਇਸ ਸੰਬੰਧੀ ਉਨ੍ਹਾਂ ਦੀ ਕਾਂਗਰਸ ਦੇ ਆਗੂਆਂ ਨਾਲ ਗੱਲਬਾਤ ਚੱਲ ਰਹੀ ਹੈ। ਪੀਪਲਜ਼ ਪਾਰਟੀ ਸੰਬੰਧੀ ਗੱਲਬਾਤ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਲੜ ਰਹੀ ਹੈ ਅਤੇ ਪਾਰਟੀ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਸਾਫ਼ ਸੁਥਰੀ ਰਾਜਨੀਤੀ ਨੂੰ ਪਹਿਲ ਦੇਵੇਗੀ।
ਉਨ੍ਹਾਂ ਕਿਹਾ ਕਿ ਸਾਡਾ ਮੁੱਖ ਏਜੰਡਾ ਵੀ. ਆਈ. ਪੀ. ਕਲਚਰ ਬੰਦ ਕਰਕੇ ਪੰਜਾਬ 'ਚ ਕਾਨੂੰਨ ਦਾ ਰਾਜ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹਾਲਾਤ ਨੂੰ ਪਾਸੇ ਰੱਖ ਕੇ ਆਪਣੇ ਹਿੱਤਾਂ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਸਹੀ ਅਰਥਾਂ 'ਚ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਸਿਆਸੀ ਜੁਗਾੜ ਹੀ ਚਲਾ ਰਿਹਾ ਹੈ।
ਜੰਮੂ ਵਿਚ ਮੇਰੇ ਵਿਰੁੱਧ ਵਿਰੋਧ ਪ੍ਰਦਰਸ਼ਨ ਦੇ ਪਿੱਛੇ ਬਾਦਲਾਂ ਦਾ ਹੱਥ : ਨਵਜੋਤ ਸਿੱਧੂ
NEXT STORY