ਮੋਗਾ, (ਆਜ਼ਾਦ)- ਮੋਗਾ ਪੁਲਸ ਵਲੋਂ ਜ਼ਿਲਾ ਪੁਲਸ ਮੁਖੀ ਮੋਗਾ ਦੇ ਨਿਰਦੇਸ਼ਾਂ 'ਤੇ ਜ਼ਿਲਾ ਮੋਗਾ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਥਾਣਾ ਸਦਰ ਮੋਗਾ ਵਲੋਂ ਪਿੰਡ ਬੁੱਕਣ ਵਾਲਾ ਵਿਚ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡੀ. ਐੱਸ. ਪੀ. ਸਿਟੀ ਗੁਰਮੇਲ ਸਿੰਘ, ਥਾਣਾ ਸਦਰ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਕੁਲਜਿੰਦਰ ਸਿੰਘ, ਪਿੰਡ ਬੁੱਕਣ ਵਾਲਾ ਦੇ ਸਰਪੰਚ ਨਰਿੰਦਰ ਸਿੰਘ ਦੇ ਇਲਾਵਾ ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਸ਼ਾਮਲ ਹੋਏ। ਇਸ ਮੌਕੇ ਡੀ. ਐੱਸ. ਪੀ. ਸਿਟੀ ਮੋਗਾ ਨੇ ਕਿਹਾ ਕਿ ਨਸ਼ਾ ਰੂਪੀ ਕੋਹੜ ਨੂੰ ਖਤਮ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਕਈ ਘਰ ਨਸ਼ਿਆਂ ਦੇ ਕਾਰਨ ਹੀ ਤਬਾਹ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੋਗਾ ਪੁਲਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਈ ਵਿਅਕਤੀ ਪੁਲਸ ਵਲੋਂ ਕਾਬੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਹਨ। ਇਸ ਮੌਕੇ ਥਾਣਾ ਸਦਰ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਕੁਲਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਨਸ਼ਿਆਂ ਦੇ ਖਿਲਾਫ ਡੱਟ ਕੇ ਲੜਾਈ ਲੜਨੀ ਚਾਹੀਦੀ ਹੈ। ਪੁਲਸ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਕਰੀ ਕਰਨ ਵਾਲੇ ਵਿਅਕਤੀਆਂ 'ਤੇ ਸਖਤ ਨਜ਼ਰ ਰੱਖਣ ਅਤੇ ਇਸ ਦੀ ਜਾਣਕਾਰੀ ਸਾਨੂੰ ਦੇਣ। ਇਸ ਮੌਕੇ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਨੇ ਵੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਬੇਨਤੀ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਸਾਡੇ ਪੰਜਾਬ ਤੇ ਨੌਜਵਾਨਾਂ ਨੂੰ ਖੋਖਲਾ ਕਰ ਦਿੱਤਾ ਹੈ, ਇਸ ਤੋਂ ਬਚੋ। ਉਨ੍ਹਾਂ ਲੋਕਾਂ ਨੂੰ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਵੀ ਬੇਨਤੀ ਕੀਤੀ।
ਕਰੋੜਾਂ ਦੀ ਕਣਕ ਖਰਾਬ ਹੋਣ ਦੀ ਤਿਆਰੀ 'ਚ
NEXT STORY