ਬਟਾਲਾ (ਬੇਰੀ)- ਸੋਮਵਾਰ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਸੀਨੀਅਰ ਕਾਂਗਰਸੀ ਲੀਡਰ ਸ. ਰਜਿੰਦਰ ਸਿੰਘ ਬੱਲਾ ਬਿਸ਼ਨੀਵਾਲ ਨੇ ਦੱਸਿਆ ਕਿ ਜਿਸ ਤਰ੍ਹਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਕਾਂਗਰਸ ਨੂੰ ਪੰਜਾਬ ਵਿਚ ਸਿਖਰ 'ਤੇ ਪਹੁੰਚਾ ਰਹੇ ਹਨ, ਉਸ ਨੂੰ ਦੇਖ ਕੇ ਅਕਾਲੀ ਪੂਰੀ ਤਰ੍ਹਾਂ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਮਾਝੇ ਦੇ ਨਿਧੱੱੜਕ ਜਰਨੈਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਕਾਂਗਰਸੀ ਵਰਕਰ ਸ. ਬਾਜਵਾ ਦੀ ਅਗਵਾਈ ਹੇਠ ਦਿਨ ਰਾਤ ਪਾਰਟੀ ਲਈ ਕੰਮ ਕਰ ਰਹੇ ਹਨ।
ਬੱਲਾ ਬਿਸ਼ਨੀਵਾਲ ਨੇ ਡਰੱਗ ਕਾਰੋਬਾਰੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਵੇਲੇ ਡਰੱਗ ਦਾ ਕਾਰੋਬਾਰ ਕਰਨ ਵਾਲੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ 'ਚ ਡੋਬ ਕੇ ਗਰਕ ਕਰਨ ਵਿਚ ਲੱਗੇ ਹੋਏ ਹਨ ਜੋ ਬਹੁਤ ਹੀ ਮੰਦਭਾਗੀ ਗੱਲ ਹੈ ਜਦਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਉਪਰਾਲੇ ਕਰੀਏ। ਬੱਲਾ ਨੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕਰਦਿਆਂ ਕਿਹਾ ਕਿ ਸ. ਬਾਦਲ ਡਰੱਗ ਦਾ ਕਾਰੋਬਾਰ ਕਰਨ ਵਾਲਿਆਂ ਚਾਹੇ ਉਨ੍ਹਾਂ ਵਿਚ ਕਾਂਗਰਸੀ ਹੀ ਸ਼ਾਮਲ ਕਿਉਂ ਨਾ ਹੋਣ, ਦੇ ਵਿਰੁੱਧ ਸਖਤ ਐਕਸ਼ਨ ਲੈਣ ਤਾਂ ਜੋ ਪੰਜਾਬ ਵਿਚੋਂ ਡਰੱਗ ਦਾ ਕਾਰੋਬਾਰ ਸਮਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਵੇਲੇ ਅਕਾਲੀ-ਭਾਜਪਾ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ ਅਤੇ ਅਕਾਲੀਆਂ ਦੇ ਸ਼ਾਸਨਕਾਲ ਸਮੇਂ ਅੱਜ ਪੰਜਾਬ ਵਿਚ ਜੰਗਲ ਰਾਜ ਹੈ। ਬੱਲਾ ਨੇ ਅੰਤ 'ਚ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ ਅਤੇ ਵਿਰੋਧੀਆਂ ਨੂੰ ਕਰਾਰੀ ਹਾਰ ਮਿਲੇਗੀ।
ਲਹਿਰਾ ਸੌਂਧਾ ਦਾ ਵਾਟਰ ਵਰਕਸ ਬਣਿਆ ਚਿੱਟਾ ਹਾਥੀ
NEXT STORY