ਸਿੱਖ ਧਰਮ ਨੂੰ ਸੰਸਥਾਗਤ ਸਰੂਪ ਪ੍ਰਦਾਨ ਕਰਨ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਹੀ ਹੋ ਗਈ ਸੀ। ਸਿੱਖ ਗੁਰੂ ਸਾਹਿਬਾਨ ਨੇ ਸਿੱਖ ਧਰਮ ਦੀ ਸਥਾਪਤੀ ਅਤੇ ਭਵਿੱਖ-ਮੁਖੀ ਪਹੁੰਚ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸੰਸਥਾਵਾਂ ਦਾ ਮੁੱਢ ਬੰਨ੍ਹਿਆ, ਜਿਨ੍ਹਾਂ 'ਚੋਂ ਪ੍ਰਮੁੱਖ ਸਨ ਸੰਗਤ, ਪੰਗਤ, ਧਰਮਸਾਲ ਆਦਿ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਧਰਮਸਾਲ ਦੀ ਸੰਸਥਾ ਨੇ ਆਰੰਭ ਹੋ ਕੇ ਸਮੇਂ ਦੇ ਬੀਤਣ ਨਾਲ ਧਰਮਸਾਲ ਤੋਂ ਗੁਰਦੁਆਰਾ ਸਾਹਿਬ ਤਕ ਦਾ ਸਫ਼ਰ ਤਹਿ ਕੀਤਾ।
ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਅਕਸਰ ਉਦਾਸੀ, ਨਿਰਮਲੇ ਸਾਧੂ, ਸੰਪਰਦਾਵਾਂ ਕਰਦੀਆਂ ਸਨ, ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਸ਼ਾਸਨ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਨਾਂ ਜ਼ਮੀਨਾਂ ਤੇ ਜਾਗੀਰਾਂ ਆਦਿ ਲਗਵਾਈਆਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਨਵੀਆਂ ਇਮਾਰਤਾਂ ਵੀ ਤਿਆਰ ਕਰਵਾਈਆਂ ਪਰ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਪੰਥਕ ਪ੍ਰਬੰਧ ਹੇਠ ਲੈਣ ਲਈ ਕੋਈ ਉਚੇਚਾ ਯਤਨ ਨਾ ਕੀਤਾ। ਗੁਰਦੁਆਰਿਆਂ ਦੀ ਆਮਦਨ 'ਚ ਵਾਧਾ ਹੋਣ ਅਤੇ ਪੰਜਾਬ ਉਤੇ ਅੰਗਰੇਜ਼ਾਂ ਦੇ ਕਾਬਜ਼ ਹੋਣ ਪਿੱਛੋਂ ਪ੍ਰਬੰਧ ਵਿਚ ਵਿਗਾੜ ਆਉਣੇ ਸ਼ੁਰੂ ਹੋ ਗਏ। ਅੰਗਰੇਜ਼ਾਂ ਦੁਆਰਾ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸਿੱਧੀ ਦਖ਼ਲਅੰਦਾਜ਼ੀ ਹੋਣ ਲੱਗੀ। ਗੁਰਦੁਆਰਿਆਂ ਦੇ ਪ੍ਰਬੰਧਕ ਮਨਮਾਨੀਆਂ ਅਤੇ ਗੁਰਮਤਿ ਵਿਰੋਧੀ ਕਾਰਵਾਈਆਂ ਕਰਨ ਲੱਗ ਪਏ। ਸ੍ਰੀ ਨਨਕਾਣਾ ਸਾਹਿਬ 'ਤੇ ਕਾਬਜ਼ ਮਹੰਤ ਨਾਰਾਇਣ ਦਾਸ ਗੁਰਮਤਿ ਵਿਰੋਧੀ ਕਾਰਵਾਈਆਂ ਕਾਰਨ ਬਹੁਤ ਬਦਨਾਮ ਹੋ ਚੁੱਕਾ ਸੀ। ਅਗਸਤ 1917 ਈ. ਵਿਚ ਇਸ ਮਹੰਤ ਨੇ ਗੁਰਮਤਿ ਦੇ ਉਲਟ ਗੁਰਦੁਆਰਾ ਜਨਮ ਅਸਥਾਨ ਕੋਲ ਕੰਜਰੀਆਂ ਦਾ ਨਾਚ ਕਰਵਾਇਆ, ਜਿਸ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ। ਅਖ਼ਬਾਰਾਂ ਵਿਚ ਵੀ ਖ਼ਬਰਾਂ ਛਪੀਆਂ ਅਤੇ ਸਿੰਘ ਸਭਾਵਾਂ ਨੇ ਰੋਸ ਮਤੇ ਪਾਸ ਕੀਤੇ ਤੇ ਸਰਕਾਰ ਤੋਂ ਮਹੰਤ ਨੂੰ ਹਟਾਉਣ ਦੀ ਮੰਗ ਕੀਤੀ ਗਈ। 1918 ਈ. ਵਿਚ ਸਿੰਧ ਦਾ ਰਹਿਣ ਵਾਲਾ ਇਕ ਰਿਟਾਇਰ ਅਫ਼ਸਰ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਆਪਣੇ ਪਰਿਵਾਰ ਨਾਲ ਆਇਆ, ਮਹੰਤ ਨੇ ਉਸ ਦੇ ਪਰਿਵਾਰ ਨਾਲ ਦੁਰਵਿਵਹਾਰ ਕੀਤਾ। ਪੁਜਾਰੀਆਂ ਦੀਆਂ ਅਜਿਹੀਆਂ ਹਰਕਤਾਂ ਤੋਂ ਲੋਕ ਤੰਗ ਆ ਚੁੱਕੇ ਸਨ ਅਤੇ ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਸੀ। ਅਕਤੂਬਰ 1920 ਈ. ਵਿਚ ਜ਼ਿਲਾ ਸ਼ੇਖੂਪੁਰਾ ਦੇ ਪਿੰਡ ਧਾਰੋਵਾਲੀ ਵਿਖੇ ਇਕ ਸਜੇ ਦੀਵਾਨ ਵਿਚ ਸੰਗਤਾਂ ਦੇ ਇਕੱਠ 'ਚ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ਦੇ ਸੁਧਾਰ ਲਈ ਮਤਾ ਪਾਸ ਕੀਤਾ, ਜਿਸ ਦੀ ਜਾਣਕਾਰੀ ਮਹੰਤ ਨੂੰ ਵੀ ਪਹੁੰਚ ਗਈ ਸੀ, ਇਸ ਲਈ ਉਸ ਨੇ ਚਾਰ-ਪੰਜ ਸੌ ਭਾੜੇ ਦੇ ਆਦਮੀ ਆਪਣੀ ਰਾਖੀ ਲਈ ਸੱਦ ਲਏ।
1920 ਈ. ਨੂੰ ਕੱਤਕ ਦੀ ਪੂਰਨਮਾਸ਼ੀ ਦੇ ਮੇਲੇ 'ਤੇ ਮਹੰਤ ਨਾਰਾਇਣ ਦਾਸ ਨੇ ਚਾਰ-ਪੰਜ ਸੌ ਆਦਮੀਆਂ ਦਾ ਮੁਜ਼ਾਹਰਾ ਕੀਤਾ। 23 ਜਨਵਰੀ ਤੇ 6 ਫਰਵਰੀ 1921 ਈ. ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਸ਼੍ਰੋਮਣੀ ਕਮੇਟੀ ਦੇ ਸਮਾਗਮ 'ਚ ਇਸ ਸੰਬੰਧੀ ਵਿਚਾਰਾਂ ਹੋਈਆਂ। ਉਸ ਸਮੇਂ ਕਮੇਟੀ ਦੇ ਪ੍ਰਧਾਨ ਸ. ਸੁੰਦਰ ਸਿੰਘ ਰਾਮਗੜ੍ਹੀਆ ਤੇ ਮੀਤ ਪ੍ਰਧਾਨ ਸ. ਹਰਬੰਸ ਸਿੰਘ ਵਲੋਂ ਕਮੇਟੀ ਦੀ ਰਾਏ ਅਨੁਸਾਰ ਮਹੰਤ ਦੇ ਨਾਂ ਉਸ ਦੇ ਆਚਰਣ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸੁਧਾਰ ਲਈ ਖੁੱਲ੍ਹੀ ਚਿੱਠੀ ਲਿਖੀ ਗਈ। ਇਸ ਦੇ ਨਾਲ ਹੀ ਨਨਕਾਣਾ ਸਾਹਿਬ ਵਿਖੇ ਦੀਵਾਨ ਤੇ ਲੰਗਰ ਦੇ ਪ੍ਰਬੰਧ ਲਈ ਭਾਈ ਲਛਮਣ ਸਿੰਘ, ਸ. ਦਲੀਪ ਸਿੰਘ, ਸ. ਤੇਜਾ ਸਿੰਘ ਸਮੁੰਦਰੀ, ਸ. ਕਰਤਾਰ ਸਿੰਘ ਝੱਬਰ ਅਤੇ ਸ. ਬਖਸ਼ੀਸ਼ ਸਿੰਘ 'ਤੇ ਆਧਾਰਿਤ ਇਕ ਕਮੇਟੀ ਬਣਾ ਦਿੱਤੀ।
ਸਿੱਖ ਸੰਗਤਾਂ ਨੇ ਮਹੰਤ ਦੀਆਂ ਘਟੀਆ ਕਾਰਵਾਈਆਂ ਨੂੰ ਰੋਕਣ ਲਈ 19 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚਣ ਦਾ ਫੈਸਲਾ ਕੀਤਾ। ਸਿੱਖ ਸੰਗਤਾਂ ਦੇ ਮੁਖੀਆਂ ਨੇ ਅਕਾਲੀ ਅਖ਼ਬਾਰ ਦੇ ਦਫ਼ਤਰ ਵਿਚ ਫੈਸਲਾ ਕੀਤਾ ਕਿ ਕੋਈ ਪੱਕੀ ਤਰੀਕ ਨਿਸ਼ਚਿਤ ਕੀਤੇ ਬਿਨਾਂ ਕੋਈ ਜਥਾ ਨਨਕਾਣਾ ਸਾਹਿਬ ਨਾ ਜਾਵੇ ਪਰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸ. ਕਰਤਾਰ ਸਿੰਘ ਝੱਬਰ ਆਪਣੇ-ਆਪਣੇ ਜਥੇ ਲੈ ਕੇ ਨਨਕਾਣਾ ਸਾਹਿਬ ਪੁੱਜਣਾ ਚਾਹੁੰਦੇ ਸਨ। ਦੂਸਰੇ ਪਾਸੇ ਸਿੱਖਾਂ 'ਤੇ ਹਮਲਾ ਕਰਨ ਲਈ ਮਹੰਤ ਨੇ ਤਿਆਰੀ ਕਰ ਲਈ। ਇਹ ਖਬਰ ਜਦ ਸਿੱਖਾਂ ਪਾਸ ਪਹੁੰਚੀ ਤਾਂ ਉਨ੍ਹਾਂ ਨੇ ਜਥੇ ਰੋਕਣ ਦਾ ਫੈਸਲਾ ਕੀਤਾ। ਦੋਹਾਂ ਜਥਿਆਂ ਨੂੰ ਰੋਕਣ ਦਾ ਯਤਨ ਕੀਤਾ। ਭਾਈ ਕਰਤਾਰ ਸਿੰਘ ਝੱਬਰ ਦਾ ਜਥਾ ਤਾਂ ਰੋਕ ਲਿਆ ਗਿਆ ਪਰ ਭਾਈ ਲਛਮਣ ਸਿੰਘ ਦਾ ਜਥਾ ਨਾ ਰੁਕਿਆ ਅਤੇ ਇਹ ਜਥਾ 20 ਫਰਵਰੀ ਨੂੰ ਨਨਕਾਣਾ ਸਾਹਿਬ ਪਹੁੰਚ ਗਿਆ। ਜਦੋਂ ਸਿੰਘਾਂ ਦਾ ਜਥਾ ਗੁਰਦੁਆਰਾ ਜਨਮ ਅਸਥਾਨ ਦਾਖ਼ਲ ਹੋਇਆ ਤਾਂ ਮਹੰਤ ਨੇ ਬਾਹਰਲੇ ਦਰਵਾਜ਼ੇ ਬੰਦ ਕਰਵਾ ਦਿੱਤੇ ਅਤੇ ਉਸ ਦੇ ਭਾੜੇ ਦੇ ਗੁੰਡਿਆਂ ਨੇ ਸਿੰਘਾਂ 'ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ, ਛੱਤ ਦੇ ਉਪਰੋਂ ਗੋਲੀਆਂ ਚਲਾਈਆਂ ਗਈਆਂ। ਹਰੀ ਦਾਸ ਜੋਗੀ, ਗੁਰਮੁਖ ਦਾਸ, ਸ਼ੇਰ ਦਾਸ, ਲੱਧੇ, ਰਾਂਝੇ ਆਦਿ ਕਾਤਲਾਂ ਨੇ ਗੋਲੀਆਂ ਦੀਆਂ ਬੁਛਾੜਾਂ ਨਾਲ ਸ਼ਾਂਤਮਈ ਸਿੰਘਾਂ ਨੂੰ ਵਿੰਨ੍ਹ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਨੂੰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵਿਚ ਕਈ ਗੋਲੀਆਂ ਲੱਗੀਆਂ। ਜ਼ਖ਼ਮੀ ਸਿੰਘਾਂ ਨੂੰ ਤੇਲ ਪਾ ਕੇ ਸਾੜਿਆ ਗਿਆ। ਸ. ਦਲੀਪ ਸਿੰਘ ਜੀ ਉਸ ਸਮੇਂ ਸ. ਉੱਤਮ ਸਿੰਘ ਦੇ ਕਾਰਖਾਨੇ ਵਿਚ ਸਨ, ਜਦੋਂ ਉਨ੍ਹਾਂ ਨੇ ਗੋਲੀਆਂ ਦੀ ਆਵਾਜ਼ ਸੁਣੀ, ਉਹ ਵੀ ਭੱਜ ਕੇ ਗੁਰਦੁਆਰਾ ਸਾਹਿਬ ਆ ਗਏ ਤੇ ਮਹੰਤ ਦੇ ਗੁੰਡਿਆਂ ਨੇ ਛਵੀਆਂ ਤੇ ਗੰਡਾਸਿਆਂ ਦੇ ਵਾਰ ਕੀਤੇ ਫਿਰ ਉਨ੍ਹਾਂ ਨੂੰ ਭਖਦੀ ਭੱਠੀ ਵਿਚ ਸੁੱਟ ਦਿੱਤਾ। ਇਸ ਖ਼ੂਨੀ ਸਾਕੇ ਸੰਬੰਧੀ ਸ. ਉੱਤਮ ਸਿੰਘ ਕਾਰਖਾਨੇ ਵਾਲਿਆਂ ਨੇ ਪੰਥਕ ਜਥੇਬੰਦੀ ਤੇ ਸਰਕਾਰੀ ਅਫ਼ਸਰਾਂ ਨੂੰ ਤਾਰਾਂ ਭੇਜੀਆਂ। 21 ਫਰਵਰੀ 1921 ਈ. ਨੂੰ ਸਿੱਖ ਮੁਖੀ ਤੇ ਅਣਗਿਣਤ ਸੰਗਤਾਂ ਨਨਕਾਣਾ ਸਾਹਿਬ ਪੁੱਜੀਆਂ। ਉਸੇ ਦਿਨ ਸ਼ਾਮ ਨੂੰ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥਾਂ ਵਿਚ ਆ ਗਿਆ।
ਸਿੱਖ ਸੰਗਤਾਂ ਨੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਪੰਥਕ ਪ੍ਰਬੰਧ ਹੇਠ ਲਿਆਉਣ ਲਈ ਕਮਰਕੱਸੇ ਕਰ ਲਏ। ਇਸ ਲਹਿਰ ਨੇ ਗੁਰਦੁਆਰਾ ਪ੍ਰਬੰਧਾਂ ਵਿਚ ਗੁਰਮਤਿ ਮਰਿਆਦਾ ਦੀ ਇਕਸੁਰਤਾ ਦਾ ਮੁੱਢ ਬੰਨ੍ਹਿਆ, ਜੋ ਇਸ ਸਾਕੇ ਤੋਂ ਪਹਿਲਾਂ ਕਦੇ ਸੋਚਿਆ ਵੀ ਨਹੀਂ ਗਿਆ ਸੀ।
ਦਿਲਜੀਤ ਸਿੰਘ ਬੇਦੀ,
ਅਹਿੰਸਾ ਪਰਮੋ ਧਰਮ
NEXT STORY