ਸ੍ਰੀ ਆਨੰਦਪੁਰ ਸਾਹਿਬ(ਆਂਗਰਾ, ਅਰੋੜਾ, ਬਾਲੀ, ਧੀਮਾਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਹੋਲੇ-ਮਹੱਲੇ ਮੌਕੇ ਅੱਜ ਇਥੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੇਂਦਰੀ ਟੈਕਸਾਂ ਵਿਚ ਸੂਬਿਆਂ ਦਾ ਹਿੱਸਾ 32 ਫੀਸਦੀ ਤੋਂ ਵਧਾ ਕੇ 42 ਕਰਨ ਅਤੇ ਯੋਜਨਾ ਕਮਿਸ਼ਨ ਦੀ ਥਾਂ ਸੂਬਿਆਂ ਨੂੰ ਵਧੇਰੇ ਨੁਮਾਇੰਦਗੀ ਦੇ ਆਧਾਰ 'ਤੇ ਨੀਤੀ ਆਯੋਗ ਕਾਇਮ ਕਰਨ ਨਾਲ ਹੁਣ ਕੇਂਦਰ ਸਰਕਾਰ ਦੀਆਂ ਨੀਤੀਆਂ ਘੜਨ ਤੇ ਸਕੀਮਾਂ ਬਣਾਉਣ ਵਿਚ ਸੂਬਿਆਂ ਦੀ ਭੂਮਿਕਾ ਵੱਧ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਕੌਮੀ ਜਮਹੂਰੀ ਗਠਜੋੜ ਸਰਕਾਰ ਨੇ ਮੁਲਕ ਵਿਚ ਹਕੀਕੀ ਫੈਡਰਲ ਢਾਂਚਾ ਸਥਾਪਿਤ ਕਰਨ ਦੀ ਦਿਸ਼ਾ ਵਿਚ ਕਈ ਠੋਸ ਕਦਮ ਪੁੱਟ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਸਬੰਧ ਵਿਚ ਲੰਮੇ ਸਮੇਂ ਤੋਂ ਲਏ ਜਾ ਰਹੇ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ।
ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਥੋੜ੍ਹੇ ਸਮੇਂ ਵਿਚ ਹੀ ਪੰਜਾਬ ਨੂੰ ਬਹੁਤ ਵੱਡੇ ਪ੍ਰਾਜੈਕਟ ਦੇਣ ਨਾਲ ਇਸ ਸੂਬੇ ਨਾਲ ਹੁੰਦੀ ਆ ਰਹੀ ਬੇਇਨਸਾਫੀ ਤੇ ਵਿਤਕਰੇਬਾਜ਼ੀ ਦਾ ਦੌਰ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਅਤੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰਿਸਰਚ ਬਣਨ ਨਾਲ ਜਿਥੇ ਪੰਜਾਬ ਨੂੰ ਬਿਹਤਰੀਨ ਸਿਹਤ ਸਹੂਲਤਾਂ ਤੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ, ਉਥੇ ਜਲਿਆਂ ਵਾਲਾ ਬਾਗ ਲਈ ਵਿਸ਼ੇਸ਼ ਪ੍ਰਾਜੈਕਟ ਐਲਾਨਣ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਸ਼ਹਿਰ ਬਣਨ ਨਾਲ ਇਹ ਇਤਿਹਾਸਕ ਨਗਰੀ ਤਰੱਕੀ ਤੇ ਵਿਕਾਸ ਦੀਆਂ ਅਗਲੇਰੀਆਂ ਮੰਜ਼ਿਲਾਂ ਨੂੰ ਛੂਹੇਗੀ। ਸ. ਬਾਦਲ ਨੇ ਐਲਾਨ ਕੀਤਾ ਕਿ ਇਸ ਵਰ੍ਹੇ ਆ ਰਹੇ ਸ੍ਰੀ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਤੌਰ 'ਤੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਇਸ ਮੌਕੇ ਕੀਤੇ ਜਾਣ ਵਾਲੇ ਵਿਸ਼ਾਲ ਸਮਾਗਮਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਦੇਸ਼ ਦੀਆਂ ਹੋਰ ਉੱਘੀਆਂ ਸਿਆਸੀ, ਧਾਰਮਿਕ ਤੇ ਸਮਾਜਿਕ ਹਸਤੀਆਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬੀਆਂ ਨੂੰ ਬਹਾਦਰ ਜਬਰ-ਜ਼ੁਲਮ ਦੇ ਖਿਲਾਫ਼ ਜੂਝਣ ਵਾਲੀ ਕੌਮ ਦਾ ਦਰਜਾ ਦਿੰਦੇ ਹੋਏ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਦਾ ਜਜ਼ਬਾ ਸਿੱਖ ਗੁਰੂ ਸਾਹਿਬਾਨਾਂ ਵਲੋਂ ਵਿਰਾਸਤ ਵਿਚ ਮਿਲਿਆ ਹੈ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਬੁਨਿਆਦੀ ਢਾਂਚੇ ਦਾ ਲਾਮਿਸਾਲ ਵਿਕਾਸ ਕਰਵਾਉਣ ਦੇ ਨਾਲ-ਨਾਲ ਅਕਾਲੀ-ਭਾਜਪਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ। ਉਨ੍ਹਾਂ ਹੁਣੇ-ਹੁਣੇ ਹੋਈਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਨੂੰ ਮਿਲੇ ਵੱਡੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਉਹ ਸ਼੍ਰੋਮਣੀ ਅਕਾਲੀ ਦਲ ਲਈ ਚੁਣੌਤੀ ਨਹੀਂ ਸਮਝਦੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਅਗਲੇ ਦੋ ਵਰ੍ਹਿਆਂ ਵਿਚ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 18000 ਕਰੋੜ ਰੁਪਏ ਖਰਚ ਕੇ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਸਾਰੇ ਵੱਡੇ ਪਿੰਡਾਂ ਵਿਚ ਸੇਵਾ ਕੇਂਦਰ ਸਥਾਪਿਤ ਕੀਤੇ ਜਾਣਗੇ। ਪੰਜਾਬ ਦੀ ਆਰਥਿਕ ਹਾਲਤ, ਰੇਤਾ-ਬੱਜਰੀ ਦੀ ਕਿੱਲਤ ਅਤੇ ਨਸ਼ਾਖੋਰੀ ਬਾਰੇ ਕੀਤੇ ਜਾਂਦੇ ਕੂੜ ਪ੍ਰਚਾਰ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਇਹ ਭੰਡੀ ਪ੍ਰਚਾਰ ਇਸ ਲਈ ਕਰ ਰਹੇ ਹਨ ਕਿਉਂਕਿ ਕਿਸੇ ਵੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਡੱਕਾ ਭੰਨ ਕੇ ਦੋਹਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਥੋੜ੍ਹੇ ਸਮੇਂ ਵਿਚ ਹੀ ਪੰਜਾਬ ਦੇ ਲੋਕਾਂ ਨੂੰ ਰੇਤਾ-ਬੱਜਰੀ ਸਸਤੇ ਭਾਅ 'ਤੇ ਆਮ ਮਿਲੇਗਾ ਕਿਉਂਕਿ ਮੋਦੀ ਸਰਕਾਰ ਨੇ ਉਨ੍ਹਾਂ ਸਾਰੀਆਂ ਖੱਡਾਂ ਵਿਚੋਂ ਰੇਤਾ-ਬੱਜਰੀ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ। ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣਾਇਆ ਜਾਵੇਗਾ ਅਤੇ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਨੂੰ ਛੇ ਮਾਰਗੀ ਕੌਮੀ ਹਾਈਵੇ ਬਣਵਾਉਣ ਲਈ ਉਹ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਆ ਰਹੇ 350 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਪਹੁੰਚਣ ਲਈ ਕਿਹਾ। ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਖੇਤੀ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਅਸਰਦਾਰ ਤੇ ਫੌਰੀ ਕਦਮ ਚੁੱਕੇ ਜਾਣ। ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੇ ਵੀ ਸੰਬੋਧਨ ਕੀਤਾ।
ਇਸ ਕਾਨਫਰੰਸ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ. ਕੇ., ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੇਂਦਰ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਜੀਤ ਸਿੰਘ ਕੋਹਾੜ, ਜਥੇਦਾਰ ਤੋਤਾ ਸਿੰਘ ਤੇ ਸੋਹਣ ਸਿੰਘ ਠੰਡਲ (ਤਿੰਨੇ ਕੈਬਨਿਟ ਮੰਤਰੀ) ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਹਾਜ਼ਰ ਸਨ।
ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅੱਜ ਖਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨ ਮੱਲ ਸਿੰਘ ਵਲੋਂ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।
ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣਗੇ?
NEXT STORY