ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਹਾਰ ਸਾਫ ਨਜ਼ਰ ਆ ਰਹੀ ਹੈ, ਜਿਸ ਕਾਰਨ ਉਨਾਂ ਵਲੋਂ ਕਿਸਾਨਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਸਾਬਣ ਦੀ ਪੇਸ਼ਕਸ ਕਰਕੇ ਵੱਡੀ ਗੱਪ ਛੱਡੀ ਜਾ ਰਹੀ ਹੈ। ਇੱਥੋਂ ਜਾਰੀ ਇੱਕ ਬਿਆਨ ਵਿਚ ਵੜੈਚ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਬਾਦਲ ਪਰਿਵਾਰ ਵਲੋਂ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਗਿਆ ਹੈ ਅਤੇ ਸਾਬਣ ਦੇਣ ਦੀ ਗੱਲ ਕਹਿ ਕੇ ਉਨ੍ਹਾਂ ਵੱਲੋਂ ਆਪਣੇ ਪਾਪ ਧੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਜ਼ੋਰ 'ਤੇ ਬਾਦਲ ਪਰਿਵਾਰ ਨੇ ਸੂਬੇ ਦੇ ਸੋਮਿਆਂ ਦੀ ਜਮ ਕੇ ਲੁੱਟ ਕੀਤੀ ਅਤੇ ਆਪਣੇ ਪਰਿਵਾਰਿਕ ਕਾਰੋਬਾਰ ਨੂੰ ਵਧਾਇਆ। ਸੁਖਬੀਰ ਬਾਦਲ ਤੇ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ 10 ਸਾਲਾਂ ਵਿਚ 30,000 ਕਿਸਾਨਾਂ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਵੜੈਚ ਨੇ ਕਿਹਾ ਕਿ ਹੁਣ ਉਨ੍ਹਾਂ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਅਤੇ ਲੋਕ ਭਲਾਈ ਪੈਨਸ਼ਨਾਂ ਵਧਾਉਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਬਾਦਲਾਂ ਉਤੇ ਕੋਈ ਅਸਰ ਨਹੀਂ ਹੋਇਆ ਅਤੇ ਉਲਟਾ ਬਾਦਲਾਂ ਨੇ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਹੀ ਦੱਬੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ 9 ਸਾਲ ਬੁਢਾਪਾ, ਵਿਧਵਾ ਅਤੇ ਅੰਗਹੀਣਤਾ ਪੈਨਸ਼ਨ 250 ਰੁਪਏ ਮਹੀਨਾ ਦਿੱਤੀ ਗਈ ਅਤੇ 10ਵੇਂ ਸਾਲ ਇਸਨੂੰ ਵਧਾ ਕੇ 500 ਰੁਪਏ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਦਿੱਤੀ ਜਾਂਦੀ ਇਹ ਪੈਨਸ਼ਨ ਭਾਰਤ ਵਿਚ ਸਾਰੇ ਸੂਬਿਆਂ ਨਾਲੋਂ ਘੱਟ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਹੁਣ ਪੈਨਸ਼ਨ 2000 ਰੁਪਏ ਕਰਨ ਦਾ ਵਾਅਦਾ ਕਰਕੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਹ ਪ੍ਰਸਿੱਧੀ ਹਾਸਲ ਕਰ ਸਕਣ ਪਰ ਲੋਕ ਉਸ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਹਨ।
ਕਾਂਗਰਸ ਸੱਤਾ 'ਚ ਆਉਂਦੇ ਹੀ ਪੈਟਰੋਲ 3 ਰੁਪਏ ਤੇ ਗੈਸ ਸਿਲੰਡਰ 15 ਰੁਪਏ ਸਸਤਾ ਕਰੇਗੀ
NEXT STORY