ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਝੋਨੇ ਦੀ ਨਾੜ (ਪਰਾਲੀ) ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਪੰਜਾਬ ਵਿਚ 1 ਤੋਂ 11 ਅਕਤੂਬਰ ਤਕ ਝੋਨੇ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ ਰਿਕਾਰਡ 45 ਫੀਸਦ ਦਾ ਇਜ਼ਾਫ਼ਾ ਹੋਇਆ ਹੈ। ਪੰਜਾਬ ਦੀਆਂ ਮੰਡੀਆਂ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਝੋਨੇ ਦੀ ਵਾਢੀ ਵੀ ਜ਼ੋਰਾਂ 'ਤੇ ਹੈ। ਮਨਾਹੀ ਦੇ ਬਾਵਜੂਦ ਕਿਸਾਨਾਂ ਵਲੋਂ ਝੋਨੇ ਦੀ ਨਾੜ ਨੂੰ ਲਗਾਤਾਰ ਸਾੜਿਆ ਜਾ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨ ਨੂੰ ਆਸ ਹੈ ਕਿ ਇਸ ਸਾਲ ਲੋਕਾਂ ਨੂੰ ਲਗਾਤਾਰ ਜਾਗਰੂਕ ਕਰਦੇ ਰਹਿਣ ਕਰਕੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪਹਿਲਾਂ ਦੇ ਮੁਕਾਬਲੇ ਘਟਣਗੀਆਂ। 15 ਅਕਤੂਬਰ ਤੋਂ 15 ਨਵੰਬਰ ਦੇ ਅਰਸੇ ਨੂੰ ਕਾਫ਼ੀ ਨਾਜ਼ੁਕ ਮੰਨਿਆ ਜਾਂਦਾ ਹੈ ਕਿਉਂਕਿ ਇਸੇ ਅਰਸੇ ਦੌਰਾਨ ਪੰਜਾਬ ਤੇ ਨਾਲ ਲਗਦੇ ਗੁਆਂਢੀ ਸੂਬਿਆਂ ਵਿਚ ਝੋਨੇ ਦੀ ਨਾੜ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰਦੀਆਂ ਹਨ ਤੇ ਇਸ ਨੂੰ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿਚ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ ਸਾਲ 11 ਅਕਤੂਬਰ ਤਕ ਸੂਬੇ ਵਿਚ ਝੋਨੇ ਦੀ ਨਾੜ ਸਾੜਨ ਦੀਆਂ 435 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਸ ਸਾਲ ਇਹ ਅੰਕੜਾ ਵੱਧ ਕੇ 630 ਨੂੰ ਜਾ ਪੁੱਜਾ ਹੈ। ਇਕੱਲੇ ਅੰਮ੍ਰਿਤਸਰ ਵਿਚ ਨਾੜ ਨੂੰ ਅੱਗ ਲਾਉਣ ਦੀਆਂ 295 ਘਟਨਾਵਾਂ ਵਾਪਰ ਚੁੱਕੀਆਂ ਹਨ। ਤਰਨ ਤਾਰਨ ਤੇ ਪਟਿਆਲਾ ਵਿਚ ਇਹ ਅੰਕੜਾ ਕ੍ਰਮਵਾਰ 126 ਤੇ 57 ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਸਕੱਤਰ ਕੇ.ਐੱਸ.ਪੰਨੂ ਨੇ ਕਿਹਾ ਕਿ ਸੈਟੇਲਾਈਟ ਰਾਹੀਂ ਲਈਆਂ ਤਸਵੀਰਾਂ ਨਾੜ ਸਾੜਨ ਨਾਲ ਸਬੰਧਤ ਘਟਨਾਵਾਂ ਦੀ ਅਸਲ ਤਸਵੀਰ ਪੇਸ਼ ਨਹੀਂ ਕਰਦੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ, 'ਸੈਟੇਲਾਈਟ ਡੇਟਾ ਵਿਚ ਸ਼ਮਸ਼ਾਨਘਾਟ ਤੇ ਕੂੜੇ ਦੇ ਢੇਰਾਂ ਨੂੰ ਲੱਗੀਆਂ ਅੱਗਾਂ ਵੀ ਸ਼ਾਮਲ ਹਨ।
ਪੰਜਾਬ ਵਿਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਲਗਪਗ ਨਾਂਮਾਤਰ ਹਨ। ਉਂਝ ਇਸ ਸਾਲ ਕੁਲ ਮਿਲਾ ਕੇ ਪਿਛਲੇ ਸਾਲ ਦੇ ਮੁਕਾਬਲੇ ਨਾੜ ਨੂੰ ਅੱਗ ਲਾਉਣ ਦੇ ਕੇਸ ਘਟਣਗੇ। ਪੰਨੂ ਨੇ ਕਿਹਾ ਕਿ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਾਲ 2016 ਵਿਚ 1 ਤੋਂ 10 ਅਕਤੂਬਰ ਤਕ ਪਰਾਲੀ ਸਾੜਨ ਦੇ 1714 ਕੇਸ ਸਾਹਮਣੇ ਆਏ ਸਨ, ਜੋ ਇਸ ਸਾਲ 430 ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਿੱਥੇ ਰਿਆਇਤੀ ਦਰਾਂ 'ਤੇ ਹੈਪੀ ਸੀਡਰ ਸਮੇਤ ਹੋਰ ਖੇਤੀ ਸੰਦ ਮੁਹੱਈਆ ਕੀਤੇ ਜਾ ਰਹੇ ਹਨ, ਉਥੇ ਨਾੜ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਵੱਖ ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।
ਸ੍ਰੀ ਕਰਤਾਰਪੁਰ ਸਾਹਿਬ 'ਚ ਸੁਸ਼ੋਭਿਤ ਹੋਵੇਗਾ ਦੁਨੀਆ ਦਾ ਸਭ ਤੋਂ ਵੱਡਾ 'ਖੰਡਾ ਸਾਹਿਬ'
NEXT STORY