ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਐੱਸ. ਐੱਚ. ਓ. ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਦੀ ਅਗਵਾਈ ਹੇਠ ਮੋਟਰਸਾਈਕਲ ’ਤੇ ਆ ਰਹੇ 2 ਨਸ਼ਾ ਸਮੱਗਲਰਾਂ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਪਾਰਟੀ ਐੱਸ. ਐੱਚ. ਓ. ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਾਰਡਰ ਰੋਡ ’ਤੇ ਟਰੱਕ ਯੂਨੀਅਨ ਦੇ ਅੱਗੇ ਪਹੁੰਚੀ ਤਾਂ ਉਨ੍ਹਾਂ ਨੂੰ ਮੋਟਰਸਾਈਕਲ ’ਤੇ ਦੋ ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਸ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਪਿੱਛੇ ਮੋੜ ਕੇ ਭਜਾਉਣ ਲੱਗੇ ਤਾਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣਾ ਨਾਂ ਕਰਨੈਲ ਸਿੰਘ ਪੁੱਤਰ ਅਜੀਤ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਬੱਗਾ ਸਿੰਘ ਦੱਸਿਆ, ਜਿਨ੍ਹਾਂ ਕੋਲੋਂ 505 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਬਰਾਮਦ ਹੋਏ।
ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ’ਚ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਦਾਲਤ ਤੋਂ ਪੁਲਸ ਰਿਮਾਂਡ ਲੈ ਕੇ ਇਨ੍ਹਾਂ ਨਸ਼ਾ ਤਸਕਰਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹ ਪਤਾ ਲਾਇਆ ਜਾਵੇਗਾ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਵਾਹਨ ਚਾਲਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਵਾਹਨਾਂ ਦੀ ਐਂਟਰੀ Ban!
NEXT STORY