ਹੁਸ਼ਿਆਰਪੁਰ, (ਘੁੰਮਣ)- ਹੁਸ਼ਿਆਰਪੁਰ ਜ਼ਿਲੇ ਵਿਚ ਬੀਤੀ ਸ਼ਾਮ ਤੱਕ 2 ਲੱਖ 98 ਹਜ਼ਾਰ 340 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਦਕਿ 2,98,483 ਮੀਟਰਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦੀ ਗਈ ਕਣਕ ਦੀ 451 ਕਰੋੜ ਰੁਪਏ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉੱਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ 62 ਮੰਡੀਆਂ ਵਿਚ ਹੁਣ ਤੱਕ 2 ਲੱਖ 98 ਹਜ਼ਾਰ 483 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 2 ਲੱਖ 98 ਹਜ਼ਾਰ 340 ਮੀਟਰਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 57,346 ਮੀਟਰਕ ਟਨ, ਮਾਰਕਫੈੱਡ ਵੱਲੋਂ 61,804 ਮੀਟਰਕ ਟਨ, ਪਨਸਪ ਵੱਲੋਂ 53,602 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 31,989 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 23,463 ਮੀਟਰਕ ਟਨ, ਐੱਫ. ਸੀ. ਆਈ. ਵੱਲੋਂ 67,436 ਮੀਟਰਕ ਟਨ, ਜਦਕਿ ਵਪਾਰੀਆਂ ਵੱਲੋਂ ਪ੍ਰਾਈਵੇਟ ਤੌਰ 'ਤੇ 2700 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਦਿਨ ਤੱਕ 2,75,921 ਮੀਟਰਕ ਟਨ ਕਣਕ ਮੰਡੀਆਂ ਵਿਚ ਖਰੀਦੀ ਗਈ ਸੀ, ਜਿਸ ਮੁਤਾਬਕ ਇਸ ਸਾਲ ਹੁਣ ਤੱਕ 22,419 ਮੀਟਰਕ ਟਨ ਵਾਧੂ ਕਣਕ ਜ਼ਿਲੇ ਦੀਆਂ ਮੰਡੀਆਂ ਵਿਚ ਖਰੀਦੀ ਜਾ ਚੁੱਕੀ ਹੈ।
ਵਿਪੁਲ ਉੱਜਵਲ ਨੇ ਜਿੱਥੇ ਸਬੰਧਤ ਅਧਿਕਾਰੀਆਂ ਨੂੰ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ, ਉਥੇ ਹੀ ਐੱਸ. ਡੀ.ਐੱਮਜ਼ ਨੂੰ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਰੱਖਣ ਲਈ ਆਖਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ 451 ਕਰੋੜ ਰੁਪਏ ਕਣਕ ਦੀ ਅਦਾਇਗੀ ਵੀ ਆੜ੍ਹਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਲਿਫਟਿੰਗ ਵੀ ਸਮੇਂ-ਸਿਰ ਯਕੀਨੀ ਬਣਾਈ ਜਾ ਰਹੀ ਹੈ।
ਦਿੱਲੀ ਮੈਟਰੋ 'ਤੇ ਸਿੱਖਾਂ ਨਾਲ ਵਿਤਕਰੇ ਸਬੰਧੀ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਨੂੰ ਸ਼ਿਕਾਇਤ
NEXT STORY