ਜਲੰਧਰ, (ਧਵਨ)- ਕੋਰੋਨਾ ਮਹਾਮਾਰੀ ਕਾਰਨ ਜਿੱਥੇ ਇਕ ਪਾਸੇ ਪ੍ਰਵਾਸੀ ਮਜ਼ਦੂਰ ਪੰਜਾਬ ਨੂੰ ਛੱਡ ਕੇ ਆਪਣੇ ਗ੍ਰਹਿ ਸੂਬਿਆਂ ਨੂੰ ਜਾ ਰਹੇ ਹਨ ਤਾਂ ਦੂਸਰੇ ਪਾਸੇ ਹੋਰ ਸੂਬਿਆਂ ’ਚ ਬੈਠੇ ਪੰਜਾਬੀ ਆਪਣੇ ਘਰਾਂ ਨੂੰ ਪਰਤਣ ਲਈ ਤਿਆਰ ਹਨ। ਇਨ੍ਹਾਂ ਦੀ ਗਿਣਤੀ ਲਗਭਗ 20,000 ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹੋਰ ਸੂਬਿਆਂ ’ਚ ਰਹਿੰਦੇ ਅਨੇਕ ਪੰਜਾਬੀਆਂ ਨੇ ਪੰਜਾਬ ਸਰਕਾਰ ਸਾਹਮਣੇ ਵਾਪਸ ਆਉਣ ਦੀ ਇੱਛਾ ਜਤਾਈ ਹੈ। ਸਰਕਾਰੀ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਗਲੇ ਕੁਝ ਦਿਨਾਂ ’ਚ ਹੋਰ ਸੂਬਿਆਂ ’ਚ ਬੈਠੇ ਪੰਜਾਬੀਆਂ ਨੂੰ ਵਾਪਸ ਲਿਆਉਣ ਸਬੰਧੀ ਅੰਤਿਮ ਫੈਸਲਾ ਲਿਆ ਜਾਵੇਗਾ। ਫਿਲਹਾਲ ਅਜੇ ਸਰਕਾਰ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਹੋਰ ਸੂਬਿਆਂ ’ਚ ਬੈਠੇ ਲੋਕਾਂ ਨੂੰ ਪੰਜਾਬ ਲਿਆਉਣ ਬਾਰੇ ਕੋਈ ਸਪੱਸ਼ਟ ਦਿਸ਼ਾ-ਨਿਰਦੇਸ਼ ਨਹੀਂ ਆਏ ਹਨ ਪਰ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਮਾਹਰਾਂ ਨਾਲ ਚਰਚਾ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹੋਰ ਸੂਬਿਆਂ ’ਚ ਬੈਠੇ ਪੰਜਾਬੀਆਂ ਨੂੰ ਵਾਪਸ ਲਿਆਉਣ ਸਬੰਧੀ ਸਰਕਾਰ ਇਕ ਤੈਅ ਨੀਤੀ ਬਣਾਉਣਾ ਚਾਹੁੰਦੀ ਹੈ ਤਾਂ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪਹਿਲਾਂ ਹੀ ਸ੍ਰੀ ਹਜ਼ੂਰ ਸਾਹਿਬ ਤੋਂ ਜਦੋਂ ਲੋਕ ਸੂਬੇ ’ਚ ਆਏ ਸਨ ਤਾਂ ਉਨ੍ਹਾਂ ਦੇ ਮਾਮਲੇ ਪਾਜ਼ੇਟਿਵ ਨਿਕਲੇ, ਇਸ ਲਈ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਪੰਜਾਬੀਆਂ ਨੂੰ ਵਾਪਸ ਬੁਲਾਉਣ ਤੋਂ ਪਹਿਲਾਂ ਇਕ ਤੈਅ ਨੀਤੀ ਬਣਾ ਲਈ ਜਾਵੇ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਕਾਰ ’ਚ ਸਹਿਮਤੀ ਬਣ ਗਈ ਹੈ ਕਿ ਹੋਰ ਸੂਬਿਆਂ ’ਚੋਂ ਵਾਪਸ ਆਉਣ ਵਾਲੇ ਪੰਜਾਬੀਆਂ ਦਾ ਪਹਿਲਾਂ ਕੋਰੋਨਾ ਟੈਸਟ ਕੀਤਾ ਜਾਵੇਗਾ ਅਤੇ ਉਸਦੀ ਰਿਪੋਰਟ ਦੇ ਆਧਾਰ ’ਤੇ ਉਨ੍ਹਾਂ ਨੂੰ ਹੋਮ ਕੁਆਰੰਟਾਈਨ ’ਚ ਰੱਖਿਆ ਜਾਵੇਗਾ। ਜੇਕਰ ਕੋਈ ਹੋਮ ਕੁਆਰੰਟਾਈਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਪੰਜਾਬ ਪੁਲਸ ਵਲੋਂ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ, ਕਿਉਂਕਿ ਸਰਕਾਰ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਨਹੀਂ ਦੇਣਾ ਚਾਹੁੰਦੀ ਹੈ। ਇਸ ਸਬੰਧੀ ਸੂਬੇ ’ਚ ਆਉਣ ਵਾਲੇ ਸਾਰੇ ਲੋਕਾਂ ਦੀ ਸਕ੍ਰੀਨਿੰਗ ਹੋਵੇਗੀ ਅਤੇ ਜਿਨ੍ਹਾਂ ਲੋਕਾਂ ’ਚ ਕੋਰੋਨਾ ਦੇ ਕੋਈ ਲੱਛਣ ਨਹੀਂ ਪਾਏ ਜਾਣਗੇ, ਉਨ੍ਹਾਂ ਨੂੰ ਹੋਮ ਕੁਆਰੰਟਾਈਨ ’ਚ ਰੱਖਿਆ ਜਾਵੇਗਾ। ਉਨ੍ਹਾਂ ਕੋਲੋਂ ਲਿਖਤੀ ਤੌਰ ’ਤੇ ਵੀ ਲਿਆ ਜਾਵੇਗਾ ਕਿ ਉਹ ਕਿਸੇ ਰੋਗਗ੍ਰਸਤ ਇਲਾਕੇ ਤੋਂ ਨਹੀਂ ਆ ਰਹੇ ਹਨ ਅਤੇ ਉਹ 14 ਦਿਨਾਂ ਤਕ ਘਰ ’ਚ ਹੀ ਕੁਆਰੰਟਾਈਨ ਰਹਿਣਗੇ ਅਤੇ ਹੋਰ ਲੋਕਾਂ ਕੋਲੋਂ ਦੂਰੀ ਬਣਾ ਕੇ ਰੱਖਣਗੇ । ਜੇਕਰ ਕੋਈ ਇਸ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਕਾਰਵਾਈ ਵੀ ਹੋ ਸਕਦੀ ਹੈ। ਉਲੰਘਣਾ ਕਰਨ ਵਾਲਿਆਂ ਨੂੰ ਕੈਦ ਦੇ ਨਾਲ-ਨਾਲ ਜੁਰਮਾਨਾ ਵੀ ਹੋ ਸਕਦਾ ਹੈ।
ਲੁਧਿਆਣਾ ’ਚ ਕੋਰੋਨਾ ਦੇ 3 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
NEXT STORY