ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬੇਸ਼ੱਕ ਕੋਰੋਨਾ ਦੇ ਪਾਜ਼ੇਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਰਹੇ ਹਨ ਪਰ ਅੱਜ 24 ਹੋਰ ਨਵੇਂ ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਅੱਜ ਕੋਰੋਨਾ ਦਾ ਮਲੇਰਕੋਟਲਾ ਵਿਖੇ ਵੱਡਾ ਬਲਾਸਟ ਹੋਇਆ ਹੈ ਜਿੱਥੇ ਇੱਕੋ ਸਮੇਂ 'ਚ 18 ਨਵੇਂ ਮਾਮਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸੰਗਰੂਰ 'ਚ 1 ਕੇਸ, ਮੂਣਕ ਦੇ 4 ਕੇਸ ਅਤੇ ਧੂਰੀ ਦਾ 1 ਕੇਸ ਸ਼ਾਮਲ ਹੈ। ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੂੰਹ ਅਤੇ ਮਾਸਕ ਪਾਉਣ ਅਤੇ ਸਮਾਜਕ ਦੂਰੀ ਬਣਾਏ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਉਲਟ ਅਜੇ ਵੀ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਲੋਕਾਂ ਵੱਲੋਂ ਨਾ ਤਾਂ ਮੂੰਹ ਉੱਪਰ ਮਾਸਕ ਪਾਉਣ ਦੇ ਹੁਕਮਾਂ ਨੂੰ ਅਪਣਾਇਆ ਜਾ ਰਿਹਾ ਹੈ ਅਤੇ ਨਾ ਹੀ ਸਮਾਜਿਕ ਦੂਰੀ ਬਣਾਉਣ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸੰਗਰੂਰ ਅੰਦਰ ਇੱਕੋ ਸਮੇਂ ਏਨੀ ਵੱਡੀ ਗਿਣਤੀ 'ਚ ਕੋਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ ਭਰ ਦੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ19 ਦੇ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਕੋਵਿਡ-19 ਨੂੰ ਮਾਤ ਦੇ ਘਰਾਂ ਨੂੰ ਪਰਤੇ 18 ਮਰੀਜ਼
ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ ਜਦੋਂ ਮਿਸ਼ਨ ਫਤਿਹ ਅਧੀਨ 18 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਫਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ 'ਚੋਂ 7 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 2 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 5 ਮਰੀਜ਼ ਲੈਵਲ-1 ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਨੇ ਸਿਵਲ ਹਸਪਤਾਲ ਮਾਲੇਰਕੋਟਲਾ ਤੇ 1 ਮਰੀਜ਼ ਨੇ ਬਰਨਾਲਾ ਤੋਂ ਛੁੱਟੀ ਮਿਲਣ ਤੋਂ ਬਾਅਦ ਅਤੇ 2 ਨੇ ਘਰ ਇਕਾਂਤਵਾਸ 'ਚ ਰਹਿ ਕੇ ਕੋਰੋਨਾ ਵਾਇਰਸ ਤੋਂ ਜੰਗ ਜਿੱਤੀ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ 'ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪ੍ਰਵਾਹੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਜਿੱਤਣ ਲਈ ਸਭ ਦਾ ਸਹਿਯੋਗ ਮਹੱਤਵਪੂਰਨ ਹੈ ਕਿਉਂਕਿ ਇਕ ਵਿਅਕਤੀ ਵੱਲੋਂ ਕੀਤੀ ਗਈ ਭੁੱਲ ਵੱਡੀ ਗਿਣਤੀ 'ਚ ਲੋਕਾਂ 'ਤੇ ਭਾਰੂ ਪੈ ਸਕਦੀ ਹੈ।
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10551 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1300, ਲੁਧਿਆਣਾ 'ਚ 1926, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1690, ਸੰਗਰੂਰ 'ਚ 754 ਕੇਸ, ਪਟਿਆਲਾ 'ਚ 1046, ਮੋਹਾਲੀ 'ਚ 551, ਗੁਰਦਾਸਪੁਰ 'ਚ 312 ਕੇਸ, ਪਠਾਨਕੋਟ 'ਚ 291, ਤਰਨਤਾਰਨ 229, ਹੁਸ਼ਿਆਰਪੁਰ 'ਚ 298, ਨਵਾਂਸ਼ਹਿਰ 'ਚ 265, ਮੁਕਤਸਰ 184, ਫਤਿਹਗੜ੍ਹ ਸਾਹਿਬ 'ਚ 217, ਰੋਪੜ 'ਚ 163, ਮੋਗਾ 'ਚ 217, ਫਰੀਦਕੋਟ 212, ਕਪੂਰਥਲਾ 157, ਫਿਰੋਜ਼ਪੁਰ 'ਚ 232, ਫਾਜ਼ਿਲਕਾ 154, ਬਠਿੰਡਾ 'ਚ 194, ਬਰਨਾਲਾ 'ਚ 83, ਮਾਨਸਾ 'ਚ 76 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7214 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3075 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 262 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪਾਵਰਕਾਮ ਰੈਗੂਲੇਟਰੀ ਨੇ ਪਲਟਿਆ ਸਰਕਾਰ ਦਾ ਫੈਸਲਾ, ਇੰਡਸਟਰੀ ਤੋਂ ਵਸੂਲੇ ਜਾਣਗੇ 'ਫਿਕਸ ਚਾਰਜ'
NEXT STORY