ਅਬੋਹਰ(ਸੁਨੀਲ)-ਥਾਣਾ ਨੰਬਰ 1 ਦੀ ਪੁਲਸ ਨੇ ਬੀਤੀ ਸ਼ਾਮ ਨਾਕੇ ਦੌਰਾਨ 2 ਲੋਕਾਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਬ-ਇੰਸ. ਗੁਰਮੀਤ ਸਿੰਘ ਨੇ ਬੀਤੀ ਸ਼ਾਮ ਕਿਲਿਆਂਵਾਲੀ ਬਾਈਪਾਸ ਚੌਕ ਦੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ 'ਤੇ ਆ ਰਹੇ ਦੋ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਆਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਵੀਰ ਸਿੰਘ ਤੇ ਦਵਿੰਦਰ ਸਿੰਘ ਪੁੱਤਰ ਸਵਰਣ ਸਿੰਘ ਵਾਸੀ ਘੱਲੂ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਥਾਨਕ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਸ ਚੌਕੀ ਮੰਡੀ ਰੋੜਾਂਵਾਲੀ ਦੇ ਚੌਕੀ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਸਮੇਂ ਸਹੀਵਾਲਾ ਤੋਂ ਨੁਕੇਰੀਆ ਨੂੰ ਜਾਣ ਵਾਲੀ ਸੜਕ 'ਤੇ ਗੁਰਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਾਹੂਆਣਾ ਨੂੰ 620 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਪਰਚਾ ਦਰਜ ਕੀਤਾ ਹੈ। ਇਸ ਮੌਕੇ ਪਰਮਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਸ ਦੀ ਗਸ਼ਤ ਹੋਰ ਤੇਜ਼ ਕਰ ਦਿੱਤੀ ਗਈ ਹੈ।
21 ਸਾਲਾ ਬਾਅਦ ਹੋਈ ਇਨਸਾਫ ਦੀ ਜਿੱਤ
NEXT STORY