ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਮਮਦੋਟ ਅਤੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਹੈਰੋਇਨ ਦਾ ਨਸ਼ਾ ਕਰਦੇ ਹੋਏ ਅਤੇ ਹੈਰੋਇਨ ਸਮੇਤ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਸਬ ਇੰਸਪੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਮਾਈ ਭੋਲੀ ਚੌਂਕ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਗੁਰਮੀਤ ਪੁੱਤਰ ਜੋਗਿੰਦਰ, ਨਿਰਵੈਰ ਪੁੱਤਰ ਨਸੀਬ ਅਤੇ ਰਣਜੀਤ ਪੁੱਤਰ ਸੁਖਜਿੰਦਰ ਹੈਰੋਇਨ ਦਾ ਨਸ਼ਾ ਕਰਨ ਦੇ ਆਦੀ ਹਨ, ਜੋ ਇਸ ਸਮੇਂ ਹੈਰੋਇਨ ਦਾ ਨਸ਼ਾ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮਿਲੀ ਸੂਚਨਾ ਦੇ ਆਧਾਰ 'ਤੇ ਦੱਸੀ ਗਈ ਜਗ੍ਹਾ 'ਤੇ ਛਾਪੇਮਾਰੀ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਨਾਮਜ਼ਦ ਤਿੰਨੋਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਇੱਕ ਲਾਈਟਰ, ਇੱਕ ਹੈਰੋਇਨ ਲੱਗੀ ਹੋਈ ਸਿਲਵਰ ਦੀ ਪੰਨੀ ਅਤੇ ਇੱਕ ਪਾਈਪਨੁਮਾ 10 ਰੁਪਏ ਦਾ ਨੋਟ ਬਰਾਮਦ ਹੋਇਆ।
ਦੂਜੇ ਪਾਸੇ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੂੰ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਤੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਫੜ੍ਹੇ ਗਏ ਦੋਸ਼ੀ ਨੇ ਪੁੱਛਗਿੱਛ ਕਰਨ 'ਤੇ ਪੁਲਸ ਨੂੰ ਆਪਣਾ ਨਾਮ ਇੰਦਰਜੀਤ ਪੁੱਤਰ ਗੱਬਰ ਦੱਸਿਆ ਹੈ। ਹੈਰੋਇਨ ਸਮੇਤ ਅਤੇ ਹੈਰੋਇਨ ਦਾ ਨਸ਼ਾ ਕਰਦੇ ਹੋਏ ਫੜ੍ਹੇ ਗਏ ਦੋਸ਼ੀਆਂ ਖ਼ਿਲਾਫ਼ ਥਾਣਾ ਮਮਦੋਟ ਅਤੇ ਥਾਣਾ ਮੱਲਾਂਵਾਲਾ ਵਿੱਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
NEXT STORY